Kisan Andolan: ਖਨੌਰੀ ਬਾਰਡਰ 'ਤੇ ਹਰਿਆਣਾ ਪੁੁਲਿਸ ਨੇ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਹੋਏ ਹਨ। ਇਸ ਰਸਤੇ ਰਾਹੀਂ ਦਿੱਲੀ ਵੱਲ ਮਾਰਚ ਕਰਨ ਲਈ ਕਿਸਾਨਾਂ ਨੇ ਵੀ ਪੂਰੀ ਤਿਆਰੀ ਕਰ ਲਈ ਗਈ ਹੈ। ਹਰਿਆਣਾ ਤੋਂ ਹਜ਼ਾਰਾਂ ਕਿਸਾਨਾਂ ਪੰਜਾਬ ਦੇ ਕਿਸਾਨਾਂ ਦਾ ਸਾਥ ਦੇਣ ਲਈ ਪਹੁੰਚ ਚੁੱਕੇ ਹਨ। ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ 'ਤੇ ਸ਼ਾਂਤਮਈ ਢੰਗ ਨਾਲ ਆਪਣੇ ਆਗੂਆਂ ਦਾ ਭਾਸ਼ਣ ਸੁਣ ਰਹੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਹਨ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਬਚਾਅ ਕਰਨ ਦੇ ਲਈ ਖੇਤਾਂ 'ਚ ਚਲੇ ਗਏ। ਪਰ ਹਰਿਆਣਾ ਪੁਲਿਸ ਹੰਝੂ ਗੈਸ ਦੇ ਗੋਲੇ ਸੁੱਟਣ ਤੋਂ ਨਹੀਂ ਹਟੀ।
ਹਰਿਆਣਾ ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਵੀ ਚਾਲ ਗਈਆਂ ਹਨ। ਇਨ੍ਹਾਂ ਗੋਲੀਆਂ ਅਤੇ ਹੰਝੂ ਗੈਸ ਦੇ ਨਾਲ ਇੱਕ ਦਰਜਨ ਦੇ ਕਰੀਬ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ ਅਤੇ ਇੱਕ ਕਿਸਾਨ ਦੀ ਲੱਤ ਵਿੱਚ ਗੋਲੀ ਲੱਗਣ ਦੀ ਜਾਣਕਾਰੀ ਮਿਲੀ ਹੈ। ਜਖ਼ਮੀ ਕਿਸਾਨਾਂ ਨੂੰ ਐਂਬੂਲੈਂਸਾਂ ਰਾਹੀਂ ਨੇੜੇ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਹੀ ਹੈ।
ਦੱਸ ਦਈਏ ਕਿ ਅੱਜ ਸਵੇਰੇ ਜਿਵੇਂ ਹੀ ਕਿਸਾਨਾਂ ਨੇ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਦਿੱਲੀ ਕੂਚ ਦੀ ਕੋਸ਼ਿਸ਼ ਕੀਤੀ ਤਾਂ ਸੁਰੱਖਿਆ ਬਲਾਂ ਵੱਲੋਂ ਸਖਤੀ ਕਰਦੇ ਹੋਏ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਬਾਰਡਰਾਂ ਤੇ ਅਜਿਹੇ ਹਾਲਾਤ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਮੁੜ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਮੀਟਿੰਗ ਬੁਲਾ ਲਈ ਹੈ। ਕੇਂਦਰੀ ਖੇਤੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਉਹ ਕਿਸਾਨ ਲੀਡਰਾਂ ਨਾਲ ਪੰਜਵੇਂ ਗੇੜ ਦੀ ਗੱਲਬਾਤ ਲਈ ਤਿਆਰ ਹਨ।
ਇਸ ਮੌਕੇ ਕਿਸਾਨ ਜੱਥੇਬੰਦੀਆਂ ਦੇ ਆਗੂ ਨੇ ਨੌਜਵਾਨਾਂ ਨੂੰ ਅੱਗੇ ਨਾ ਵਧਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਧਰਨੇ ਵਿੱਚ ਪਹੁੰਚੇ ਨੌਜਵਾਨਾਂ ਨੂੰ ਨਿਰਦੇਸ਼ ਦਿੱਤੇ ਕਿ ਬਾਰਡਰ ਵੱਲ ਜੱਥੇਬੰਦੀਆਂ ਦੇ ਲੀਡਰ ਪਹਿਲਾਂ ਵਧਣਗੇ, ਤੁਸੀਂ ਪਿੱਛ ਰਹਿਣਾ ਹੈ। ਅਸੀਂ ਨਹੀਂ ਚਾਹੁੰਦੇ ਕਿ ਕੱਲ੍ਹ ਨੂੰ ਸਾਨੂੰ ਲੋਕ ਕਹਿਣ ਕਿ ਆਗੂਆਂ ਨੇ ਮਾਵਾਂ ਦੇ ਨੌਜਵਾਨ ਪੁੱਤ ਮਰਵਾ ਦਿੱਤੇ। ਸ਼ੰਭੂ ਬਾਰਡਰ 'ਤੇ ਸਵਰਨ ਸਿੰਘ ਪੰਧੇਰ ਨੇ ਇਹ ਵੀ ਐਲਾਨ ਕੀਤਾ ਕਿ ਜੇਕਰ ਕੇਂਦਰ ਸਰਕਾਰ MSP ਦੀ ਕਾਨੂੰਨੀ ਗਾਰੰਟੀ ਦੇ ਦਿੰਦੀ ਹੈ ਤਾਂ ਪ੍ਰਦਰਸ਼ਨਕਾਰੀ ਅੱਗੇ ਨਹੀਂ ਵਧਣਗੇ। ਉਨ੍ਹਾਂ ਆਪਣੇ ਸਾਥੀਆਂ ਨੂੰ ਕਿਹਾ ਕਿ ਕੇਂਦਰ ਸਰਕਾਰ ਦਾ ਸੁਨੇਹਾ ਆਇਆ ਹੈ ਕਿ ਉਹ ਗੱਲਬਾਤ ਕਰਨੀ ਚਾਹੁੰਦੇ ਹਨ।