ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਦੇ ਸਾਬਕਾ ਵਿਧਾਇਕ ਨੂੰ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ। ਦਰਅਸਲ ਵਿੱਚ ਹਰਿਆਣਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਧਰਮ ਸਿੰਘ ਛੋਕਰ ਨੂੰ ਦਿੱਲ਼ੀ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਸਾਬਕਾ ਵਿਧਾਇਕ ਅਤੇ ਉਨ੍ਹਾਂ ਦੀ ਕੰਪਨੀ 'ਤੇ ਦੀਨ ਦਿਆਲ ਹਾਊਸਿੰਗ ਯੋਜਨਾ ਤਹਿਤ ਲਗਭਗ 1500 ਕਰੋੜ ਰੁਪਏ ਦੀ ਮਨੀ ਲਾਂਡਰਿੰਗ ਦਾ ਦੋਸ਼ ਹੈ।
ਜਾਣਕਾਰੀ ਅਨੁਸਾਰ, ਛੋਕਰ 'ਤੇ ਵੱਖ-ਵੱਖ ਸ਼ੈੱਲ ਕੰਪਨੀਆਂ ਅਤੇ ਜਾਅਲੀ ਦਸਤਾਵੇਜ਼ਾਂ ਰਾਹੀਂ ਜ਼ਮੀਨ ਅਤੇ ਜਾਇਦਾਦ ਵਿੱਚ ਵੱਡੇ ਪੱਧਰ 'ਤੇ ਨਿਵੇਸ਼ ਕਰਨ ਦਾ ਦੋਸ਼ ਹੈ। ਇਹ ਮਾਮਲਾ ਕਥਿਤ ਤੌਰ 'ਤੇ ਰੀਅਲ ਅਸਟੇਟ ਅਤੇ ਵਿੱਤੀ ਨੈੱਟਵਰਕਾਂ ਰਾਹੀਂ ਮਨੀ ਲਾਂਡਰਿੰਗ ਨਾਲ ਸਬੰਧਤ ਹੈ। ਈਡੀ ਦੀ ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਕੰਪਨੀਆਂ ਦਿੱਲੀ-ਐਨਸੀਆਰ, ਗੁਰੂਗ੍ਰਾਮ ਅਤੇ ਫਰੀਦਾਬਾਦ ਸਮੇਤ ਕਈ ਥਾਵਾਂ ਤੋਂ ਚਲਾਈਆਂ ਜਾ ਰਹੀਆਂ ਸਨ।
ਈਡੀ ਸੂਤਰਾਂ ਅਨੁਸਾਰ ਛੋਕਰ ਤੋਂ ਲੰਬੇ ਸਮੇਂ ਤੱਕ ਪੁੱਛਗਿੱਛ ਕੀਤੀ ਗਈ, ਜਿਸ ਵਿੱਚ ਉਸਨੇ ਕਈ ਸਵਾਲਾਂ ਦੇ ਜਵਾਬ ਦੇਣ ਤੋਂ ਬਚਣ ਦੀ ਕੋਸ਼ਿਸ਼ ਕੀਤੀ। ਸ਼ੁਰੂਆਤੀ ਜਾਂਚ ਵਿੱਚ ਉਸਦੀ ਭੂਮਿਕਾ ਸ਼ੱਕੀ ਪਾਈ ਗਈ, ਜਿਸ ਤੋਂ ਬਾਅਦ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ। ਏਜੰਸੀ ਹੁਣ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰੇਗੀ ਅਤੇ ਉਨ੍ਹਾਂ ਦਾ ਰਿਮਾਂਡ ਮੰਗੇਗੀ ਤਾਂ ਜੋ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।
ਧਰਮ ਸਿੰਘ ਛੋਕਰ ਹਰਿਆਣਾ ਦੀ ਸਿਆਸਤ ਵਿੱਚ ਇੱਕ ਪ੍ਰਭਾਵਸ਼ਾਲੀ ਨਾਂ ਰਿਹਾ ਹੈ। ਉਨ੍ਹਾਂ ਨੇ ਕਾਂਗਰਸ ਦੀ ਟਿਕਟ 'ਤੇ ਸਮਾਲਖਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਅਤੇ ਵਿਧਾਇਕ ਵੀ ਰਹੇ। ਹਾਲ ਹੀ ਦੇ ਸਾਲਾਂ ਵਿੱਚ, ਉਨ੍ਹਾਂ ਵਿਰੁੱਧ ਜ਼ਮੀਨ ਘੁਟਾਲਿਆਂ ਅਤੇ ਵਿੱਤੀ ਬੇਨਿਯਮੀਆਂ ਦੇ ਕਈ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਦੀ ਜਾਂਚ ਪਹਿਲਾਂ ਹੀ ਚੱਲ ਰਹੀ ਹੈ।
ਈਡੀ ਦੀ ਇਹ ਕਾਰਵਾਈ 2024 ਵਿੱਚ ਦਰਜ ਕੀਤੀ ਗਈ ਐਫਆਈਆਰ ਅਤੇ ਪਿਛਲੇ ਕੁਝ ਮਹੀਨਿਆਂ ਵਿੱਚ ਮਿਲੇ ਸਬੂਤਾਂ ਦੇ ਆਧਾਰ 'ਤੇ ਕੀਤੀ ਗਈ ਹੈ। ਇਹ ਮੰਨਿਆ ਜਾ ਰਿਹਾ ਹੈ ਕਿ ਇਹ ਗ੍ਰਿਫ਼ਤਾਰੀ ਮਨੀ ਲਾਂਡਰਿੰਗ ਦੇ ਇੱਕ ਵੱਡੇ ਜਾਲ ਦਾ ਸਿਰਾ ਹੋ ਸਕਦੀ ਹੈ, ਜਿਸ ਵਿੱਚ ਰੀਅਲ ਅਸਟੇਟ ਲਾਬੀ, ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Farmers Protest: 6 ਮਈ ਦੇ ਸ਼ੰਭੂ ਥਾਣੇ ਦੇ ਘਿਰਾਓ ਤੋਂ ਪਹਿਲਾਂ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਕੀਤਾ ਨਜ਼ਰਬੰਦ