CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਸ੍ਰੀ ਦਰਬਾਰ ਨੂੰ ਉਡਾਉਣ ਦੀਆਂ ਧਮਕੀਆਂ ਭਰੀਆਂ ਈਮੇਲ ਮਿਲਣ ਮਗਰੋਂ ਮੁੱਖ ਮੰਤਰੀ ਦਾ ਇਹ ਪਹਿਲਾ ਦੌਰਾ ਹੈ। ਇਸ ਦੌਰਾਨ ਉਨਾਂ ਨੇ ਕਿਹਾ ਕਿ ਜਾਂਚ ਟੀਮ ਧਮਕੀ ਦੇਣ ਵਾਲੇ ਮੁਲਜ਼ਮ ਦੇ ਬਹੁਤ ਨੇੜੇ ਪੁੱਜ ਗਈ ਹੈ ਤੇ ਜਲਦ ਹੀ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਆਈਪੀ ਐਡਰੈਸਸ ਮਿਲ ਚੁੱਕੇ ਹਨ ਸੁਰੱਖਿਆ ਦਾ ਮੁੱਦਾ ਹੋਣ ਕਾਰਨ ਇਸ ਬਾਰੇ ਜ਼ਿਆਦਾ ਕੁਝ ਨਹੀਂ ਦੱਸ ਸਕਦੇ।
ਇਸ ਦੌਰਾਨ ਸੀਐਮ ਮਾਨ ਨੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੁਰੱਖਿਆ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਸੀਐਮ ਨੇ ਕਿਹਾ ਕਿ ਹਰਿਮੰਦਰ ਸਾਹਿਬ ਵਿਖੇ ਕੁਝ ਧਮਕੀ ਭਰੇ ਈਮੇਲ ਮਿਲ ਰਹੇ ਹਨ। ਕੁਝ ਈਮੇਲ ਮੇਰੇ ਨਾਮ 'ਤੇ ਵੀ ਆਏ ਸਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਐਸਜੀਪੀਸੀ ਪ੍ਰਧਾਨ ਅਤੇ ਉਨ੍ਹਾਂ ਦੇ ਸੀਨੀਅਰ ਮੈਂਬਰ ਨਾਲ ਗੱਲ ਕਰਨ ਦਾ ਮੌਕਾ ਮਿਲਿਆ। ਸਮੱਗਰੀ ਕੀ ਸੀ, ਇਸ ਨੂੰ ਪਹਿਲਾਂ ਪ੍ਰਾਪਤ ਸਮੱਗਰੀ ਨਾਲ ਮੇਲਿਆ ਗਿਆ। ਅਸੀਂ ਪਤਾ ਲਗਾ ਰਹੇ ਹਾਂ ਕਿ ਈਮੇਲ ਕਿੱਥੋਂ ਆਏ ਹਨ। ਸਾਰੇ ਆਈਪੀ ਐਡਰੈੱਸ ਮਿਲ ਗਏ ਹਨ। ਅਸੀਂ ਇਸ ਸਥਾਨ ਦੀ ਸੁਰੱਖਿਆ ਨਾਲ ਸਮਝੌਤਾ ਨਹੀਂ ਕਰ ਸਕਦੇ।
ਅਸੀਂ ਦੋਸ਼ੀ ਦੇ ਬਹੁਤ ਨੇੜੇ ਪਹੁੰਚ ਗਏ ਹਾਂ। ਮੈਂ ਇਸ ਤੋਂ ਵੱਧ ਨਹੀਂ ਦੱਸ ਸਕਦਾ। ਮੁੱਖ ਮੰਤਰੀ ਭਗਵੰਤ ਮਾਨ ਨਾਲ ਕੋਈ ਮੁਲਾਕਾਤ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਈ ਦਿਨਾਂ ਤੋਂ ਲਗਾਤਾਰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨੂੰ ਧਮਕੀ ਭਰੀਆਂ ਈਮੇਲ ਆ ਰਹੀਆਂ ਸਨ, ਜਿਸ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਵਿਚਾਰ ਚਰਚਾ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਧਮਕੀਆਂ ਉਤੇ ਲਗਾਤਾਰ ਐਸਸੀਪੀਸੀ ਅਤੇ ਪੰਜਾਬ ਪੁਲਿਸ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ। ਧਮਕੀ ਭਰੀਆਂ ਈਮੇਲ ਦੇ ਮਾਮਲੇ ਵਿੱਚ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਯਕੀਨ ਦਿਵਾਇਆ ਹੈ ਕਿ ਸਾਨੂੰ ਜਦੋਂ ਵੀ ਕੋਈ ਸੁਰਾਖ ਮਿਲਦਾ ਹੈ ਤਾਂ ਤੁਰੰਤ ਇਸ ਸਬੰਧੀ ਐਸਜੀਪੀਸੀ ਨੂੰ ਦੱਸਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਨੂੰ ਲੈ ਕੇ ਹੀ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਐਸਜੀਪੀਸੀ ਨੂੰ ਕਰੀਬ 10 ਦੇ ਕਰੀਬ ਧਮਕੀ ਭਰੀਆਂ ਈਮੇਲਸ ਆ ਚੁੱਕੀਆਂ ਹਨ। ਧਾਮੀ ਨੇ ਕਿਹਾ ਕਿ ਸਮਾਗਮਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕਿਸੇ ਤਰ੍ਹਾਂ ਦੀ ਕੋਈ ਗੱਲਬਾਤ ਨਹੀਂ ਕੀਤੀ ਗਈ।