Home >>Punjab

40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Amritsar News: ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ।

Advertisement
40000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Manpreet Singh|Updated: May 22, 2025, 06:41 PM IST
Share

Amritsar News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਰਹੀ ਸੀ। ਉਸ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਦੇ ਗਬਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਦੋਸ਼ ਲੱਗੇ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਬੀ.ਡੀ.ਪੀ.ਓ. ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਮਾਮਲੇ ਨੂੰ ਨਿਪਟਾਉਣ ਬਦਲੇ ਉਸ ਤੋਂ ਇੱਕ ਲੱਖ ਰੁਪਏ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘੱਟ ਕਰਨ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ ‘ਤੇ ਅੜਿਆ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Read More
{}{}