Farmers Protest: 6 ਮਈ ਦੇ ਸ਼ੰਭੂ ਸਰਹੱਦ ਉਤੇ ਧਰਨਾ ਦੇਣ ਦੇ ਪ੍ਰੋਗਰਾਮ ਦਾ ਐਲਾਨ ਹੁੰਦੇ ਹੀ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਆਗੂਆਂ ਦੇ ਘਰਾਂ ਵਿੱਚ ਪੁਲਿਸ ਪਹੁੰਚ ਗਈ। ਜਗਜੀਤ ਸਿੰਘ ਡੱਲੇਵਾਲਾ ਸਮੇਤ ਫੋਰਮ ਦੇ ਦਰਜਨਾਂ ਆਗੂਆਂ ਨੂੰ ਘਰਾਂ ਵਿਚ ਨਜ਼ਰਬੰਦ ਕੀਤਾ ਗਿਆ ਹੈ।
ਸ਼ੰਭੂ ਤੇ ਖਨੌਰੀ ਬਾਰਡਰਾਂ ਤੋਂ ਕਿਸਾਨਾਂ ਦੇ ਸਮਾਨ ਚੋਰੀ ਤੇ ਖੁਰਦ-ਬੁਰਦ ਕੀਤੇ ਜਾਣ ਦਾ ਇਨਸਾਫ਼ ਲੈਣ ਤੇ ਜ਼ਿੰਮੇਵਾਰ ਪੁਲਿਸ ਅਫਸਰਾਂ/ਮੁਲਾਜ਼ਮਾਂ ਅਤੇ ਵਿਧਾਇਕ ਘਿਨੌਰ ਖਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਹੈ।
ਜਗਜੀਤ ਸਿੰਘ ਡੱਲੇਵਾਲ, ਬਲਦੇਵ ਸਿੰਘ ਸਿਰਸਾ ਆਦਿ ਆਗੂ ਘਰਾਂ ਵਿੱਚ ਪੁਲਿਸ ਵੱਲੋਂ ਨਜ਼ਰਬੰਦ ਕੀਤੇ ਗਏ ਹਨ ਅਤੇ ਸੁਖਜੀਤ ਸਿੰਘ ਹਰਦੋ ਝੰਡੇ ਨੂੰ ਗ੍ਰਿਫਤਾਰ ਕਰਕੇ ਥਾਣਾ ਸਦਰ ਬਟਾਲਾ, ਪੰਜਾਬ ਕਿਸਾਨ ਮਜ਼ਦੂਰ ਯੂਨੀਅਨ ਦੇ ਸਾਰੇ ਪ੍ਰਮੁੱਖ ਆਗੂ ਪੁਲਿਸ ਨੇ ਲਏ ਹਿਰਾਸਤ ਵਿੱਚ ਲਏ ਹਨ।
ਕੁਲਵਿੰਦਰ ਸਿੰਘ ਪੰਜੋਲਾ ਪੁਲਿਸ ਚੌਂਕੀ ਪੁਰਖਾਲੀ ਰੋਪੜ, ਹਰਦੇਵ ਸਿੰਘ ਚਿੱਟੀ ਥਾਣਾ ਦੋਰਾਂਗਲਾ, ਗੁਰਦਾਸਪੁਰ, ਗੁਰਪ੍ਰੀਤ ਸਿੰਘ ਛੀਨਾ, ਅੰਗਰੇਜ਼ ਸਿੰਘ ਬੂਟੇ ਵਾਲਾ, ਸ਼ੇਰਾ ਅਠਵਾਲ ਅਤੇ ਹਰਵਿੰਦਰ ਸਿੰਘ ਮਸਾਣੀਆਂ ਸੂਬਾ ਆਗੂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਗ੍ਰਿਫ਼ਤਾਰ ਕਰਕੇ ਸੇਖਵਾਂ ਥਾਣੇ ਲਿਜਾਇਆ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਹੋਰ ਕਈ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰਕੇ ਵੱਖ-ਵੱਖ ਥਾਣਿਆਂ ਵਿੱਚ ਲਿਜਾਇਆ ਗਿਆ।
ਕਾਬਿਲੇਗੌਰ ਹੈ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਅਤੇ ਸਰਵਣ ਸਿੰਘ ਪੰਧੇਰ ਨੇ ਜਥੇਬੰਦੀ ਦੇ ਫ਼ੈਸਲੇ ਅਨੁਸਾਰ 7 ਮਈ ਨੂੰ ਦੇਵੀਦਾਸਪੁਰ ਵਿਖੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਜਾਮ ਕਰਨ ਦਾ, ਐਲਾਨ ਕਰਦੇ ਹੋਏ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਨੂੰ ਪੁਲਿਸ ਰਾਜ ਬਣਾ ਕੇ ਜ਼ਿਲ੍ਹਾ ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਸਮੇਤ ਪੂਰੇ ਪੰਜਾਬ ਵਿੱਚ ਸੈਂਕੜੇ ਥਾਵਾਂ ਉਤੇ ਭਾਰਤਮਾਲਾ ਅਤੇ ਹੋਰ ਪ੍ਰੋਜੈਕਟਾਂ ਤਹਿਤ ਨਿਕਲ ਰਹੀਆਂ ਸੜਕਾਂ ਲਈ ਜ਼ਮੀਨ ਦੀ ਪ੍ਰਾਪਤੀ ਲਈ, ਕੇਂਦਰ ਸਰਕਾਰ ਦੇ ਇਸ਼ਾਰੇ ਉਤੇ, ਜਮੀਨਾਂ ਉਤੇ ਕਬਜ਼ੇ ਕਰਨ ਦੀ ਕਾਰਵਾਈ ਜ਼ੋਰਾਂ ਉਤੇ ਕੀਤੀ ਜਾ ਰਹੀ ਹੈ।
ਇਸ ਚੱਲਦੇ ਪਿਛਲੇ 3 ਸਾਲ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਵਿੱਚ ਸੈਂਕੜੇ ਥਾਵਾਂ ਉਤੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਪਿਛਲੇ ਦਿਨੀਂ ਸੈਂਕੜੇ ਲੋਕਾਂ ਦੇ ਮੌਲਿਕ ਤੇ ਮਨੁੱਖੀ ਅਧਿਕਾਰਾਂ ਨੂੰ ਮਿੱਧ ਕੇ ਬਿਨਾ ਯੋਗ ਮੁਆਵਜ਼ਾ ਦਿੱਤੇ ਜ਼ਮੀਨਾਂ ਦੇ ਕਬਜ਼ੇ ਲਏ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਪ੍ਰਸ਼ਾਸਨ ਵਾਰ-ਵਾਰ ਵਾਅਦਾ ਕੀਤੇ ਗਏ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਦੇ ਪੈਸੇ ਨਹੀਂ ਪਾਏ ਗਏ ਦੇ ਕਬਜ਼ੇ ਨਹੀਂ ਕੀਤੇ ਜਾਣਗੇ ਪਰ ਕਾਫੀ ਅਜਿਹੇ ਕਿਸਾਨਾਂ ਦੀਆਂ ਜ਼ਮੀਨਾਂ ਉਤੇ ਕਬਜ਼ੇ ਦੀ ਕੋਸ਼ਿਸ਼ ਕੀਤੀ ਗਈ ਹੈ ਜਿਨ੍ਹਾਂ ਦੇ ਅਜੇ ਤੱਕ ਐਵਾਰਡ ਨਹੀਂ ਹੋਏ।
ਉਨ੍ਹਾਂ ਨੇ ਕਿਹਾ ਕਿ ਭਾਵੇਂ ਕਿਸਾਨਾਂ ਵੱਲੋਂ ਜ਼ਮੀਨ ਦਾ ਕਬਜ਼ਾ ਵਾਪਸ ਬਹਾਲ ਕਰ ਲਏ ਗਏ ਹਨ ਪਰ ਅੱਜ ਫਿਰ ਤੋਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪਿੰਡ ਸੈਦੂਕੇ ਵਿੱਚ ਭਾਰੀ ਪੁਲਿਸ ਫੋਰਸ ਜ਼ਮੀਨਾਂ ਉਤੇ ਕਬਜ਼ੇ ਕਰਨ ਪਹੁੰਚੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਸਰਕਾਰ ਵੱਲੋਂ ਲੋਕਾਂ ਦੇ ਲੋਕਤੰਤਰਿਕ ਅਧਿਕਾਰਾਂ ਦਾ ਪੁਲਿਸ ਵੱਲੋਂ ਘਾਣ ਕਰਵਾ ਕੇ, ਪੰਜਾਬ ਦੇ ਵਿਕਾਸ ਦਾ ਬਹਾਨਾ ਬਣਾ ਕੇ ਕਾਰਪੋਰੇਟ ਘਰਾਣਿਆਂ ਦਾ ਵਿਕਾਸ ਕੀਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨੂੰ ਇਸਦਾ ਖਮਿਆਜ਼ਾ ਜਲਦ ਭੁਗਤਣਾ ਪਵੇਗਾ।