Gurdaspur News: ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿਚ ਕੰਮ ਕਰਦੇ ਨੈਸ਼ਨਲ ਹੈਲਥ ਮਿਸ਼ਨ ਦੇ ਕਰਮਚਾਰੀਆਂ ਨੇ ਪੰਜਾਬ ਸਰਕਾਰ ਨੂੰ ਕੁੰਭਕਰਨੀ ਨੀਂਦ ਚੋਂ ਜਗਾਉਣ ਲਈ ਅੱਜ ਗੁਰਦਾਸਪੁਰ ਦੇ ਵਿੱਚ ਰੋਸ਼ ਪ੍ਰਦਰਸ਼ਨ ਕਰਦੇ ਹੋਏ ਸਰਕਾਰ ਦਾ ਪੁਤਲਾ ਫੂਕ ਕੇ ਰੋਸ਼ ਪ੍ਰਦਰਸ਼ਨ ਕੀਤਾ।
ਕਰਮਚਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਤੋਂ ਪਹਿਲਾਂ ਕੌਮੀ ਸਿਹਤ ਮਿਸ਼ਨ (ਐਨਐਚਐਮ) ਤਹਿਤ ਕੰਮ ਕਰਦੇ ਸਮੂਹ ਕੱਚੇ ਮੁਲਾਜਮਾਂ ਨੂੰ ਸਰਕਾਰ ਬਨਣ ‘ਤੇ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਹੁਣ ਸਰਕਾਰ ਬਣਿਆ ਤਿੰਨ ਸਾਲ ਦਾ ਸਮਾਂ ਪੂਰਾ ਹੋ ਗਿਆ ਹੈ ਪਰ ਐਨਐਚਐਮ ਤਹਿਤ ਕੰਮ ਕਰਨ ਵਾਲਾ ਸਿਹਤ ਵਿਭਾਗ ਦਾ ਇੱਕ ਵੀ ਕਰਮਚਾਰੀ ਰੈਗੂਲਰ ਨਹੀਂ ਕੀਤਾ ਗਿਆ ਹੈ ਅਤੇ ਨਾ ਹੀ ਹੀ ਕਿਸੇ ਕਰਮਚਾਰੀ ਦੀ ਤਨਖ਼ਾਹ ਚ ਕੋਈ ਸਨਮਾਨਜਨਕ ਵਾਧਾ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਐਨ ਐਚ ਐਮ ਮੁਲਾਜਮ ਆਪਣੀ ਅਸਾਮੀ ਦੇ ਹਿਸਾਬ ਨਾਲ ਯੋਗਤਾ ਪੂਰੀ ਕਰਦੇ ਹਨ ਤੇ ਐਨਐਚਐਮ ਦੀਆਂ ਭਰਤੀਆਂ ਯੋਗ ਪ੍ਰਕਿਰਆ ਰਾਹੀਂ ਹੋਈਆਂ ਹਨ, ਪਰ ਫਿਰ ਵੀ ਕੱਚੇ ਸਿਹਤ ਮੁਲਾਜ਼ਮਾਂ ਦੀ ਠੇਕਾ ਪ੍ਰਥਾ ਤਹਿਤ ਪਿਛਲੇ ਪੰਦਰ੍ਹਾਂ ਸਾਲਾਂ ਤੋਂ ਆਰਥਿਕ,ਮਾਨਸਿਕ ਲੁੱਟ ਕੀਤੀ ਜਾ ਰਹੀ ਹੈ। ਜਿਸ ਕਰਕੇ ਅੱਜ ਉਹਨਾਂ ਵਿੱਚ ਗੁੱਸੇ ਦੀ ਲਹਿਰ ਹੈ ਅਤੇ ਉਹਨਾਂ ਨੇ ਸਰਕਾਰ ਨੂੰ ਜਗਾਉਣ ਦੇ ਲਈ ਪ੍ਰਦਰਸ਼ਨ ਕੀਤਾ ਅਤੇ ਐਲਾਨ ਕੀਤਾ ਕਿ 15 ਜੂਨ ਨੂੰ ਲੁਧਿਆਣਾ ਵਿਖੇ ਇੱਕ ਵੱਡੀ ਸੂਬਾ ਪੱਧਰੀ ਰੋਸ ਰੈਲੀ ਕੀਤੀ ਜਾਵੇਗੀ।