Chandigarh News: ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਜਨਮ ਦਿਵਸ ਉਤੇ ਸਰਬ ਧਰਮ ਸਭਾ ਵਿੱਚ ਉਨ੍ਹਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉਤੇ ਨਿਸ਼ਾਨਾ ਸਾਧਿਆ। ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਣ ਦਾ ਐਲਾਨ ਕੀਤਾ। ਰਵਨੀਤ ਬਿੱਟੂ ਆਪਣੇ ਸੁਰੱਖਿਆ ਕਾਫਲੇ ਸਮੇਤ ਸੀਐਮ ਮਾਨ ਦੀ ਰਿਹਾਇਸ਼ ਵੱਲ ਵਧੇ ਜਿਥੇ ਵੀਆਈਪੀ ਰੋਡ ਉਤੇ ਉਨ੍ਹਾਂ ਦੇ ਜਥੇ ਨੂੰ ਚੰਡੀਗੜ੍ਹ ਪੁਲਿਸ ਨੇ ਰੋਕ ਲਿਆ।
ਇਸ ਦੌਰਾਨ ਦੋਵੇਂ ਸੁਰੱਖਿਆ ਫੋਰਸਾਂ ਵਿਚਾਲੇ ਵਿਵਾਦ ਹੋ ਗਿਆ। ਦੋਵੇਂ ਫੋਰਸਾਂ ਦੇ ਜਵਾਨਾਂ ਨੇ ਇੱਕ-ਦੂਜੇ ਨਾਲ ਧੱਕਾਮੁੱਕੀ ਕੀਤੀ। ਕੇਂਦਰੀ ਸੁਰੱਖਿਆ ਟੀਮ ਨੇ ਕਿਹਾ ਕਿ ਉਹ ਗ੍ਰਹਿ ਮੰਤਰਾਲੇ ਨੂੰ ਇਸ ਦੀ ਸ਼ਿਕਾਇਤ ਕਰਨਗੇ। ਉਥੇ ਹੀ ਚੰਡੀਗੜ੍ਹ ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਉੱਚ ਅਧਿਕਾਰਆਂ ਨੇ ਹੁਕਮ ਦਿੱਤੇ ਹਨ ਕਿ ਗੱਡੀਆਂ ਨੂੰ ਰੋਕਿਆ ਜਾਵੇ। ਕੇਂਦਰੀ ਸੁਰੱਖਿਆ ਟੀਮ ਨੇ ਕਿਹਾ ਕਿ ਵੀਵੀਆਈਪੀ ਦੀ ਸੁਰੱਖਿਆ ਕਰਨਾ ਸਾਡਾ ਕੰਮ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਮੇਰੀ ਸੁਰੱਖਿਆ ਨੂੰ ਇਕ ਪਾਸੇ ਰੱਖਿਆ ਗਿਆ ਅਤੇ ਮੇਰੀ ਸੁਰੱਖਿਆ ਨੂੰ ਮੇਰੇ ਨੇੜੇ ਨਹੀਂ ਆਉਣ ਦਿੱਤਾ ਗਿਆ ਸੀ। ਮੇਰੀ ਜਾਨ ਨੂੰ ਖਤਰਾ ਹੋ ਸਕਦਾ ਸੀ ਕਿ ਮੈਨੂੰ ਸੁਰੱਖਿਆ ਦਿੱਤੀ ਗਈ ਹੈ ਪਰ ਇਸ ਨੂੰ ਬਿਲਕੁਲ ਪਾਸੇ ਰੱਖਿਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਅਸੀਂ ਇਸ ਗੱਲ ਦੀ ਸ਼ਿਕਾਇਤ ਵੀ ਕਰਾਂਗੇ।
ਇਸ ਮੁਲਾਕਾਤ ਬਾਰੇ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਆਪਣੇ ਸਾਥੀਆਂ ਖਿਲਾਫ਼ ਦਰਜ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਨੇੜਲਿਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਪਰ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਜਦੋਂ ਉਨ੍ਹਾਂ ਨੂੰ ਅੰਦਰ ਤੋਂ ਗੇਟ 'ਤੇ ਹੀ ਰੋਕਿਆ ਗਿਆ ਤਾਂ ਬਿੱਟੂ ਆਪਣੇ ਨਾਲ ਲਿਆਂਦੀਆਂ ਦੋ ਐਫਆਈਆਰਜ਼ ਦੀਆਂ ਕਾਪੀਆਂ ਤਾਇਨਾਤ ਪੁਲਿਸ ਕਰਮੀਆਂ ਨੂੰ ਦਿਖਾਈਆਂ ਪਰ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਅੰਦਰ ਨਹੀਂ ਹਨ, ਇਸ ਲਈ ਉਨ੍ਹਾਂ ਨੂੁੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ 'ਤੇ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਨਿਵਾਸ 'ਤੇ ਨਹੀਂ ਹਨ ਪਰ ਉਹ ਜਿੱਥੇ ਵੀ ਹੋਣਗੇ, ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਉਸਨੂੰ ਇਸ ਤਰੀਕੇ ਨਾਲ ਉਨ੍ਹਾਂ ਨੂੰ ਮਿਲਣ ਤੋਂ ਨਹੀਂ ਰੋਕਿਆ ਜਾ ਸਕਦਾ। ਸੁਰੱਖਿਆ ਕਰਮਚਾਰੀਆਂ ਨੇ ਬਿੱਟੂ ਨੂੰ ਮੁੱਖ ਮੰਤਰੀ ਨਿਵਾਸ ਦੇ ਅੰਦਰ ਨਹੀਂ ਜਾਣ ਦਿੱਤਾ।