Banur News (ਕੁਲਦੀਪ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆ ਵਿਰੁੱਧ' ਤਹਿਤ ਪ੍ਰਸ਼ਾਸਨ ਨੇ ਅੱਜ ਬਨੂੜ ਦੇ ਵਾਰਡ ਨੰਬਰ 7 ਮੁਹੱਲਾ ਸੈਣੀ ਵਾਲਾ ਵਿੱਚ ਕਾਰਵਾਈ ਕੀਤੀ ਅਤੇ ਇੱਕ ਨਸ਼ਾ ਤਸਕਰ ਦੇ ਘਰ ਤੇ ਆਪਣਾ ਪੀਲਾ ਪੰਜਾ ਚਲਾਇਆ।
ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਐਸਐਸਪੀ ਮੋਹਾਲੀ ਵਰੁਣ ਸ਼ਰਮਾ ਨੇ ਕਿਹਾ ਕਿ ਅੱਜ ਇੱਕ ਨਸ਼ਾ ਤਸਕਰ ਦੇ ਘਰ 'ਤੇ ਪੀਲੇ ਪੰਜੇ ਦੀ ਵਰਤੋਂ ਕੀਤੀ ਗਈ ਹੈ। ਨਸ਼ਾ ਤਸਕਰ ਵੱਲੋਂ ਨਸ਼ਿਆਂ ਦੇ ਕਾਲੇ ਧਨ ਤੋਂ ਦੌਲਤ ਇਕੱਠੀ ਕਰਕੇ ਇਹ ਜਾਇਦਾਦ ਬਣਾਈ ਗਈ ਸੀ। ਉਨ੍ਹਾਂ ਕਿਹਾ ਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਪੰਜਾਬ ਵਿੱਚ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲੇ ਨਸ਼ਾ ਤਸਕਰਾਂ ਵਿਰੁੱਧ ਵੱਖ-ਵੱਖ ਥਾਵਾਂ 'ਤੇ ਐਨਡੀਪੀਐਸ ਐਕਟ ਤਹਿਤ ਮਾਮਲੇ ਦਰਜ ਕੀਤੇ ਗਏ ਹਨ ਅਤੇ ਜਲਦੀ ਹੀ ਹੋਰ ਨਸ਼ਾ ਤਸਕਰਾਂ ਉੱਪਰ ਵੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਵਿਕਰਮ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈ ਇਹ ਕਾਰਵਾਈ ਗਲਤ ਹੈ। ਉਸ ਵਿਰੁੱਧ ਲੜਾਈ-ਝਗੜੇ ਅਤੇ ਨਸ਼ੇ ਦੇ ਸੇਵਨ ਦੇ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਹ ਪਿਛਲੇ 9 ਮਹੀਨਿਆਂ ਤੋਂ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਹੈ। ਉਸਨੇ ਆਪਣੀ ਜ਼ਮੀਨ ਵੇਚ ਕੇ ਇਹ ਘਰ ਬਣਾਇਆ ਸੀ ਜਿਸਨੂੰ ਅੱਜ ਪ੍ਰਸ਼ਾਸਨ ਵੱਲੋ ਢਾਹ ਦਿੱਤਾ ਗਿਆ ਹੈ। ਅਸੀਂ ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ ਵਿਰੁੱਧ ਅਪੀਲ ਕਰਾਂਗੇ।