Bus Employees Strike: ਪੰਜਾਬ ਰੋਡਵੇਜ਼ ਬੱਸਾਂ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਦੇ ਬੱਸ ਅੱਡੇ ਦੋ ਘੰਟੇ ਲਈ ਬੰਦ ਕਰ ਦਿੱਤੇ ਹਨ।
ਫਰੀਦਕੋਟ ਦੇ ਬੱਸ ਸਟੈਂਡ ਉਤੇ ਪੀਆਰਟੀਸੀ ,ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੋ ਘੰਟੇ ਤੱਕ ਬੱਸ ਸਟੈਂਡ ਦਾ ਗੇਟ ਬੰਦ ਕਰਕੇ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਦੀਆਂ ਕਾਪੀਆਂ ਫੂਕਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਕਰਮਚਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਉਨਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੀ 7,8 ਅਤੇ 9 ਅਪ੍ਰੈਲ ਨੂੰ ਸੂਬੇ ਭਰ ਦੇ ਵਿੱਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ।
ਪੀਆਰਟੀਸੀ ,ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਹੀ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ। ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਉਨ੍ਹਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਦੇ ਤਿੰਨ ਸਾਲ ਬੀਤਣ ਦੇ ਬਾਵਜੂਦ ਅਜੇ ਤੱਕ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਬਲਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਨੂੰ ਖਤਮ ਕਰਨ ਦੀਆਂ ਚਾਲਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਨਾਲ ਵੀ ਉਨ੍ਹਾਂ ਦੀ ਮੀਟਿੰਗ ਹੋਈ ਸੀ ਅਤੇ ਉਸ ਮੀਟਿੰਗ ਵਿੱਚ ਉਨ੍ਹਾਂ ਨੂੰ ਇੱਕ ਮਹੀਨੇ ਵਿੱਚ ਮਸਲਾ ਹੱਲ ਕਰਵਾਉਣ ਦਾ ਭਰੋਸਾ ਮਿਲਿਆ ਸੀ ਪਰ ਉਸ ਤੋਂ ਬਾਅਦ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਮੌਕੇ ਮੁਲਾਜ਼ਮ ਆਗੂ ਹਰਪ੍ਰੀਤ ਸਿੰਘ ਸੋਡੀ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਆਮ ਆਦਮੀ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਦੇ ਵਿੱਚ ਇਸ ਦਾ ਖਾਮੀਆਜਾ ਵੀ ਭੁਗਤਣਾ ਪਵੇਗਾ।
ਕੱਚੇ ਮੁਲਾਜ਼ਮਾਂ ਦੀ ਹੜਤਾਲ ਕਾਰਨ 2,500 ਜਨਤਕ ਆਵਾਜਾਈ ਦੀਆਂ ਬੱਸਾਂ ਸੜਕਾਂ ਤੋਂ ਦੂਰ ਰਹਿਣਗੀਆਂ। 577 ਰੂਟਾਂ 'ਤੇ ਯਾਤਰੀਆਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਨਿੱਜੀ ਬੱਸ ਸੇਵਾ ਆਮ ਵਾਂਗ ਜਾਰੀ ਹਨ।
ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਬਜਟ ਪੇਸ਼ ਕੀਤਾ ਹੈ ਪਰ ਉਨ੍ਹਾਂ ਬਾਰੇ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ। ਕੰਟਰੈਕਟ ਵਰਕਰਜ਼ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨਾਲ ਕਈ ਵਾਰ ਗੱਲਬਾਤ ਕੀਤੀ ਸੀ ਪਰ ਕੁਝ ਨਹੀਂ ਨਿਕਲਿਆ ਅਤੇ ਇਸ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ, ਜਿਸ ਕਾਰਨ ਇਹ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਬੁਢਲਾਡਾ ਐਸਡੀਐਮ ਦਫ਼ਤਰ ਦੇ ਬਾਹਰ ਭੁੱਖ ਹੜਤਾਲ 'ਤੇ ਬੈਠੇ ਦੋ ਫੌਜੀਆਂ ਦੀ ਮਾਂ ਨੂੰ ਪਿਆ ਦੌਰਾ
ਇਸ ਦੇ ਨਾਲ ਹੀ ਯੂਨੀਅਨ ਨੇ ਪੰਜਾਬ ਸਰਕਾਰ ਤੋਂ 10 ਹਜ਼ਾਰ ਨਵੀਆਂ ਬੱਸਾਂ ਖ਼ਰੀਦਣ ਦੀ ਮੰਗ ਕੀਤੀ ਹੈ। ਪੰਜਾਬ ਰੋਡਵੇਜ਼/ਪਨਬਸ ਅਤੇ PRTC ਕੰਟ੍ਰਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਮੰਗਾਂ ਤੇ ਬਜਟ ਵਿੱਚ ਸਰਕਾਰੀ ਟਰਾਂਸਪੋਰਟ ਅਤੇ ਮੁਲਾਜ਼ਮਾਂ ਨੂੰ ਸਰਕਾਰ ਵੱਲੋਂ ਅਣਦੇਖਿਆ ਕੀਤਾ ਗਿਆ ਹੈ। ਇਸ ਦੇ ਰੋਸ ਵਜੋਂ ਪੰਜਾਬ ਦੇ ਸਾਰੇ ਬੱਸ ਸਟੈਂਡ ਅੱਜ 10 ਤੋਂ 12 ਵਜੇ ਤੱਕ ਬੰਦ ਕਰਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ ਤੇ ਬਜਟ ਦੀਆਂ ਕਾਪੀਆਂ ਸੜ੍ਹੀਆਂ ਜਾਣਗੀਆਂ।
ਇਹ ਵੀ ਪੜ੍ਹੋ : 10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਵੱਲੋਂ ਕਾਬੂ