Gurdaspur News: ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਲੂ ਤੇ ਗਰਮੀ ਕਾਰਨ ਬੱਚੇ ਤੇ ਬਜ਼ੁਰਗ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਇਸ ਦਰਮਿਆਨ ਗੁਰਦਾਸਪੁਰ ਰੇਲਵੇ ਸਟੇਸ਼ਨ ਉਤੇ ਗਰਮੀ ਕਾਰਨ ਇੱਕ ਬਜ਼ੁਰਗ ਦੀ ਮੌਤ ਹੋ ਗਈ। ਬਜ਼ੁਰਗ ਹਿਮਾਚਲ ਪ੍ਰਦੇਸ਼ ਵਿੱਚ ਪੇਂਟ ਦਾ ਕੰਮ ਕਰਦਾ ਸੀ। ਹਿਮਾਚਲ ਤੋਂ ਵਾਪਸ ਆਉਂਦੇ ਸਮੇਂ ਰੇਲਵੇ ਸਟੇਸ਼ਨ ਉਤੇ ਆਰਾਮ ਕਰ ਰਿਹਾ ਸੀ। ਗਰਮੀ ਕਾਰਨ ਦਿਲ ਦਾ ਦੌਰਾ ਪੈਣ ਕਾਰਨ ਬਜ਼ੁਰਗ ਦ ਮੌਤ ਹੋ ਗਈ। ਰੇਲਵੇ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੇਹ ਪਰਿਵਾਰ ਦੇ ਹਵਾਲੇ ਕੀਤੀ ਜਾ ਰਹੀ ਹੈ।
ਪੰਜਾਬ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਤਾਪਮਾਨ ਵਿੱਚ 0.3 ਡਿਗਰੀ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ 5.4 ਡਿਗਰੀ ਵੱਧ ਹੈ। ਬਠਿੰਡਾ ਦੇਸ਼ ਵਿੱਚ ਸਭ ਤੋਂ ਗਰਮ ਰਿਹਾ ਹੈ। ਇੱਥੇ 47.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 43 ਡਿਗਰੀ ਤੋਂ ਉੱਪਰ ਬਣਿਆ ਹੋਇਆ ਹੈ। ਅੱਜ 18 ਜ਼ਿਲ੍ਹਿਆਂ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ। ਰਾਤ ਨੂੰ ਵੀ ਗਰਮੀ ਵਧਣ ਦੀ ਸੰਭਾਵਨਾ ਹੈ। ਇਹ ਸਥਿਤੀ 12 ਜੂਨ ਤੱਕ ਬਣੀ ਰਹਿ ਸਕਦੀ ਹੈ, ਜਿਸ ਤੋਂ ਬਾਅਦ ਮੀਂਹ ਪੈਣ ਦੀ ਉਮੀਦ ਹੈ।
ਦੱਸਣਯੋਗ ਹੈ ਕਿ 13 ਸਾਲਾਂ ਬਾਅਦ ਇੰਨੀ ਭਿਆਨਕ ਗਰਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ 1 ਜੂਨ, 2012 ਨੂੰ ਅੰਮ੍ਰਿਤਸਰ ਵਿੱਚ 47.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ ਵੀ 44 ਡਿਗਰੀ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਬਿਜਲੀ ਦੀ ਮੰਗ ਵੀ 16,249 ਮੈਗਾਵਾਟ ਹੋ ਗਈ ਹੈ।
ਇਹ ਰਹੇਗਾ ਸੂਬੇ ਦੇ ਮੌਸਮ ਦਾ ਹਾਲ
ਚੰਡੀਗੜ੍ਹ ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਫਾਜ਼ਿਲਕਾ, ਮੁਕਤਸਰ ਅਤੇ ਮਾਨਸਾ ਵਿੱਚ ਗਰਮੀ ਦੀ ਲਹਿਰ ਰਹੇਗੀ। ਇਸ ਦੇ ਨਾਲ ਹੀ ਰਾਤਾਂ ਵੀ ਗਰਮ ਰਹਿਣਗੀਆਂ। ਇਸ ਤੋਂ ਇਲਾਵਾ ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮੋਗਾ, ਸੰਗਰੂਰ, ਪਟਿਆਲਾ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਵਿੱਚ ਵੀ ਗਰਮੀ ਦੀ ਲਹਿਰ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਮਾਨਸਾ ਵਿੱਚ ਸਿੱਧੂ ਮੂਸੇਵਾਲਾ ਦਾ ਜਨਮਦਿਨ ਮਨਾਇਆ ਗਿਆ, ਖੂਨਦਾਨ ਕੈਂਪ ਲਗਾਇਆ ਗਿਆ