Prakash Purab Wishes: ਪੂਰੇ ਆਲਮ ਵਿੱਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਅੱਜ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪੰਜਾਬ ਵਿੱਚ ਗੁਰਦੁਆਰਿਆਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਸ਼ਰਧਾ ਦਾ ਸੈਲਾਬ ਉਮੜਿਆ ਹੈ। ਦੇਸ਼ ਦੀਆਂ ਵੱਖ-ਵੱਖ ਸ਼ਖ਼ਸੀਅਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦੇ ਰਹੀਆਂ ਹਨ।
ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੰਗਤਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਉਹਨਾਂ ਨੇ ਐਕਸ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ, 'ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।।'' ਇਸ ਮੌਕੇ ਉਨ੍ਹਾਂ ਨੇ ਗੁਰਪੁਰਬ ਜਾਤ, ਰੰਗ, ਨਸਲ ਤੇ ਧਰਮ ਦੀਆਂ ਸੌੜੀਆਂ ਵਲਗਣਾਂ ਤੋਂ ਉੱਪਰ ਉੱਠ ਕੇ ਸ਼ਰਧਾ ਤੇ ਸਮਰਪਣ ਭਾਵਨਾ ਨਾਲ ਮਨਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ਦੇ ਬਾਨੀ, ਯੁੱਗ ਪਰਿਵਰਤਕ, ਦੁਨੀਆ ਦੇ ਰਹਿਬਰ, ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਨੂੰ ਲੱਖ ਲੱਖ ਵਧਾਈਆਂ। ਗੁਰੂ ਸਾਹਿਬ ਜੀ ਨੇ ਨਾ ਸਿਰਫ਼ ਲੋਕਾਂ ਨੂੰ ਵਹਿਮਾਂ-ਭਰਮਾਂ ਵਿੱਚੋਂ ਕੱਢਿਆ ਸਗੋਂ ਦੁਨੀਆ ਦੀ ਹੋਂਦ ਨੂੰ ਬਰਕਰਾਰ ਰੱਖਣ ਲਈ ਵਾਤਾਵਰਨ ਦੀ ਸੰਭਾਲ ਬਾਰੇ ਵੀ ਸੁਨੇਹਾ ਦਿੱਤਾ। ਆਓ ਬਾਬੇ ਨਾਨਕ ਦੇ ਦਰਸਾਏ ਰਾਹ 'ਤੇ ਚੱਲੀਏ ਤੇ ਉਹਨਾਂ ਦੀਆਂ ਸਿੱਖਿਆਵਾਂ ਅਤੇ ਸਿਧਾਂਤਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਈਏ।
ਇਸ ਤੋਂ ਇਲਾਵਾ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪੰਜਾਬ ਦੇ ਸਾਰੇ ਮੰਤਰੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੇ ਸੰਸਾਰ ਦੇ ਗੁਰੂ ਵੀ ਹਨ। ਉਨ੍ਹਾਂ ਨੇ ਸਮੁੱਚੀ ਮਨੁੱਖਤਾ ਦੀ ਭਲਾਈ ਦੀ ਕਲਪਨਾ ਕੀਤੀ ਤੇ ਸਾਰੀਆਂ ਜਾਤਾਂ ਨੂੰ ਬਰਾਬਰ ਸਮਝਿਆ।
ਉਨ੍ਹਾਂ ਨੇ ਔਰਤਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਦੇ ਸਨਮਾਨ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਣਾਉਣ ਤੇ ਮਾਨਵਤਾ ਦੀ ਸੇਵਾ ਲਈ ਅਧਿਆਤਮਕਤਾ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਰਾਜਪਾਲ ਪੰਚਕੂਲਾ ਵਿੱਚ ਸਥਿਤ ਗੁਰਦੁਆਰਾ ਨਾਢਾ ਸਾਹਿਬ ਵਿਖੇ ਨਤਮਸਤਕ ਹੋਏ।