Bikram Majithia: ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਗਈ ਹੈ। ਦੂਜੇ ਪਾਸੇ ਬਿਕਰਮ ਮਜੀਠੀਆ ਵਿਰੁੱਧ ਐਸਆਈਟੀ ਅਤੇ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਸਾਂਝੀ ਕਾਰਵਾਈ ਵਿੱਚ ਚੰਡੀਗੜ੍ਹ-ਦਿੱਲੀ ਵਿੱਚ ਉਨ੍ਹਾਂ ਦੇ ਕਈ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ।
ਚੰਡੀਗੜ੍ਹ ਤੋਂ ਇਲਾਵਾ, ਵਿਜੀਲੈਂਸ ਟੀਮ ਨੇ ਦਿੱਲੀ ਦੇ ਸੈਨਿਕ ਫਾਰਮ 'ਤੇ ਵੀ ਛਾਪੇਮਾਰੀ ਕੀਤੀ ਹੈ। ਜਿਸ ਨੂੰ ਮਜੀਠੀਆ ਦੀ ਕਥਿਤ ਬੇਨਾਮੀ ਜਾਇਦਾਦ ਦੱਸਿਆ ਜਾ ਰਿਹਾ ਹੈ। ਇਸਦੀ ਅਨੁਮਾਨਤ ਕੀਮਤ 150 ਤੋਂ 200 ਕਰੋੜ ਰੁਪਏ ਦੱਸੀ ਜਾ ਰਹੀ ਹੈ। ਛਾਪੇਮਾਰੀ ਦੌਰਾਨ, ਤਕਨੀਕੀ ਟੀਮ ਸਬੂਤ ਇਕੱਠੇ ਕਰਨ ਵਿੱਚ ਵੀ ਲੱਗੀ ਹੋਈ ਸੀ। ਮਜੀਠੀਆ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਬੰਧਤ ਸ਼ੈੱਲ ਕੰਪਨੀਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਰਾਹੀਂ ਕਥਿਤ ਤੌਰ 'ਤੇ ਡਰੱਗ ਮਨੀ ਸਰਕੂਲੇਟ ਕੀਤੀ ਗਈ ਸੀ।
ਇਹ ਕਾਰਵਾਈ ਗਵਾਹਾਂ ਦੇ ਬਿਆਨਾਂ 'ਤੇ ਅਧਾਰਤ ਹੈ। ਤੁਹਾਨੂੰ ਦੱਸ ਦੇਈਏ ਕਿ ਮਜੀਠੀਆ ਨੂੰ ਵਿਜੀਲੈਂਸ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 6 ਜੁਲਾਈ ਤੋਂ ਉਹ ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਸਨ।
ਮਜੀਠੀਆ ਦੀ ਪੇਸ਼ੀ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੂੰ ਉਨ੍ਹਾਂ ਦੇ ਘਰ 'ਚ ਨਜ਼ਰਬੰਦ ਕੀਤਾ ਗਿਆ ਸੀ ਅਤੇ ਫਿਰ ਉਨ੍ਹਾਂ ਨੂੰ ਕਿਤੇ ਹੋਰ ਲਿਜਾਇਆ ਗਿਆ। ਇਸ ਦੀ ਜਾਣਕਾਰੀ ਸਰਬਜੀਤ ਸਿੰਘ ਝਿੰਜਰ ਵੱਲੋਂ ਇਕ ਪੋਸਟ ਸਾਂਝੀ ਕਰਕੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਵਿੱਚ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੂੰ ਹਾਊਸ ਅਰੈਸਟ ਕੀਤਾ ਗਿਆ ਹੈ ਤੇ ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ ਸਮੇਤ ਹੋਰ ਅਕਾਲੀ ਆਗੂਆਂ ਨੂੰ ਵੀ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਮੋਗਾ ਜ਼ਿਲ੍ਹੇ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਚੇਅਰਮੈਨ ਖਣਮੁੱਖ ਭਾਰਤੀ ਪੱਤੋਂ ਨੂੰ ਵੀ ਪੁਲਿਸ ਘਰ ਵਿੱਚ ਨਜ਼ਰਬੰਦ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਸਤਵੀਰ ਸਿੰਘ ਸੀਰਾ ਬਨਭੌਰਾ ਨੂੰ ਸਮਰਥਕਾਂ ਸਮੇਤ ਪੁਲਿਸ ਨੇ ਨਜ਼ਰਬੰਦ ਕਰ ਲਿਆ ਹੈ।