Amritsar News (ਭਰਤ ਸ਼ਰਮਾ): ਬੀਤੀ ਰਾਤ ਅੰਮ੍ਰਿਤਸਰ ਪੁਲਿਸ ਵੱਲੋਂ ਤਰਨਤਾਰਨ ਰੋਡ ਸਥਿਤ ਇੱਕ ਨਿੱਜੀ ਹੋਟਲ ਵਿੱਚ ਰੇਡ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ ਗਿਆ ਹੈ। ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਹੋਟਲ ਮੈਨੇਜਰ ਸਮੇਤ ਪੰਜ ਲੜਕੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਪੁਲਿਸ ਅਧਿਕਾਰੀ ਬਲਜਿੰਦਰ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਮੁੱਖਬਰ ਰਾਹੀਂ ਜਾਣਕਾਰੀ ਮਿਲੀ ਸੀ ਕਿ ਤਰਨਤਾਰਨ ਰੋਡ ‘ਤੇ ਸਥਿਤ ਇੱਕ ਨਿੱਜੀ ਹੋਟਲ ਵਿੱਚ ਪਿਛਲੇ ਕਾਫੀ ਸਮੇਂ ਤੋਂ ਗੈਰਕਾਨੂੰਨੀ ਤੌਰ ‘ਤੇ ਦੇਹ ਵਪਾਰ ਚਲਾਇਆ ਜਾ ਰਿਹਾ ਹੈ। ਇਨ੍ਹਾਂ ਸੂਚਨਾਵਾਂ ਦੇ ਆਧਾਰ ਤੇ ਪੁਲਿਸ ਨੇ ਹੋਟਲ ‘ਤੇ ਛਾਪਾ ਮਾਰਿਆ ਤੇ ਮੌਕੇ ‘ਤੇ ਪੰਜ ਲੜਕੀਆਂ ਤੇ ਇੱਕ ਹੋਟਲ ਮੈਨੇਜਰ ਨੂੰ ਕਾਬੂ ਕੀਤਾ।
ਛਾਪੇ ਦੌਰਾਨ ਪੁਲਿਸ ਨੂੰ ਹੋਰ ਵੀ ਕਈ ਅਹਿਮ ਸਬੂਤ ਮਿਲੇ ਹਨ, ਜਿਨ੍ਹਾਂ ਦੇ ਆਧਾਰ ਤੇ ਹੋਰ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੀਆਂ ਲੜਕੀਆਂ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਸ ਤਰੀਕੇ ਨਾਲ ਇਸ ਗਤੀਵਿਧੀ ਵਿੱਚ ਸ਼ਾਮਿਲ ਹੋਈਆਂ। ਬਲਜਿੰਦਰ ਸਿੰਘ ਨੇ ਸਖਤ ਲਹਿਜੇ ਵਿੱਚ ਕਿਹਾ ਕਿ 'ਗੁਰੂ ਦੀ ਨਗਰੀ' ਅੰਮ੍ਰਿਤਸਰ ਵਿੱਚ ਗਲਤ ਕੰਮਾਂ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਜਿਹੀਆਂ ਗੈਰਕਾਨੂੰਨੀ ਸਰਗਰਮੀਆਂ ਦੀ ਜਦੋ ਵੀ ਸੂਚਨਾ ਮਿਲੇਗੀ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮਾਮਲੇ ‘ਚ ਪੁਲਿਸ ਵੱਲੋਂ ਹੋਰ ਪੱਧਰ ਦੀ ਜਾਂਚ ਜਾਰੀ ਹੈ ਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਹੋਰ ਲੋਕ ਵੀ ਇਸ ਦੇਹ ਵਪਾਰ ਦੇ ਜਾਲ ਨਾਲ ਜੁੜੇ ਹੋ ਸਕਦੇ ਹਨ। ਪੁਲਿਸ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇ ਕਿਸੇ ਨੂੰ ਇਸ ਤਰ੍ਹਾਂ ਦੀ ਗਤੀਵਿਧੀ ਬਾਰੇ ਜਾਣਕਾਰੀ ਮਿਲੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰੇ।