Amritsar News: ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਉੱਥੇ ਹੀ ਖੇਤੀਬਾੜੀ ਵਿਭਾਗ ਵੱਲੋਂ ਵੀ ਲਗਾਤਾਰ ਪਿੰਡਾਂ ਅੰਦਰ ਜਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਝੋਨੇ ਦੀ ਸਿੱਧੀ ਬਿਜਾਈ ਨੂੰ ਵਧਾਵਾ ਦੇਣ ਲਈ ਚਲਾਈ ਜਾ ਰਹੀ ਇਸ ਮੁਹਿੰਮ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਪੁੰਗਾ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ, ਜਿਸ ਦਾ ਖੇਤੀਬਾੜੀ ਵਿਭਾਗ ਵੱਲੋਂ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ।
ਖੇਤੀਬਾੜੀ ਵਿਭਾਗ ਦੇ ਬਲਾਕ ਅਫਸਰ ਹਰਭਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤਰੀਕੇ ਨਾਲ ਪਾਣੀ ਦੀ ਬਚਤ ਹੁੰਦੀ ਹੈ, ਖਾਦਾਂ ਅਤੇ ਦਵਾਈਆਂ ਦੀ ਘੱਟ ਵਰਤੋਂ ਹੁੰਦੀ ਹੈ ਅਤੇ ਲੇਬਰ ਦੀ ਵੀ ਲੋੜ ਘੱਟ ਪੈਂਦੀ ਹੈ, ਜਿਸ ਨਾਲ ਕਿਸਾਨਾਂ ਦੇ ਖਰਚੇ ਵਿੱਚ ਕਮੀ ਆਉਂਦੀ ਹੈ।
ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਿੱਧੀ ਬਿਜਾਈ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਝੋਨੇ ਦੀ ਇਹ ਨਵੀਨ ਤਕਨੀਕ ਕਿਸਾਨਾਂ ਲਈ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਮੌਕੇ ਉੱਥੇ ਮੌਜੂਦ ਕਿਸਾਨਾਂ ਨੇ ਵੀ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਇਸ ਨਾਲ ਕਾਫੀ ਲਾਭ ਹੋਇਆ ਹੈ। ਉਨ੍ਹਾਂ ਹੋਰ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸਿੱਧੀ ਬਿਜਾਈ ਵੱਲ ਧਿਆਨ ਦੇਣ, ਜਿਸ ਨਾਲ ਪਾਣੀ ਦੀ ਬਚਤ ਹੋਵੇਗੀ, ਚੰਗਾ ਝਾੜ ਮਿਲੇਗਾ ਅਤੇ ਸਰਕਾਰੀ ਸਬਸਿਡੀ ਦਾ ਲਾਭ ਵੀ ਮਿਲੇਗਾ।