Barnala News(ਦਵਿੰਦਰ ਸ਼ਰਮਾ): ਬਰਨਾਲਾ ਪੁਲਿਸ ਨੇ ਤਿੰਨ ਅਲੱਗ-ਅਲੱਗ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਕ ਪੁਰਸ਼ ਤੇ ਇੱਕ ਮਹਿਲਾ ਨੂੰ ਨਸ਼ੇ ਵਾਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖਿਲਾਫ਼ ਪਹਿਲਾਂ ਹੀ ਐਨਡੀਪੀਐਸ ਦੇ ਕਈ ਮਾਮਲੇ ਦਰਜ ਹਨ।
ਮੋਬਾਈਲ ਫੋਨ ਖੋਹ ਦੇ ਦੋ ਅਲੱਗ-ਅਲੱਗ ਮਾਮਲਿਆਂ ਵਿੱਚ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਖੋਹੇ ਮੋਬਾਈਲ ਤੇ ਵਾਰਦਾਤ ਦੌਰਾਨ ਇਸਤੇਮਾਲ ਵਾਹਨ ਵੀ ਬਰਾਮਦ ਕੀਤਾ ਹੈ। ਪੁਲਿਸ ਨੇ ਸਾਰੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਰਿਮਾਂਡ ਹਾਸਲ ਕੀਤਾ ਜਾਵੇਗਾ।
ਡੀਐਸਪੀ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਬਰਨਾਲਾ ਥਾਣਾ ਸਿਟੀ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਰਾਣੀ ਕੌਰ ਅਤੇ ਲਖਵੀਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਦੋਵੇਂ ਨਸ਼ਾ ਵੇਚਣ ਦਾ ਧੰਦਾ ਕਰਦੇ ਸਨ ਅਤੇ ਉਨ੍ਹਾਂ ਨੂੰ ਬਰਨਾਲਾ ਦੇ ਰਾਮਬਾਗ ਦੇ ਪਿੱਛੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਇਨ੍ਹਾਂ ਕੋਲੋਂ ਪਾਬੰਦੀਸ਼ੁਦਾ ਦਵਾਈਆਂ ਦੀਆਂ 400 ਗੋਲੀਆਂ ਬਰਾਮਦ ਕੀਤੀਆਂ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਰਾਣੀ ਕੌਰ ਅਤੇ ਲਖਵੀਰ ਸਿੰਘ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਦੌਰਾਨ ਇਹ ਪਤਾ ਲਾਇਆ ਜਾਵੇਗਾ ਕਿ ਦੋਵੇਂ ਮੁਲਜ਼ਮ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦੇ ਸਨ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਹਰਦੀਪ ਸਿੰਘ ਵਾਸੀ ਔਰੰਗਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਮੁਲਜ਼ਮ ਸਕੂਟਰ ਚਲਾਉਂਦੇ ਸਮੇਂ ਇੱਕ ਵਿਅਕਤੀ ਦਾ ਮੋਬਾਈਲ ਫੋਨ ਚੋਰੀ ਕਰਕੇ ਭੱਜ ਗਿਆ ਸੀ। ਪੁਲਿਸ ਨੇ ਮੁਲਜ਼ਮ ਕੋਲੋਂ ਚੋਰੀ ਦਾ ਮੋਬਾਈਲ ਫੋਨ ਅਤੇ ਵਾਰਦਾਤ ਵਿੱਚ ਵਰਤਿਆ ਸਕੂਟਰ ਬਰਾਮਦ ਕਰ ਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਇੱਕ ਹੋਰ ਮਾਮਲੇ ਵਿੱਚ ਮੋਬਾਈਲ ਖੋਹਣ ਵਾਲੇ ਮੁਲਜ਼ਮ ਰਾਹੁਲ ਕੁਮਾਰ ਅਤੇ ਤਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕੋਲੋਂ ਲੁੱਟਿਆ ਗਿਆ ਮੋਬਾਈਲ ਫੋਨ ਅਤੇ ਪੈਸੇ ਦੇ ਨਾਲ-ਨਾਲ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।