Gurdaspur News (ਅਵਤਾਰ ਸਿੰਘ): ਗੁਰਦਸਪੁਰ ਜ਼ਿਲ੍ਹਾ ਪੁਲਿਸ ਨੇ ਹਾਲ ਹੀ ਵਿੱਚ ਪੰਜਾਬ ਵਾਚ ਹਾਊਸ 'ਤੇ ਗੋਲੀਬਾਰੀ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹਾਲਾਂਕਿ, ਉਸਨੇ ਚੈੱਕਪੋਸਟ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪਿੱਛਾ ਕਰਨ 'ਤੇ ਪੁਲਿਸ ਪਾਰਟੀ 'ਤੇ ਗੋਲੀਬਾਰੀ ਕਰ ਦਿੱਤੀ, ਪਰ ਜਵਾਬੀ ਕਾਰਵਾਈ ਦੌਰਾਨ ਉਸਨੂੰ ਗੋਲੀ ਲੱਗ ਗਈ। ਉਸਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਐੱਸ.ਐੱਸ.ਪੀ. ਅਦਿਤਿਆ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅੱਜ ਕੁਝ ਸ਼ਰਾਰਤੀ ਅਨਸਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਵਿਚ ਹਨ। ਇਸ ਦੌਰਾਨ ਪੁਲਸ ਵੱਲੋਂ ਵੱਖ-ਵੱਖ ਸੰਭਾਵਿਤ ਥਾਵਾਂ 'ਤੇ ਬਾਕਾਇਦਾ ਨਜ਼ਰ ਰੱਖੀ ਹੋਈ ਸੀ ਅਤੇ ਚੈਕਿੰਗ ਵੀ ਕੀਤੀ ਜਾ ਰਹੀ ਸੀ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਬਬਰੀ ਬਾਈਪਾਸ ਚੌਂਕ ਤੋਂ ਕੁਝ ਦੂਰੀ 'ਤੇ ਇਕ ਵਿਅਕਤੀ ਮੋਟਰਸਾਈਕਲ 'ਤੇ ਆਇਆ ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਪੁਲਿਸ ਨੇ ਇਸ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਿਸ ਉੱਪਰ ਗੋਲ਼ੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਪੁਲਿਸ ਨੇ ਜਦੋਂ ਗੋਲੀ ਚਲਾਈ ਤਾਂ ਉਕਤ ਦੋਸ਼ੀ ਦੀ ਲੱਤ ਵਿਚ ਗੋਲ਼ੀ ਲੱਗੀ, ਜਿਸ ਦੇ ਬਾਅਦ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਦੋਸ਼ੀ ਦੀ ਪਛਾਣ ਰਾਹੁਲ ਵਜੋਂ ਹੋਈ ਹੈ ਜੋ ਗੁਰਦਾਸਪੁਰ ਦਾ ਹੀ ਵਸਨੀਕ ਹੈ ਅਤੇ ਮੁੱਢਲੀ ਜਾਂਚ ਦੌਰਾਨ ਇਹ ਖ਼ੁਲਾਸਾ ਹੋਇਆ ਹੈ ਕਿ ਉਕਤ ਦੋਸ਼ੀ ਨੇ ਹੀ ਗੁਰਦਾਸਪੁਰ ਦੇ ਬਾਟਾ ਚੌਂਕ ਸਥਿਤ ਪੰਜਾਬ ਵਾਚ ਹਾਊਸ ਸ਼ੋਰੂਮ ਤੇ ਗੋਲੀਆ ਚਲਾਈਆਂ ਸਨ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਹੋਰ ਖੁਲਾਸੇ ਸੰਭਵ ਹੋਣਗੇ। ਮੁਲਜ਼ਮ ਤੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ।