Amritsar News: ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਉੱਤੇ ਉਹਨਾਂ ਨੂੰ ਮਿਲਣ ਪਹੁੰਚੇ ਅਤੇ ਇੱਕ ਮੰਗ ਪੱਤਰ ਦਿੱਤਾ।
ਤਰਸੇਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਸੁਖਬੀਰ ਬਾਦਲ ਦੇ ਮਸਲੇ ਤੇ ਅੱਜ ਜਥੇਦਾਰ ਸਾਹਿਬ ਨੂੰ ਮਿਲ ਕੇ ਆਏ ਹਾਂ ਅਤੇ ਅਪੀਲ ਕਰਕੇ ਆਏ ਹਾਂ ਕਿ ਉਹ ਨਿਰਪੱਖ ਹੋ ਕੇ ਅਤੇ ਬਿਨਾਂ ਕਿਸੇ ਦਬਾਅ ਤੇ ਸੁਖਬੀਰ ਬਾਦਲ ਅਤੇ ਉਹਨਾਂ ਦੀ ਲੀਡਰਸ਼ਿਪ ਨੂੰ ਸਜ਼ਾ ਲਗਾਉਣ।
ਤਰਸੇਮ ਸਿੰਘ ਨੇ ਕਿਹਾ ਕਿ ਅਕਾਲੀਆਂ ਵੱਲੋਂ ਜਥੇਦਾਰਾਂ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਗਲਤ ਗੱਲ ਹੈ। ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖ ਕੇ ਜਥੇਦਾਰ ਸਾਹਿਬ ਨੂੰ ਫੈਸਲਾ ਕਰਨ ਦੀ ਅਪੀਲ ਕੀਤੀ ਗਈ ਹੈ।
ਉਹਨਾਂ ਕਿਹਾ ਕਿ ਅਸੀਂ ਜਥੇਦਾਰ ਸਾਹਿਬ ਨੂੰ ਕਿਹਾ ਹੈ ਕਿ ਕਿਸੇ ਦਬਾਅ ਹੇਠ ਆ ਕੇ ਕੋਈ ਅਜਿਹਾ ਫੈਸਲਾ ਨਾ ਲੈਣਾ ਜੋ ਸਿੱਖ ਕੌਮ ਨੂੰ ਪ੍ਰਵਾਨ ਨਾ ਹੋਵੇ। ਇਸ ਮੌਕੇ ਭਾਈ ਤਰਸੇਮ ਸਿੰਘ ਨਾਲ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਰਹੇ।