Home >>Punjab

Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪਟੀਸ਼ਨ 'ਤੇ 4 ਨਵੰਬਰ ਨੂੰ ਸੁਣਵਾਈ

Rajoana News: ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ।

Advertisement
Rajoana News: ​ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ 'ਚ ਬਦਲਣ ਦੀ ਪਟੀਸ਼ਨ 'ਤੇ 4 ਨਵੰਬਰ ਨੂੰ ਸੁਣਵਾਈ
Manpreet Singh|Updated: Nov 02, 2024, 05:46 PM IST
Share

Rajoana News: ਸੁਪਰੀਮ ਕੋਰਟ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਉਸ ਪਟੀਸ਼ਨ 'ਤੇ ਸੁਣਵਾਈ 4 ਨਵੰਬਰ ਨੂੰ ਕਰੇਗਾ, ਜਿਸ ਵਿਚ ਉਸ ਨੇ ਆਪਣੀ ਰਹਿਮ ਪਟੀਸ਼ਨ 'ਤੇ ਫ਼ੈਸਲਾ ਲੈਣ 'ਚ 'ਬੇਹੱਦ ਦੇਰੀ' ਦਾ ਹਵਾਲਾ ਦਿੰਦੇ ਹੋਏ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਪੁਲਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਦੀ ਪਟੀਸ਼ਨ ਜਸਟਿਸ ਬੀਆਰ ਗਵਈ, ਜਸਟਿਸ ਪੀਕੇ ਮਿਸ਼ਰਾ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ ਅੱਗੇ ਸੂਚੀਬੱਧ ਹੈ।

ਸੁਪਰੀਮ ਕੋਰਟ ਨੇ 25 ਸਤੰਬਰ ਨੂੰ ਰਾਜੋਆਣਾ ਦੀ ਪਟੀਸ਼ਨ 'ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। ਪਟੀਸ਼ਨ ਵਿੱਚ ਰਾਜੋਆਣਾ ਨੇ "ਉਸ ਦੀ ਮੌਤ ਦੀ ਸਜ਼ਾ 'ਤੇ ਅਮਲ ਕਰਨ" ਅਤੇ ਉਸ ਦੀ "ਆਪਣੀ ਤਰਫੋਂ ਦਾਇਰ ਰਹਿਮ ਦੀ ਪਟੀਸ਼ਨ 'ਤੇ ਫ਼ੈਸਲਾ ਲੈਣ" ਵਿਚ ਬੇਹੱਦ ਦੇਰੀ ਦਾ ਹਵਾਲਾ ਦਿੱਤਾ ਅਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਉਸਦੀ ਸਜ਼ਾ ਨੂੰ ਘਟਾਉਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਹੈ।

ਦੱਸ ਦੇਈਏ ਕਿ ਬੇਅੰਤ ਸਿੰਘ ਅਤੇ 16 ਹੋਰ ਲੋਕ 31 ਅਗਸਤ, 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਪ੍ਰਵੇਸ਼ ਦੁਆਰ 'ਤੇ ਇੱਕ ਧਮਾਕੇ ਵਿੱਚ ਮਾਰੇ ਗਏ ਸਨ। ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਰਾਜੋਆਣਾ ਨੂੰ ਬੇਅੰਤ ਸਿੰਘ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਸੁਣਾਈ ਸੀ। ਰਾਜੋਆਣਾ ਨੇ ਕਿਹਾ ਕਿ ਮਾਰਚ 2012 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਸੰਵਿਧਾਨ ਦੀ ਧਾਰਾ 72 ਤਹਿਤ ਉਨ੍ਹਾਂ ਦੀ ਤਰਫ਼ੋਂ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਪਿਛਲੇ ਸਾਲ 3 ਮਈ ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਧਿਕਾਰੀ ਉਸ ਦੀ ਰਹਿਮ ਦੀ ਅਪੀਲ 'ਤੇ ਵਿਚਾਰ ਕਰ ਸਕਦੇ ਹਨ।

ਸੁਪਰੀਮ ਕੋਰਟ 'ਚ ਦਾਇਰ ਤਾਜ਼ਾ ਅਰਜ਼ੀ 'ਚ ਰਾਜੋਆਣਾ ਨੇ ਕਿਹਾ ਹੈ ਕਿ ਉਸ ਨੇ ਲਗਭਗ 28 ਸਾਲ 8 ਮਹੀਨੇ ਦੀ ਸਜ਼ਾ ਕੱਟੀ ਹੈ, ਜਿਸ 'ਚੋਂ ਉਹ 17 ਸਾਲ ਮੌਤ ਦੀ ਸਜ਼ਾ ਦੇ ਦੋਸ਼ੀ ਵਜੋਂ ਭੁਗਤ ਚੁੱਕਾ ਹੈ। ਰਾਜੋਆਣਾ ਨੇ ਕਿਹਾ ਹੈ ਕਿ ਸਿਖਰਲੀ ਅਦਾਲਤ ਨੇ ਇੱਕ ਸਾਲ ਤੋਂ ਵੱਧ ਸਮਾਂ ਪਹਿਲਾਂ ਉਸ ਦੀ ਰਹਿਮ ਦੀ ਅਪੀਲ 'ਤੇ ਫ਼ੈਸਲਾ ਕਰਨ ਲਈ ਸਮਰੱਥ ਅਧਿਕਾਰੀ ਨੂੰ ਨਿਰਦੇਸ਼ ਦਿੱਤੇ ਸਨ। ਪਟੀਸ਼ਨ ਵਿੱਚ ਇੱਕ ਵੱਖਰੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਅਪ੍ਰੈਲ 2023 ਦੇ ਆਦੇਸ਼ ਦਾ ਹਵਾਲਾ ਦਿੱਤਾ ਗਿਆ ਸੀ, ਜਿਸ ਵਿੱਚ ਉਸਨੇ ਸਾਰੇ ਰਾਜਾਂ ਅਤੇ ਉਚਿਤ ਅਥਾਰਟੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਲੰਬਿਤ ਰਹਿਮ ਦੀਆਂ ਪਟੀਸ਼ਨਾਂ ਦਾ ਫ਼ੈਸਲਾ ਕਰਨ ਦੇ ਨਿਰਦੇਸ਼ ਦਿੱਤੇ ਸਨ।

Read More
{}{}