Punjab Election Commission: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸੂਬੇ ਦੀਆਂ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ 28 ਫਰਵਰੀ, 2025 ਤੱਕ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਇੱਕ ਪੱਤਰ ਲਿਖਿਆ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ ਕੀਤੇ ਜਾਣ ਵਾਲੇ ਬੂਥ ਲੈਵਲ ਏਜੰਟ ਸਬੰਧਤ ਪੋਲਿੰਗ ਸਟੇਸ਼ਨਾਂ ਦੇ ਬੂਥ ਲੈਵਲ ਅਧਿਕਾਰੀਆਂ ਨਾਲ ਮਿਲ ਕੇ ਕੰਮ ਕਰਨਗੇ ਅਤੇ ਯੋਗ ਨਾਗਰਿਕਾਂ ਨੂੰ ਚੋਣ ਸੂਚੀ ਵਿੱਚ ਸ਼ਾਮਲ ਕਰਵਾਉਣਗੇ, ਹਟਾਉਣ, ਸੋਧਣ ਅਤੇ ਤਬਾਦਲੇ ਲਈ ਅਰਜ਼ੀਆਂ ਦਾਇਰ ਕਰਨ ਵਿੱਚ ਮਦਦ ਕਰਨਗੇ।
ਪੱਤਰ ਵਿੱਚ ਲਿਖਿਆ ਗਿਆ ਹੈ ਕਿ ਹਰ ਮਾਨਤਾ ਪ੍ਰਾਪਤ ਸਿਆਸੀ ਪਾਰਟੀ 23 ਜ਼ਿਲ੍ਹਾ ਨੁਮਾਇੰਦਿਆਂ (ਜਾਂ ਜ਼ਿਆਦਾ) ਦੀ ਸੂਚੀ ਮੁੱਖ ਚੋਣ ਅਧਿਕਾਰੀ ਦੇ ਦਫਤਰ ਨੂੰ ਭੇਜਣ, ਜੋ ਕਿ ਅੱਗੋਂ 28 ਫਰਵਰੀ ਤੱਕ ਸਬੰਧਤ ਜ਼ਿਲ੍ਹੇ ਵਿੱਚ ਬੂਥ ਲੈਵਲ ਏਜੰਟ ਨਿਯੁਕਤ ਕਰਨ ਲਈ ਅਧਿਕਾਰਤ ਹੋਣ। ਉਨ੍ਹਾਂ ਕਿਹਾ ਕਿ ਇਸ ਬਾਰੇ ਜ਼ਿਆਦਾ ਜਾਣਕਾਰੀ ਦੇਣ ਅਤੇ ਸਵਾਲਾਂ ਦੇ ਜਵਾਬ ਦੇਣ ਲਈ ਅਗਲੇ ਹਫ਼ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇੱਕ ਮੀਟਿੰਗ ਵੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : Delhi Oath Ceremony: ਦਿੱਲੀ 'ਚ ਨਵਾਂ ਭਾਜਪਾ ਮੰਤਰੀ ਮੰਡਲ ਤਿਆਰ, ਰੇਖਾ ਗੁਪਤਾ ਦੇ ਨਾਲ ਇਹ ਛੇ ਮੰਤਰੀ ਚੁੱਕਣਗੇ ਸਹੁੰ
ਮੁੱਖ ਚੋਣ ਅਧਿਕਾਰੀ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਬਤ ਭਾਰਤੀ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਤੋਂ ਬਾਅਦ ਵੋਟਰ ਸੂਚੀਆਂ ਨੂੰ ਤਿਆਰ ਕਰਨ ਅਤੇ ਸੋਧ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ।
ਕਾਬਿਲੇਗੌਰ ਹੈ ਕਿ ਤਰਨ ਤਾਰਨ, ਡੇਰਾ ਬਾਬਾ ਨਾਨਕ ਤੇ ਤਲਵਾੜਾ ਨਗਰ ਕੌਂਸਲਾਂ ਦੀਆਂ ਆਮ ਚੋਣਾਂ 2 ਮਾਰਚ ਨੂੰ ਹੋਣਗੀਆਂ। ਇਹ ਗੱਲ ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਹੀ। ਉਨ੍ਹਾਂ ਕਿਹਾ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਵੋਟਿੰਗ 2 ਮਾਰਚ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਵੋਟਿੰਗ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਵੋਟਾਂ ਦੀ ਗਿਣਤੀ ਪੋਲਿੰਗ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ। ਵੋਟਾਂ ਦੀ ਗਿਣਤੀ ਲਈ ਕਮਿਸ਼ਨ ਵੱਲੋਂ ਵੱਖਰੇ ਨਿਰਦੇਸ਼ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ : ਕੁਲਬੀਰ ਸਿੰਘ ਜੀਰਾ ਗੋਲੀਕਾਂਡ ਮਾਮਲਾ, ਪੰਜਾਬ ਪੁਲਿਸ ਦੀ ਐਸਆਈਟੀ ਸਾਹਮਣੇ ਹੋਏ ਪੇਸ਼