Home >>Punjab

Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਗਸਤ 2025

Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥

Advertisement
Ajj da Hukamnama Sri Darbar Sahib: ਹੁਕਮਨਾਮਾ ਸ੍ਰੀ ਦਰਬਾਰ ਸਾਹਿਬ 11 ਅਗਸਤ 2025
Ravinder Singh|Updated: Aug 11, 2025, 06:26 AM IST
Share

Ajj da Hukamnama Sri Darbar Sahib: ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ ਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥੪॥੭॥

ਵਿਆਖਿਆ: ਜਿਸ ਮਨੁੱਖ ਦੀ ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੧॥ ਜਿਸ ਦੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ ਤੇ ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥

ਇਕ ਪਰਮਾਤਮਾ ਵਿਚ ਸੁਰਤ ਜੋੜ ਕੇ ਮਨੁੱਖ ਦੀਆਂ ਅੱਖਾਂ (ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ, ਤੇ ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ ॥੨॥ ਸ਼ਬਦ ਦੀ ਬਰਕਤ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, ਤੇ ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ ॥੩॥ ਨਾਨਕ ਜੀ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤ ਜਾਗਦੀ ਹੈ, ਉਹ ਮਨੁੱਖ ਗੁਰੂ ਦੀ ਬਾਣੀ ਵਿਚ ਜੁੜਦਾ ਹੈ ਜਿਸ ਨਾਲ ਉਸ ਦੇ ਅੰਦਰ ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ ॥੪॥੭॥
ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Read More
{}{}