Bathinda News (ਕੁਲਬੀਰ ਬੀਰਾ): ਕੋਈ ਸਮਾਂ ਸੀ ਜਦੋਂ ਦੋਸਤ ਇੱਕ ਦੂਜੇ ਲਈ ਜਾਣ ਦੇਣ ਤੱਕ ਜਾਂਦੇ ਸਨ, ਪਰ ਅੱਜ ਹਾਲਾਤ ਇਹ ਹੋ ਗਏ ਹਨ ਕਿ ਜਿਗਰੀ ਯਾਰਾਂ ਨੇ ਆਪਣੇ ਹੀ ਦੋਸਤ ਨੂੰ ਨਸ਼ੇ ਦੀ ਹਾਲਾਤ ਵਿੱਚ ਬੁਰੀ ਤਰ੍ਹਾਂ ਵੱਢ ਦਿੱਤਾ। ਬਠਿੰਡਾ ਦੇ ਪੋਸ਼ ਇਲਾਕੇ ਮਾਡਲ ਟਾਊਨ ਫੇਸ 3 ਵਿਖੇ ਬੀਤੀ ਦੇਰ ਰਾਤ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਜਖਮੀ ਕਰ ਦਿੱਤਾ ਗਿਆ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਮ੍ਰਿਤਕ ਅਮਰੋਜ ਸਿੰਘ ਵਾਸੀ ਲਾਲ ਬਾਈ ਦੇ ਚਾਚਾ ਜਸਕਰਨ ਸਿੰਘ ਨੇ ਦੱਸਿਆ ਕਿ ਉਹਨਾਂ ਦਾ ਭਤੀਜਾ ਬਠਿੰਡਾ ਘੁੰਮਣ ਆਇਆ ਸੀ ਅਤੇ ਇਸ ਦੌਰਾਨ ਉਹ ਆਪਣੇ ਦੋਸਤਾਂ ਕੋਲ ਚਲਾ ਗਿਆ ਜਿੱਥੇ ਕਿਸੇ ਗੱਲੋਂ ਉਹਨਾਂ ਦੀ ਕਹਾ ਸੁਣੀ ਹੋਣ ਤੋਂ ਬਾਅਦ ਉਸ ਦੇ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਅਮਰੋਜ ਦਾ ਕਤਲ ਕਰ ਦਿੱਤਾ ਗਿਆ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕਰਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਸਰੇ ਪਾਸੇ ਲਾਲ ਬਾਈ ਦੇ ਸਰਪੰਚ ਪਿਆਰਾ ਸਿੰਘ ਦਾ ਕਹਿਣਾ ਹੈ ਕਿ ਇਹ ਬਹੁਤ ਮੰਦਭਾਗੀ ਘਟਨਾ ਵਾਪਰੀ ਹੈ। ਛੋਟੀ ਜਿਹੀ ਤਕਰਾਰ ਪਿੱਛੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਉਹਨਾਂ ਕਿਹਾ ਫਿਲਹਾਲ ਪੁਲਿਸ ਵੱਲੋਂ ਅਮਰੋਜ਼ ਦੇ ਦੋਸਤਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹਨਾਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ।
ਮਾਮਲੇ ਬਾਰੇ ਡੀਐਸਪੀ ਸਿਟੀ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਬੀਤੀ ਦੇਰ ਰਾਤ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਮਾਡਲ ਟਾਊਨ ਫੇਸ 3 ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਹੈ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕੀਤਾ ਜਾ ਰਿਹਾ ਹੈ ਕੁੱਟਮਾਰ ਦਾ ਸ਼ਿਕਾਰ ਹੋਏ ਨੌਜਵਾਨ ਦੀ ਏਮਜ ਵਿੱਚ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਉਹਨਾਂ ਦੱਸਿਆ ਕਿ ਇਹ ਨੌਜਵਾਨ ਆਪਸ ਵਿੱਚ ਦੋਸਤ ਸਨ ਅਤੇ ਇਹਨਾਂ ਵੱਲੋਂ ਮਨਾਲੀ ਘੁੰਮਣ ਦਾ ਪ੍ਰੋਗਰਾਮ ਬਣਾਇਆ ਗਿਆ ਸੀ ਪਰ ਗੱਡੀ ਖਰਾਬ ਹੋਣ ਕਾਰਨ ਇਹਨਾਂ ਵੱਲੋਂ ਬਠਿੰਡਾ ਵਿੱਚ ਹੀ ਰਹਿ ਕੇ ਪਾਰਟੀ ਕੀਤੀ ਜਾ ਰਹੀ ਸੀ, ਸ਼ਰਾਬ ਪੀਣ ਉਪਰੰਤ ਕਿਸੇ ਗੱਲ ਤੋਂ ਤਕਰਾਰ ਹੋਣ ਤੋਂ ਬਾਅਦ ਕਰੀਬ ਅੱਧੀ ਦਰਜਨ ਨੌਜਵਾਨਾਂ ਵੱਲੋਂ ਅਮਰੋਜ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।