Mansa News(ਕੁਲਦੀਪ ਧਾਲੀਵਾਲ): ਮਾਨਸਾ ਕੈਂਚੀਆਂ ਤੇ ਬੀਤੇ ਕੱਲ੍ਹ ਕੁੱਤਿਆਂ ਦੀ ਦੌੜ ਨੂੰ ਲੈ ਕੇ ਦੋ ਗਰੁੱਪਾਂ ਵਿੱਚ ਹੋਏ ਝਗੜੇ ਦੌਰਾਨ ਫਿਰੋਜ਼ਪੁਰ ਵਾਸੀ ਇੱਕ ਨੌਜਵਾਨ ਦੀ ਸੱਟਾਂ ਲੱਗਣ ਕਾਰਨ ਮੌਤ ਹੋ ਗਈ ਸੀ। ਹੁਣ ਮਾਨਸਾ ਪੁਲਿਸ ਨੇ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਮਾਮਲੇ ਵਿੱਚ ਜੈਪਾਲ ਸਿੰਘ ਅਤੇ ਚਮਨਾ ਸਿੱਧੂ ਸਮੇਤ 15 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਦੋਸੀਆਂ ਦੀ ਗ੍ਰਿਫਤਾਰੀ ਦੇ ਲਈ ਭਾਲ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸਤਨਾਮ ਸਿੰਘ ਅਤੇ ਇਕ ਹੋਰ ਗਰੁੱਪ ਵਿਚਕਾਰ ਕੁੱਝ ਸਮਾਂ ਪਹਿਲਾਂ ਕੁੱਤਿਆਂ ਦੀਆਂ ਦੌੜਾਂ ਦੇ ਮੁਕਾਬਲੇ ਹੋਏ ਸਨ, ਜਿਸ ਵਿਚ ਸਤਨਾਮ ਸਿੰਘ ਦਾ ਕੁੱਤਾ ਅੱਵਲ ਆਇਆ ਸੀ ਅਤੇ ਇਸ ਨੂੰ ਲੈ ਕੇ ਦੋਵੇਂ ਧਿਰਾਂ ਵਿਚ ਉਸ ਸਮੇਂ ਝਗੜਾ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਧਿਰਾਂ ਨੇ ਇੱਥੇ ਆਪਸ ਵਿਚ ਮਿਲਣ ਦਾ ਸਮਾਂ ਤੈਅ ਕੀਤਾ ਸੀ। ਸ਼ਾਮ ਵੇਲੇ ਮਿਲਣੀ ਦੌਰਾਨ ਕੁੱਝ ਵਿਅਕਤੀਆਂ ਨੇ ਸਤਨਾਮ ਸਿੰਘ ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਸੱਟਾਂ ਮਾਰੀਆਂ, ਇਸ ਦੌਰਾਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਪੁਲਿਸ ਵੱਲੋਂ ਹੁਣ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਡੀਐਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਦੀ ਕੁੱਤਿਆਂ ਦੀਆਂ ਰੇਸਾਂ ਨੂੰ ਲੈ ਕੇ ਤਕਰਾਰ ਹੋਈ ਸੀ, ਜਿਸ ਤੋਂ ਬਾਅਦ ਮਾਨਸਾ ਦੇ ਠੂਠਿਆਂਵਾਲੀ ਚੌਂਕ ਵਿੱਚ ਲੜਾਈ ਹੋਈ ਤੇ ਸੱਟਾਂ ਲੱਗਣ ਕਾਰਨ ਮ੍ਰਿਤਕ ਨੌਜਵਾਨ ਸਤਿਨਾਮ ਸਿੰਘ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਗੁਰਮੀਤ ਸਿੰਘ ਦੇ ਬਿਆਨਾਂ ਤੇ ਜੈਪਾਲ ਸਿੰਘ ਅਤੇ ਚਮਨਾ ਸਿੱਧੂ ਸਮੇਤ 15 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਪੁਲਿਸ ਵੱਲੋਂ ਟੀਮਾਂ ਬਣਾ ਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਨ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।