Mansa News: ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਤਹਿਤ ਮਾਨਸਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਵੱਲੋਂ 505 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਮਾਨਸਾ ਤੋਂ ਸਾਬਕਾ ਟਰੱਕ ਯੂਨੀਅਨ ਦੇ ਪ੍ਰਧਾਨ ਦਾ ਬੇਟਾ ਵੀ ਸ਼ਾਮਿਲ ਹੈ ਜਿਨ੍ਹਾਂ ਖਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।
ਮਾਨਸਾ ਦੇ ਐਸਐਸਪੀ ਭਗੀਰਥ ਸਿੰਘ ਮੀਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਾਰਕੋਟੈਕ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਦੇ ਆਧਾਰ ਉਤੇ ਪੁਲਿਸ ਵੱਲੋਂ ਮਾਨਸਾ ਸ਼ਹਿਰ ਦੇ ਰਹਿਣ ਵਾਲੇ ਇੱਕ ਵਿਅਕਤੀ ਕੁਲਵਿੰਦਰਜੀਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਸ ਕੋਲੋਂ 505 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਉਸ ਦੇ ਨਾਲ ਦੋ ਹੋਰ ਵੀ ਉਸਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਜਸ਼ਨਦੀਪ ਸਿੰਘ ਅਤੇ ਜਗਦੀਪ ਸਿੰਘ ਵਾਸੀ ਮਾਨਸਾ ਵੀ ਸ਼ਾਮਿਲ ਹਨ।
ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਤੋਂ ਇੱਕ ਲੱਖ 40 ਹਜ਼ਾਰ ਦੀ ਡਰੱਗ ਮਨੀ ਵੀ ਫੜੀ ਗਈ ਹੈ। ਐਸਐਸਪੀ ਨੇ ਦੱਸਿਆ ਕਿ ਕੁਲਵਿੰਦਰਜੀਤ ਸਿੰਘ ਤੇ ਪਹਿਲਾਂ ਵੀ ਪੰਜ ਮਾਮਲੇ ਦਰਜ ਹਨ ਜਦੋਂ ਕਿ ਜਸ਼ਨਪਰੀਤ ਸਿੰਘ ਵਾਸੀ ਕਰਮਗੜ੍ਹ ਔਤਾਂਵਾਲੀ ਉਤੇ ਦੋ ਮਾਮਲੇ ਦਰਜ ਹਨ।
ਉਨ੍ਹਾਂ ਨੇ ਕਿਹਾ ਕਿ ਪੁਲਿਸ ਵੱਲੋਂ ਇਨ੍ਹਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਿਸ ਜਗ੍ਹਾ ਤੋਂ ਇਨ੍ਹਾਂ ਵੱਲੋਂ ਹੈਰੋਇਨ ਲਿਆਂਦੀ ਗਈ ਸੀ ਕਿਸ ਜਗ੍ਹਾ ਸਪਲਾਈ ਕਰਨੀ ਸੀ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
ਤਿੰਨ ਭਗੌੜੇ ਹੈਰੋਇਨ ਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ। ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਉਰਫ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਤੋਂ 174 ਗ੍ਰਾਮ ਹੈਰੋਇਨ, 2 ਪਿਸਤੌਲ (.32 ਬੋਰ) ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਜਾਣਕਾਰੀ ਦਿੱਤੀ ਹੈ। ਵਿਰੋਧੀ ਗਿਰੋਹ 'ਤੇ ਹਮਲਾ ਕਰਨ ਦੀ ਤਿਆਰੀ ਸੀ ਪੁਲਿਸ ਅਨੁਸਾਰ ਦੋਸ਼ੀਆਂ ਵਿਰੁੱਧ ਬੀਐਨਐਸ ਅਤੇ ਆਰਮਜ਼ ਐਕਟ ਤਹਿਤ ਗੰਭੀਰ ਮਾਮਲੇ ਦਰਜ ਹਨ। ਦੋਸ਼ੀ ਗੌਰਵ ਉਰਫ ਬਿੱਲਾ ਥਾਣਾ ਸਿਟੀ ਮਲੋਟ ਵਿਖੇ ਦਰਜ ਇੱਕ ਮਾਮਲੇ ਵਿੱਚ ਭਗੌੜਾ ਸੀ, ਜਦੋਂ ਕਿ ਬਾਕੀ ਦੋ ਪੁਲਿਸ ਸਟੇਸ਼ਨ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਖੇ ਦਰਜ ਇੱਕ ਮਾਮਲੇ ਵਿੱਚ ਲੋੜੀਂਦੇ ਸਨ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਤਿੰਨੋਂ ਇੱਕ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ।