Partap Singh Bajwa: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ਉਤੇ ਹਾਈ ਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 7 ਮਈ ਉਤੇ ਪਾ ਦਿੱਤੀ ਹੈ। ਫਿਲਹਾਲ ਬਾਜਵਾ ਦੀ ਗ੍ਰਿਫਤਾਰੀ ਉਤੇ ਰੋਕ ਰਹੇਗੀ।
ਸੁਣਵਾਈ ਦੌਰਾਨ ਸਰਕਾਰ ਵੱਲੋਂ ਸਟੇਟਸ ਰਿਪੋਰਟ ਦਾਇਰ ਕੀਤੀ ਗਈ ਹੈ। ਅਦਾਲਤ ਦਾ ਮੰਨਣਾ ਹੈ ਕਿ ਅਜੇ ਜਾਂਚ ਕਰਨੀ ਬਾਕੀ ਹੈ। ਪ੍ਰਤਾਪ ਬਾਜਵਾ ਦੀ ਗ੍ਰਿਫਤਾਰੀ ਦੀ ਜੇ ਲੋੜ ਪਈ ਤਾਂ ਪਹਿਲਾਂ ਸੂਚਿਤ ਕੀਤਾ ਜਾਵੇਗਾ। ਜਾਂਚ 'ਤੇ ਕੋਈ ਵੀ ਰੋਕ ਨਹੀਂ ਹੈ। ਟੀਮ ਆਪਣੀ ਜਾਂਚ ਜਾਰੀ ਰੱਖੇ।
ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ 'ਤੇ ਸੁਣਵਾਈ ਹੋਈ, ਜਿਸ ਵਿੱਚ ਉਨ੍ਹਾਂ ਨੇ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਮਾਮਲੇ ਦੀ ਸੁਣਵਾਈ ਦੁਬਾਰਾ ਸ਼ੁਰੂ ਹੋਈ। ਇਸ ਦੌਰਾਨ, ਪੰਜਾਬ ਸਰਕਾਰ ਵੱਲੋਂ ਕੇਸ ਪੇਸ਼ ਕਰਦੇ ਹੋਏ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਐਫਆਈਆਰ ਦੀ ਜਾਂਚ ਸ਼ੁਰੂ ਹੋ ਗਈ ਹੈ। ਸਰਕਾਰੀ ਵਕੀਲ ਫ਼ੇਰੀ ਸੌਫਟ ਨੇ ਇਹ ਵੀ ਭਰੋਸਾ ਦਿੱਤਾ ਕਿ ਪ੍ਰਤਾਪ ਸਿੰਘ ਬਾਜਵਾ ਨੂੰ ਇਸ ਸਮੇਂ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ।
ਇਸ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ ਦੀ ਤਰੀਕ 7 ਮਈ, 2025 ਮਿੱਥੀ ਹੈ। ਇਸਦੇ ਨਾਲ ਹੀ ਅਦਾਲਤ ਨੇ ਕਿਹਾ ਕਿ ਜੇ ਪ੍ਰਤਾਪ ਬਾਜਵਾ ਦੀ ਗ੍ਰਿਫਤਾਰੀ ਦੀ ਲੋੜ ਪਈ ਤਾਂ ਪਹਿਲਾਂ ਅਦਾਲਤ ਨੂੰ ਸੂਚਿਤ ਕੀਤਾ ਜਾਵੇ। ਕੋਰਟ ਨੇ ਜਾਂਚ 'ਤੇ ਕੋਈ ਵੀ ਰੋਕ ਨਹੀਂ ਲਗਾਈ। ਇਸ ਦੇ ਨਾਲ ਹੀ ਜਾਂਚ ਟੀਮ ਨੂੰ ਕਿਹਾ ਕਿ ਉਹ ਆਪਣੀ ਜਾਂਚ ਜਾਰੀ ਰੱਖਣ। ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਸੀ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਇੱਕ ਚੈਨਲ ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਬੰਬ ਆਏ ਹਨ। ਇਸ ਤੋਂ ਬਾਅਦ ਪ੍ਰਤਾਪ ਸਿੰਘ ਕੋਲ ਪੁੱਛਗਿੱਛ ਲਈ ਪੁਲਿਸ ਗਈ ਸੀ। ਪਰ ਉਨ੍ਹਾਂ ਨੇ ਆਪਣੇ ਸ੍ਰੋਤਾਂ ਸਬੰਧੀ ਕੋਈ ਵੀ ਜਾਣਕਾਰੀ ਨਸ਼ਰ ਨਹੀਂ ਕੀਤੀ। ਇਸ ਮਗਰੋਂ ਮੋਹਾਲੀ ਵਿੱਚ ਬਾਜਵਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਤੋਂ ਲਗਭਗ 5 ਘੰਟੇ ਪੁੱਛਗਿੱਛ ਵੀ ਕੀਤੀ ਗਈ ਸੀ।