Harjinder Singh Dhami News: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਧਾਮੀ ਨੇ ਇਹ ਫ਼ੈਸਲਾ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨਾਲ ਮੀਟਿੰਗ ਤੋਂ ਬਾਅਦ ਲਿਆ ਹੈ।
ਧਾਮੀ ਨੇ ਇਹ ਵੀ ਆਖਿਆ ਹੈ ਕਿ ਉਹ ਇਕ-ਦੋ ਦਿਨਾਂ ਵਿਚ ਮੁੜ ਆਪਣਾ ਅਹੁਦਾ ਸੰਭਾਲ ਲੈਣਗੇ। ਲਗਭਗ ਇਕ ਘੰਟਾ ਚੱਲੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਧਾਮੀ ਨੇ ਕਿਹਾ ਕਿ ਬੜੇ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ, ਸਿੰਘ ਸਾਹਿਬਾਨ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਵਾਰ-ਵਾਰ ਮੈਨੂੰ ਅਸਤੀਫ਼ਾ ਵਾਪਸ ਲੈਣ ਲਈ ਅਪੀਲ ਕੀਤੀ ਜਾ ਰਹੀ ਸੀ।
ਕੱਲ੍ਹ ਵੀ ਐੱਸ. ਜੀ. ਪੀ. ਸੀ. ਦੀ ਐਗਜ਼ੀਕਿਊਟਿਵ ਕਮੇਟੀ ਦੇ ਮਤੇ ਅਨੁਸਾਰ ਅਸਤੀਫਾ ਵਾਪਸ ਕਰਵਾਇਆ ਗਿਆ। ਅੱਜ ਅਕਾਲੀ ਦਲ ਦੀ ਲੀਡਰਸ਼ਿਪ ਬਲਵਿੰਦਰ ਸਿੰਘ ਭੂੰਦੜ, ਸੁਖਬੀਰ ਸਿੰਘ ਬਾਦਲ, ਜਨਮੇਜਾ ਸਿੰਘ ਸੇਖੋਂ ਤੋਂ ਇਲਾਵਾ ਹੋਰ ਆਗੂ ਮੇਰੇ ਘਰ ਪਹੁੰਚੇ ਅਤੇ ਮੈਨੂੰ ਅਸਤੀਫਾ ਵਾਪਸ ਲੈਣ ਦੀ ਅਪੀਲ ਕੀਤੀ। ਧਾਮੀ ਨੇ ਕਿਹਾ ਕਿ ਉਹ ਇਕ ਦੋ-ਦਿਨ ਵਿਚ ਮੁੜ ਸੇਵਾ ਸੰਭਾਲਣਗੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਤਿੰਨ ਦਿਨਾਂ ਬਾਅਦ ਹੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਹੁਦਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਜੂਦ ਸਨ।