Lok Sabha News: ਲੋਕ ਸਭਾ ਦੇ ਸਰਦ ਰੁੱਤ ਸੈਸ਼ਨ ਦੇ 9ਵੇਂ ਦਿਨ ਵੀਰਵਾਰ ਨੂੰ ਜਿਵੇਂ ਹੀ ਕਾਰਵਾਈ ਸ਼ੁਰੂ ਹੋਈ। ਵਿਰੋਧੀ ਧਿਰ ਦੇ ਮੈਂਬਰਾਂ ਨੇ ਸੰਸਦ ਦੀ ਸੁਰੱਖਿਆ ਵਿੱਚ ਕਮੀਆਂ ਨੂੰ ਲੈ ਕੇ ਹੰਗਾਮਾ ਸ਼ੁਰੂ ਕਰ ਦਿੱਤਾ ਕੀਤਾ। ਵਿਰੋਧੀ ਧਿਰ ਦੇ ਆਗੂਆਂ ਨੇ ਲੋਕ ਸਭਾ ਅਤੇ ਰਾਜ ਸਭਾ ਦੇ ਦੋਵਾਂ ਸਦਨਾਂ ਵਿੱਚ ਜੰਮਕੇ ਨਾਅਰੇਬਾਜ਼ੀ ਕੀਤੀ। ਜਿਸ ਦੇ ਚਲਦੇ ਸਦਨ ਨੂੰ ਦਿਨ ਵਿਚ ਕਈ ਵਾਰ ਮੁਲਤਵੀ ਕਰਨਾ ਪਿਆ। ਇਸ ਤੋਂ ਬਾਅਦ ਲੋਕ ਸਭਾ ਦੇ ਪੰਜ ਕਾਂਗਰਸੀ ਸੰਸਦ ਮੈਂਬਰਾਂ ਟੀਐਨ ਪ੍ਰਥਾਪਨ, ਹਿਬੀ ਈਡਨ, ਜੋਤਿਮਾਨੀ, ਰਾਮਿਆ ਹਰੀਦਾਸ ਅਤੇ ਡੀਨ ਕੁਰਿਆਕੋਸ ਨੂੰ ਬਾਕੀ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ।
ਦੂਜੇ ਪਾਸੇ ਰਾਜ ਸਭਾ ਦੀ ਕਾਰਵਾਈ ਦੌਰਾਨ ਟੀਐਮਸੀ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੂੰ ਵੀ ਸਰਦ ਰੁੱਤ ਇਜਲਾਸ ਦੇ ਬਾਕੀ ਰਹਿੰਦੀ ਮਿਆਦ ਲਈ ਮੁਅੱਤਲ ਕਰ ਦਿੱਤਾ ਗਿਆ। ਦੱਸਦਈਏ ਕਿ ਡੇਰੇਕ ਨਾਅਰੇਬਾਜ਼ੀ ਕਰਦੇ ਹੋਏ ਵੈਲ ਵਿੱਚ ਆ ਗਏ ਸਨ, ਜਿਸ ਕਾਰਨ ਸਪੀਕਰ ਜਗਦੀਪ ਧਨਖੜ ਗੁੱਸੇ ਵਿੱਚ ਆ ਗਏ। ਉਨ੍ਹਾਂ ਡੇਰੇਕ ਨੂੰ ਸਦਨ ਛੱਡਣ ਲਈ ਕਿਹਾ ਅਤੇ ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰ ਦਿੱਤੀ। ਪਰ ਜਦੋਂ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਮੁਅੱਤਲ ਮੈਂਬਰ ਡੇਰੇਕ ਮੁੜ ਸਦਨ ਵਿੱਚ ਆ ਗਏ ਜਿਸ ਤੋਂ ਬਾਅਦ ਰਾਜ ਸਭਾ ਦੀ ਕਾਰਵਾਈ ਸ਼ੁੱਕਰਵਾਰ ਸ਼ਾਮ 4 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ।
ਜਾਣਕਾਰੀ ਮੁਤਾਬਿਕ ਜਿਵੇਂ ਹੀ ਸਪੀਕਰ ਓਮ ਬਿਰਲਾ ਲੋਕ ਸਭਾ ਪਹੁੰਚੇ ਤਾਂ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸੰਸਦ ਦੀ ਸੁਰੱਖਿਆ ਨੂੰ ਲੈ ਕੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫ਼ੇ ਦੀ ਮੰਗ ਕੀਤੀ। ਓਮ ਬਿਰਲਾ ਨੇ ਸਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੱਲ੍ਹ ਵਾਪਰੀ ਘਟਨਾ ਨੂੰ ਲੈ ਕੇ ਹਰ ਕੋਈ ਚਿੰਤਤ ਹੈ, ਇਹ ਘਟਨਾ ਮੰਦਭਾਗੀ ਸੀ ਅਤੇ ਇਸ 'ਤੇ ਚਰਚਾ ਕੀਤੀ ਜਾਵੇਗੀ। ਉਨ੍ਹਾਂ ਸਾਰਿਆਂ ਨੂੰ ਭਰੋਸਾ ਦਿਵਾਇਆ ਕਿ ਲੋਕ ਸਭਾ ਦੇ ਸਪੀਕਰ ਹੋਣ ਦੇ ਨਾਤੇ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਹਰ ਕਿਸੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਪਰ ਫਿਰ ਵੀ ਵਿਰੋਧੀ ਆਗੂਆਂ ਵੱਲੋਂ ਸੰਦਨ ਵਿੱਚ ਨਾਅਰੇਬਾਜ਼ੀ ਕੀਤੀ ਗਈ।
ਇਹ ਵੀ ਪੜ੍ਹੋ: Shiromani Akali Dal News: ਬੇਅਦਬੀ ਮਾਮਲੇ ਨੂੰ ਲੈ ਕੇ ਸੁਖਬੀਰ ਬਾਦਲ ਨੇ ਸਿੱਖ ਕੌਮ ਤੋਂ ਮੰਗੀ ਮੁਆਫੀ