Mansa News: ਮਾਨਸਾ ਵਿਖੇ ਪੱਲੇਦਾਰਾਂ ਅਤੇ ਪੁਲਿਸ ਦੇ ਵਿਚਕਾਰ ਜ਼ਬਰਦਸਤ ਧੱਕਾਮੁੱਕੀ ਹੋਈ ਤੇ ਇਸ ਦੌਰਾਨ ਪੱਲੇਦਾਰਾਂ ਦੀਆਂ ਪੱਗਾਂ ਵੀ ਸਿਰ ਤੋਂ ਲੱਥ ਗਈਆਂ ਪੱਲੇਦਾਰਾਂ ਵੱਲੋਂ ਆਪਣੀਆਂ ਮੰਗਾਂ ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਸੱਤ ਮਹੀਨਿਆਂ ਤੋਂ ਸੰਗਰੂਰ ਵਿੱਚ ਪੱਕਾ ਮੋਰਚਾ ਲਗਾਇਆ ਹੋਇਆ ਹੈ। ਅੱਜ ਪੰਜਾਬ ਭਰ ਵਿੱਚ ਸਰਕਾਰ ਦੇ ਖਿਲਾਫ਼ ਡੀਸੀ ਦਫਤਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਠੇਕੇਦਾਰੀ ਸਿਸਟਮ ਨੂੰ ਬੰਦ ਕਰਨ ਦੀ ਮੰਗ ਨੂੰ ਲੈ ਕੇ ਪੱਲੇਦਾਰਾਂ ਵੱਲੋਂ ਪਿਛਲੇ ਸੱਤ ਮਹੀਨਿਆਂ ਤੋਂ ਸੰਗਰੂਰ ਵਿਖੇ ਮੁੱਖ ਮੰਤਰੀ ਦੇ ਸ਼ਹਿਰ ਅਣਮਿਥੇ ਸਮੇਂ ਲਈ ਧਰਨਾ ਦਿੱਤਾ ਜਾ ਰਿਹਾ। ਅੱਜ ਪੰਜਾਬ ਭਰ ਦੇ ਵਿੱਚ ਪੱਲੇਦਾਰਾਂ ਵੱਲੋਂ ਡੀਸੀ ਦਫਤਰਾਂ ਦੇ ਬਾਹਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। ਮਾਨਸਾ ਵਿੱਚ ਪੱਲੇਦਾਰਾਂ ਵੱਲੋਂ ਸ਼ਹਿਰ ਵਿੱਚ ਕਾਲੀਆਂ ਝੰਡੀਆਂ ਦੇ ਨਾਲ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਕਚਹਿਰੀਆਂ ਵਿੱਚ ਪੁਲਿਸ ਦੀਆਂ ਰੋਕਾਂ ਨੂੰ ਤੋੜਦੇ ਹੋਏ ਡੀਸੀ ਦਫਤਰ ਦੇ ਨਜ਼ਦੀਕ ਜਾ ਪਹੁੰਚੇ ਜਿੱਥੇ ਪੁਲਿਸ ਦੇ ਨਾਲ ਪੱਲੇਦਾਰਾਂ ਦੀ ਧੱਕਾਮੁੱਕੀ ਹੋਈ ਤੇ ਪੱਲੇਦਾਰਾਂ ਦੀਆਂ ਪੱਗਾਂ ਵੀ ਲੱਥ ਗਈਆਂ।
ਇਸ ਦੌਰਾਨ ਪੱਲੇਦਾਰਾਂ ਨੇ ਕਿਹਾ ਕਿ ਪਿਛਲੇ ਸੱਤ ਮਹੀਨਿਆਂ ਤੋਂ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿੱਚ ਪ੍ਰਦਰਸ਼ਨ ਕਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਲੇਦਾਰਾਂ ਦੇ ਨਾਲ ਕੋਈ ਵੀ ਮੀਟਿੰਗ ਨਹੀਂ ਕੀਤੀ ਤੇ ਨਾ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਭਗਵੰਤ ਮਾਨ ਨੇ ਪੱਲੇਦਾਰਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕਰ ਦਿੱਤਾ ਜਾਵੇਗਾ ਪਰ ਅਜੇ ਤੱਕ ਠੇਕੇਦਾਰੀ ਸਿਸਟਮ ਨੂੰ ਬੰਦ ਨਹੀਂ ਕੀਤਾ ਗਿਆ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਫੂਡ ਮਨਿਸਟਰ ਲਾਲ ਚੰਦ ਕਟਾਰੂ ਚੱਕ ਨੇ ਪੱਲੇਦਾਰਾਂ ਦੇ ਨਾਲ ਪਹਿਲਾਂ ਕੁਝ ਮੀਟਿੰਗਾਂ ਤੱਕ ਕੀਤੀਆਂ ਪਰ ਹੁਣ ਪੱਲੇਦਾਰਾਂ ਨੂੰ ਪਛਾਣ ਤੋਂ ਹੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਮੰਤਰੀ ਤੱਕ ਠੇਕੇਦਾਰਾਂ ਨੇ ਵੱਡਾ ਚੜਾਵਾ ਚੜਾਇਆ ਹੈ ਜਿਸ ਕਾਰਨ ਪੱਲੇਦਾਰਾਂ ਨੂੰ ਫੂਡ ਮਨਿਸਟਰ ਪਛਾਨਣ ਤੋਂ ਮਨਾ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਫੂਡ ਮਨਿਸਟਰ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਆਉਣ ਵਾਲੇ ਦਿਨਾਂ ਵਿੱਚ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪ੍ਰਦਰਸ਼ਨ ਹੋਰ ਵੀ ਤੇਜ਼ ਕੀਤੇ ਜਾਣਗੇ।