Bathinda News: ਭਾਰਤ ਅਤੇ ਪਾਕਿਸਤਾਨ ਵਿਚਕਾਰ ਪੈਦਾ ਹੋਏ ਤਣਾਅ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਡਰੋਨ ਉਡਾਉਣ ਅਤੇ ਆਤਿਸ਼ਬਾਜ਼ੀ ਕਰਨ ਉਤੇ ਪਾਬੰਦੀ ਲਗਾਈ ਹੈ ਪਰ ਕਈ ਲੋਕਾਂ ਵੱਲੋਂ ਇਨ੍ਹਾਂ ਪਾਬੰਦੀਆਂ ਦੀ ਸ਼ਰੇਆਮ ਉਲੰਘਣਾ ਕੀਤੀ ਜਾ ਰਹੀ ਹੈ।
ਅਜਿਹਾ ਇੱਕ ਮਾਮਲਾ ਬਠਿੰਡਾ ਦੇ ਪਿੰਡ ਕੋਟਸ਼ਮੀਰ ਤੋਂ ਸਾਹਮਣੇ ਆਇਆ ਹੈ ਜਿੱਥੇ ਗੁਰਪ੍ਰੀਤ ਸਿੰਘ ਨਾਮ ਨੌਜਵਾਨ ਜਿਸ ਦਾ ਵਿਆਹ ਸੀ, ਵੱਲੋਂ ਰਾਤ ਸਮੇਂ ਆਤਿਸ਼ਬਾਜ਼ੀ ਕੀਤੀ ਗਈ ਅਤੇ ਪਟਾਕੇ ਚਲਾਏ ਗਏ। ਜਦੋਂ ਇਸ ਘਟਨਾ ਦਾ ਪਤਾ ਜ਼ਿਲ੍ਹਾ ਪ੍ਰਸ਼ਾਸਨ ਨੂੰ ਲੱਗਿਆ ਤਾਂ ਪੁਲਿਸ ਵੱਲੋਂ ਲਾੜੇ ਗੁਰਪ੍ਰੀਤ ਸਿੰਘ ਖਿਲਾਫ਼ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਡੀਐਸਪੀ ਦਿਹਾਤੀ ਹੀਨਾ ਗੁਪਤਾ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕੋਟਸ਼ਮੀਰ ਵਿੱਚ ਗੁਰਪ੍ਰੀਤ ਸਿੰਘ ਜਿਸ ਦਾ ਵਿਆਹ ਹੈ ਵੱਲੋਂ ਪਟਾਕੇ ਅਤੇ ਆਤਿਸ਼ਬਾਜ਼ੀ ਚਲਾਈ ਗਈ ਹੈ। ਇਸ ਆਤਿਸ਼ਬਾਜ਼ੀ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਵੱਲੋਂ ਵੱਖ-ਵੱਖ ਧਾਰਾਵਾਂ ਤਹਿਤ ਗੁਰਪ੍ਰੀਤ ਸਿੰਘ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਰਤ ਅਤੇ ਪਾਕਿਸਤਾਨ ਦੌਰਾਨ ਪੈਦਾ ਹੋਏ ਤਣਾਅ ਤੋਂ ਬਾਅਦ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਨੂੰ ਅੱਖੋਂ ਪਰੋਖੇ ਨਾ ਕੀਤਾ ਜਾਵੇ। ਜੇਕਰ ਕੋਈ ਵਿਅਕਤੀ ਅਜਿਹਾ ਕਰੇਗਾ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Khanna News: ਫ਼ੌਜ ਖਿਲਾਫ਼ ਇਤਜ਼ਾਰਯੋਗ ਵੀਡੀਓ ਸ਼ੇਅਰ ਕਰਨ ਉਤੇ ਖੰਨਾ ਵਿੱਚ ਸਕੂਲ ਕਲਰਕ ਖ਼ਿਲਾਫ਼ ਵੱਡਾ ਐਕਸ਼ਨ
ਕਾਬਿਲੇਗੌਰ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਦੇਸ਼ ਭਰ ਵਿੱਚ ਤਣਾਅ ਦੀ ਸਥਿਤੀ ਪੈਦਾ ਹੋ ਗਈ ਸੀ। ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਮਨਾਹੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਡਰੋਨ ਉਡਾਉਣ/ਲੇਜ਼ਰ ਲਾਈਟ/ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.), ਆਤਿਸ਼ਬਾਜ਼ੀ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਗਈ ਸੀ। ਪਾਬੰਦੀਆਂ ਉਲੰਘਣਾ ਕਰਨ ਉਤੇ ਕਾਰਵਾਈ ਦੀ ਵੀ ਚਿਤਾਵਨੀ ਦਿੱਤੀ ਗਈ ਸੀ।
ਇਹ ਵੀ ਪੜ੍ਹੋ : India-Pakistan News: ਭਾਰਤ ਤੇ ਪਾਕਿਸਤਾਨ ਦੇ ਡੀਜੀਐਮਓ ਵਿਚਾਲੇ ਗੱਲਬਾਤ ਅੱਜ; ਸਰਹੱਦ ਉਤੇ ਹਾਲਾਤ ਆਮ ਵਾਂਗ