Amritsar News: ਆਮ ਆਦਮੀ ਪਾਰਟੀ ਦੇ ਆਗੂ ਸੰਜੇ ਸਿੰਘ ਖਿਲਾਫ਼ ਮਾਣਹਾਨੀ ਕੇਸ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਹੋਏ ਜਿੱਥੇ ਕੋਰਟ ਨੇ ਅਗਲੀ ਤਰੀਕ 3 ਫਰਵਰੀ 2025 ਮੁਕੱਰਰ ਕੀਤੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਬਿਕਰਮ ਮਜੀਠੀਆ ਨੇ ਕਿਹਾ ਕਿ ਅੰਮ੍ਰਿਤਸਰ ਵਿੱਚ ਲਗਾਤਾਰ ਧਮਾਕੇ ਹੋ ਰਹੇ ਹਨ ਪਰ ਪੁਲਿਸ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ।
ਉਨ੍ਹਾਂ ਨੇ ਕਿਹਾ ਜਿੱਥੇ ਕਿਤੇ ਧਮਾਕਾ ਹੁੰਦਾ ਹੈ ਪੁਲਿਸ ਕਦੇ ਟਾਇਰ ਫਟਣ ਦਾ ਬਹਾਨਾ ਬਣਾਉਂਦੀ ਹੈ ਅਤੇ ਕਦੇ ਰੇਡੀਏਟਰ ਫਟਣ ਦਾ ਰਾਗ ਅਲਾਪਦੀ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਸਲਾਹਕਾਰ ਦਾ ਅਹੁਦਾ ਖਤਮ ਕਰਕੇ ਮੁੱਖ ਸਕੱਤਰ ਲਗਾਇਆ ਗਿਆ ਹੈ। ਇਹ ਫੈਸਲਾ ਪੰਜਾਬ ਨਾਲ ਸਰਾਸਰ ਧੱਕਾ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਨੂੰ ਹੌਲੀ-ਹੌਲੀ ਕਰਕੇ ਪੰਜਾਬ ਤੋਂ ਲਾਂਭੇ ਕੀਤਾ ਜਾ ਰਿਹਾ ਹੈ। ਹਾਲਾਂਕਿ ਚੰਡੀਗੜ੍ਹ ਬਣਾਉਣ ਵਿੱਚ ਸਭ ਤੋਂ ਵੱਧ ਯੋਗਦਾਨ ਪੰਜਾਬ ਦਾ ਸੀ। ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਹੀ ਚੰਡੀਗੜ੍ਹ ਬਣਾਇਆ ਗਿਆ ਸੀ। ਇਹ ਫ਼ੈਸਲਾ ਕੇਂਦਰ ਸਰਕਾਰ ਦਾ ਬਹੁਤ ਨਿੰਦਣਯੋਗ ਹੈ।
ਕੇਂਦਰ ਵੱਲੋਂ ਖੇਤੀ ਨੀਤੀ ਦਾ ਡਰਾਫਟ ਭੇਜਣ ਉਤੇ ਪੰਜਾਬ ਸਰਕਾਰ ਵੱਲੋਂ ਰੱਦ ਕਰਨ ਉਤੇ ਬਿਕਰਮ ਮਜੀਠੀਆ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਇਸ ਡਰਾਫਟ ਤੇ ਕਾਲੇ ਕਾਨੂੰਨਾਂ ਅਤੇ ਖੇਤੀ ਕਾਨੂੰਨਾਂ ਦਾ ਪੁਰਜ਼ੋਰ ਵਿਰੋਧ ਕੀਤਾ ਹੈ ਅਤੇ ਸਾਡੇ ਵਿਰੋਧ ਤੋਂ ਬਾਅਦ ਹੀ ਪੰਜਾਬ ਸਰਕਾਰ ਨੇ ਦਬਾਅ ਵਿੱਚ ਆ ਕੇ ਇਹ ਖਰੜਾ ਰੱਦ ਕੀਤਾ ਹੈ।
ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨਾਲ ਧੋਖਾਧੜੀ ਕਰ ਰਹੀ ਹੈ ਅਤੇ ਦੁਬਾਰਾ ਤੋਂ ਕਾਨੂੰਨ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ। ਸ਼੍ਰੋਮਣੀ ਅਕਾਲੀ ਦਲ ਦੀ ਅੱਜ ਹੋ ਰਹੀ ਵਰਕਿੰਗ ਕਮੇਟੀ ਬਾਰੇ ਬੋਲਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਦੋ ਮਹੀਨੇ ਪਹਿਲਾਂ ਹੀ ਆਪਣਾ ਅਸਤੀਫਾ ਦੇ ਦਿੱਤਾ ਸੀ ਅਤੇ ਉਸ ਨੂੰ ਵਾਪਸ ਨਹੀਂ ਲਿਆ।
ਉਨ੍ਹਾਂ ਨੇ ਕਿਹਾ ਕਿ ਜਾਣਬੁੱਝ ਕੇ ਅਕਾਲੀ ਦਲ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਸੁਧਾਰ ਲਹਿਰ ਵਾਲੇ ਪਹਿਲਾਂ ਆਪਣੇ ਵਿੱਚ ਸੁਧਾਰ ਕਰਨ ਫਿਰ ਅਕਾਲੀ ਦਲ ਦੀ ਫਿਕਰ ਕਰਨ। ਉਨ੍ਹਾਂ ਨੇ ਕਿਹਾ ਕਿ ਅੱਜ ਵਰਕਿੰਗ ਕਮੇਟੀ ਦੀ ਬੈਠਕ ਹੈ ਤੇ ਅਸਤੀਫਿਆਂ ਦੇ ਫੈਸਲਾ ਜੋ ਹੋਵੇਗਾ ਉਹ ਸਿਰ ਮੱਥੇ ਹੋਵੇਗਾ।