Kotkapura News (ਕੇਸੀ ਸੰਜੇ): ਕੋਟਕਪੂਰਾ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਦੀ ਟੀਮ ਵੱਲੋਂ ਜ਼ਿਮਨੀ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਦੀ ਖੁਸ਼ੀ ਮਨਾਈ ਗਈ। ਇੱਥੋਂ ਦੇ ਮੁੱਖ ਚੌਕ ਵਿੱਚ ਲੱਡੂ ਵੰਡ ਕੇ ਆਪ ਵਰਕਰਾਂ ਵੱਲੋਂ ਇੱਕ ਦੂਜੇ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਵਿਧਾਨ ਸਭਾ ਸਪੀਕਰ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਵਿਧਾਨ ਸਭਾ ਸਪੀਕਰ ਦੇ ਛੋਟੇ ਭਰਾ ਐਡਵੋਕੇਟ ਬੀਰ ਇੰਦਰ ਸਿੰਘ ਸੰਧਵਾਂ ਤੋਂ ਇਲਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸੁਖਜੀਤ ਸਿੰਘ ਢਿੱਲਵਾਂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਮੀਤ ਸਿੰਘ ਸਮੇਤ ਪਾਰਟੀ ਦੇ ਹੋਰ ਅਹੁਦੇਦਾਰ ਅਤੇ ਵਰਕਰ ਸ਼ਾਮਿਲ ਹੋਏ।
ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਨੇ ਮੁੜ ਸਾਫ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਖੁਸ਼ ਹਨ ਤੇ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਵਿੱਚ ਕੋਈ ਦਮ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਰਕਰਾਂ ਦੇ ਵੀ ਗਿੱਦੜਬਾਹਾ ਹਲਕੇ ਵਿੱਚ ਪੂਰੀ ਤਨਦੇਹੀ ਦੇ ਨਾਲ ਪਾਰਟੀ ਲਈ ਕੰਮ ਕੀਤਾ ਤੇ ਸ਼ਾਨਦਾਰ ਨਤੀਜਿਆਂ ਨੇ ਪਾਰਟੀ ਦੇ ਵਰਕਰਾਂ ਵਿੱਚ ਹੋਰ ਜੋਸ਼ ਭਰਿਆ ਹੈ।
ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਈਆਂ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ (ਆਪ) ਨੇ 3 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ। ਇਨ੍ਹਾਂ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੱਬੇਵਾਲ ਤੋਂ ਡਾ. ਇਸ਼ਾਂਕ ਕੁਮਾਰ, ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਅਤੇ ਮੁਕਤਸਰ ਦੀ ਗਿੱਦੜਬਾਹਾ ਸੀਟ ਤੋਂ ਹਰਦੀਪ ਸਿੰਘ ਡਿੰਪੀ ਢਿੱਲੋਂ ਜੇਤੂ ਰਹੇ।
ਬਰਨਾਲਾ ਤੋਂ ਇੱਕ ਸੀਟ ਕਾਂਗਰਸ ਦੇ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਜਿੱਤੀ। ਇਹ ਸੀਟ ਸੰਗਰੂਰ ਤੋਂ ‘ਆਪ’ ਦੇ ਸੰਸਦ ਮੈਂਬਰ ਬਣੇ ਗੁਰਮੀਤ ਸਿੰਘ ਮੀਤ ਹੇਅਰ ਦਾ ਗੜ੍ਹ ਸੀ। ਕਾਂਗਰਸ ਦੇ ਦੋ ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਗੁਰਦਾਸਪੁਰ ਤੋਂ ਸੰਸਦ ਮੈਂਬਰ ਜਤਿੰਦਰ ਕੌਰ ਨੂੰ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ ਨੇ ਹਰਾਇਆ ਸੀ। ਜਦਕਿ ਗਿੱਦੜਬਾਹਾ ਤੋਂ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਹਰਾਇਆ।