Punjab Weather: ਪੰਜਾਬ ਵਿੱਚ ਭਾਰੀ ਮੀਂਹ ਮਗਰੋਂ ਤਾਪਮਾਨ ਵਿੱਚ ਗਿਰਾਵਟ ਨਜ਼ਰ ਆਈ ਹੈ। ਬਾਰਿਸ਼ ਨਾਲ ਜਿਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਉਥੇ ਹੀ ਕਈ ਪਾਣੀ ਭਰਨ ਕਾਰਨ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪਿਆ। ਸੂਬੇ ਵਿਚ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਰਹਿ ਗਿਆ ਹੈ। ਕਈ ਜ਼ਿਲ੍ਹਿਆਂ ਵਿਚ ਤਾਂ ਵੱਧ ਤੋਂ ਵੱਧ ਤਾਪਮਾਨ ਵੀ 30 ਡਿਗਰੀ ਤੋਂ ਹੇਠਾਂ ਆ ਗਿਆ ਹੈ।
ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਕਈ ਜ਼ਿਲ੍ਹਿਆਂ ਵਿਚ ਬਾਰਿਸ਼ ਦਾ ਅਸਰ ਵੇਖਣ ਨੂੰ ਮਿਲਿਆ। ਇਸ ਨਾਲ ਤਾਪਮਾਨ ਵਿਚ 1.5 ਗਿਰਾਵਟ ਦਰਜ ਕੀਤੀ ਗਈ। ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਬਠਿੰਡਾ (35.2 ਡਿਗਰੀ) ਵਿਚ ਦਰਜ ਕੀਤਾ ਗਿਆ। ਉੱਥੇ ਹੀ ਜਲੰਧਰ, ਲੁਧਿਆਣਾ, ਪਠਾਨਕੋਟ, ਚੰਡੀਗੜ੍ਹ, ਹੁਸ਼ਿਆਰਪੁਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ ਆਦਿ ਜ਼ਿਲ੍ਹਿਆਂ ਵਿਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ।
ਅੱਜ 5 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ
ਭਾਰਤੀ ਮੌਸਮ ਵਿਗਿਆਨ ਕੇਂਦਰ ਵੱਲੋਂ ਇਸ ਪੂਰੇ ਹਫ਼ਤੇ ਸੂਬੇ ਵਿਚ ਭਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਤਹਿਤ ਅੱਜ ਵੀ ਸੂਬੇ ਭਰ ਵਿਚ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿਚ ਮੀਂਹ ਦੇ ਨਾਲ-ਨਾਲ ਹਨੇਰੀ ਅਤੇ ਅਸਮਾਨੀ ਬਿਜਲੀ ਡਿੱਗਣ ਸਬੰਧੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਤੇ ਰੂਪਨਗਰ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਇਸੇ ਤਰ੍ਹਾਂ ਆਉਣ ਵਾਲੇ 3-4 ਦਿਨ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।