Jalandhar Protest: ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਲ ਕੱਲ੍ਹ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਜਲੰਧਰ ਦੇ ਪੱਛਮੀ ਹਲਕਾ 'ਚ 'ਆਪ' ਵਰਕਰਾਂ ਵੱਲੋਂ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਤੋਂ ਬਾਅਦ ਭਾਜਪਾ ਨੇ ਚੋਣ ਕਮਿਸ਼ਨ, ਡੀਸੀ ਅਤੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਸੀ। ਚੋਣ ਕਮਿਸ਼ਨ ਨੇ ਵੀਡੀਓਗ੍ਰਾਫੀ ਕਰਵਾ ਕੇ ਅਣਪਛਾਤੇ ਲੋਕਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਮਾਮਲੇ ਦੀ ਪੁਸ਼ਟੀ ਪੁਲਿਸ ਅਧਿਕਾਰੀ ਨੇ ਕੀਤੀ ਹੈ।
ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਥਾਣਾ 5 'ਚ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਧਾਰਾ 283,427,3 ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਵੀਡੀਓਗ੍ਰਾਫੀ ਕਰਕੇ ਨਾਮਜ਼ਦਗੀ ਕੀਤੀ ਜਾਵੇਗੀ।
ਭਾਜਪਾ ਨੇ ਆਪ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨ ਬਾਰੇ ਚੋਣ ਕਮਿਸ਼ਨ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਗਿਆ ਸੀ। ਜਲੰਧਰ 'ਚ 'ਆਪ' ਪਾਰਟੀ ਵਰਕਰਾਂ ਦੇ ਪ੍ਰਦਰਸ਼ਨ ਦੀ ਵੀਡੀਓ ਚੋਣ ਕਮਿਸ਼ਨ ਦੇ ਅਧਿਕਾਰੀਆਂ ਨੇ ਬਣਾਈ ਹੈ। ਜਿਸ ਵਿੱਚ ਪ੍ਰਦਰਸ਼ਨਕਾਰੀਆਂ ਦੇ ਵਾਹਨਾਂ ਦੀ ਵੀ ਵੀਡੀਓਗ੍ਰਾਫੀ ਕੀਤੀ ਗਈ ਹੈ। ਜਿਸ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਸੁਸ਼ੀਲ ਰਿੰਕੂ ਅਤੇ ਸ਼ੀਤਲ ਅੰਗੁਰਾਲ ਬੀਜੇਪੀ ਵਿੱਚ ਸ਼ਾਮਿਲ
ਕੱਲ੍ਹ ਸ਼ਾਮ ਨੂੰ (27 ਮਾਰਚ) ਨੂੰ ਆਮ ਆਦਮੀ ਪਾਰਟੀ ਦੇ ਇਕਲੌਤੇ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਅਤੇ ਹਲਕਾ ਜਲੰਧਰ ਪੱਛਮੀ ਤੋਂ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਵਿਖ਼ੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਇਸ ਮੌਕੇ ਰਿੰਕੂ ਨੇ ਕਿਹਾ ਕਿ ਮੈਂ ਜਲੰਧਰ ਵਾਸੀਆਂ ਦੀਆਂ ਉਮੀਦਾਂ 'ਤੇ ਖਰਾ ਨਹੀਂ ਉੱਤਰ ਸਕਿਆ। ਕਿਉਂਕਿ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਚੋਣ ਵੇਲੇ ਜੋ ਵਆਦੇ ਕੀਤੇ ਸਨ, ਕਿ ਜਲੰਧਰ ਵਾਸੀਆਂ ਦੇ ਸਾਰੇ ਕੰਮ ਕੀਤੇ ਜਾਣਗੇ। ਪਰ ਸਰਕਾਰ ਨੇ ਆਪਣਾ ਹੱਥ ਪਿੱਛੇ ਖਿੱਚ ਲਿਆ। ਜਿਸ ਲਈ ਅੱਜ ਮੈਨੂੰ ਆਮ ਆਦਮੀ ਪਾਰਟੀ ਛੱਡਕੇ ਬੀਜੇਪੀ ਵਿੱਚ ਸ਼ਾਮਿਲ ਹੋਣਾ ਪਿਆ।