Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਦੋ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹ ਦਿੱਤਾ। ਐਸਐਸਪੀ ਦਿਹਾਤੀ ਮਨਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਜੰਡਿਆਲਾ ਦੇ ਅਧੀਨ ਆਉਂਦੇ ਪਿੰਡ ਧਰੜ ਵਿੱਚ ਇੱਕ ਛੱਪੜ ਉੱਤੇ ਦੋ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਕੋਠੀਆਂ ਤਿਆਰ ਕੀਤੀਆਂ ਜਾ ਰਹੀਆਂ ਸਨ, ਅੱਜ ਢਾਹ ਦਿੱਤੀ ਗਈਆਂ ਹਨ।
ਜਗਪ੍ਰੀਤ ਸਿੰਘ ਉਰਫ ਜੱਗਾ ਅਤੇ ਸਤਨਾਮ ਸਿੰਘ ਉਰਫ ਸੱਤਾ, ਜੋ ਕਿ ਨਸ਼ਾ ਤਸਕਰੀ ਦੇ ਕਈ ਗੰਭੀਰ ਮਾਮਲਿਆਂ ਵਿੱਚ ਸ਼ਾਮਿਲ ਹਨ, ਵੱਲੋਂ ਇੱਕ ਸਰਕਾਰੀ ਛੱਪੜ ਉੱਤੇ ਗੈਰ ਕਾਨੂੰਨੀ ਤੌਰ 'ਤੇ ਕਬਜ਼ਾ ਕਰਕੇ ਇਮਾਰਤਾਂ ਬਣਾਈਆਂ ਜਾ ਰਹੀਆਂ ਸਨ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਤੇ ਇਨ੍ਹਾਂ ਕੋਠੀਆਂ ਦੇ ਕੰਮ ਨੂੰ ਰੋਕ ਦਿੱਤਾ ਗਿਆ। ਐਸਐਸਪੀ ਦਿਹਾਤੀ ਨੇ ਦੱਸਿਆ ਕਿ ਜਗਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਇਹ ਦੋਵੇਂ ਨਸ਼ਾ ਤਸਕਰ ਹਨ ਜਿਨ੍ਹਾਂ ਵੱਲੋਂ ਇੱਕ ਛੱਪੜ 'ਤੇ ਨਜਾਇਜ਼ ਕਬਜ਼ਾ ਕਰਕੇ ਕੋਠੀ ਤਿਆਰ ਕੀਤੀ ਜਾ ਰਹੀ ਸੀ, ਜਗਪ੍ਰੀਤ ਸਿੰਘ 'ਤੇ ਸੱਤ ਦੇ ਕਰੀਬ ਮਾਮਲੇ ਦਰਜ ਹਨ ਉੱਥੇ ਹੀ ਉਨ੍ਹਾਂ ਕਿਹਾ ਕਿ ਸਤਨਾਮ 'ਤੇ ਚਾਰ ਦੇ ਕਰੀਬ ਐਨਡੀਪੀਸੀ ਐਕਟ ਦੇ ਮਾਮਲੇ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਇਹ ਦੋਵੇਂ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ।
ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਦੇ ਵਿੱਚ ਇਹ ਪੰਜਵੀਂ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਨੂੰ ਢਾਹਿਆ ਜਾ ਰਿਹਾ ਹੈ। ਇਨ੍ਹਾਂ ਨੇ ਹੋਰ ਨਸ਼ੇ ਦੇ ਕਾਰੋਬਾਰ ਦੇ ਨਾਲ ਜਿਹੜੀਆਂ ਵੀ ਜਾਇਦਾਦਾਂ ਬਣਾਈਆਂ ਹਨ ਉਸ ਦੀ ਵੀ ਜਾਂਚ ਕੀਤੀ ਜਾਵੇਗੀ। ਹੁਣ ਨੌਜਵਾਨ ਵੀ ਨਸ਼ੇ ਖਿਲਾਫ ਜਾਗਰੂਕ ਹੋ ਰਹੇ ਹਨ ਤੇ ਜਿਹੜੇ ਨੌਜਵਾਨ ਪੀੜ੍ਹੀ ਨਸ਼ਾ ਕਰਦੀ ਸੀ ਉਹ ਹੁਣ ਨਸ਼ਾ ਛੱਡਣ ਲਈ ਨਸ਼ਾ ਛੁਡਾਊ ਕੇਂਦਰਾਂ ਦੇ ਵਿੱਚ ਆਪ ਹੀ ਭਰਤੀ ਹੋ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਐਕਸਾਈਜ਼ ਐਕਟ ਦੇ ਮੁਤਾਬਿਕ 50 ਤੋਂ ਵੱਧ ਪਰਚੇ ਹੁਣ ਤੱਕ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਦਰਜ ਕੀਤੇ ਜਾ ਚੁੱਕੇ ਹਨ।