Patiala News: ਪਿਛਲੇ ਦਿਨੀਂ ਸਮਾਣਾ ਵਿੱਚ ਹੋਏ ਦਰਦਨਾਕ ਸੜਕ ਹਾਦਸੇ ਵਿੱਚ 7 ਸਕੂਲੀ ਬੱਚਿਆਂ ਦੀ ਮੌਤ ਦੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਦੀ ਮੰਗ ਨੂੰ ਲੈ ਕੇ ਮ੍ਰਿਤਕ ਬੱਚਿਆਂ ਦੇ ਮਾਤਾ ਪਿਤਾ, ਸਮਾਣਾ ਦੇ ਲੋਕ, ਕਿਸਾਨ ਜਥੇਬੰਦੀਆਂ ਅਤੇ ਸਿਆਸੀ ਲੀਡਰਾਂ ਵੱਲੋਂ ਇਕੱਠੇ ਹੋਕੇ ਸਮਾਣਾ ਵਿੱਚ ਧਰਨਾ ਲਗਾਇਆ।
ਇਸ ਮੌਕੇ ਧਰਨਾਕਾਰੀਆਂ ਨੇ ਚਿਤਾਵਨੀ ਦਿੱਤੀ ਦੀ ਕਿ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਦੋਂ ਤੱਕ ਪਟਿਆਲਾ ਪੁਲਿਸ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ। ਕਾਬਿਲੇਗੌਰ ਹੈ ਕਿ ਕੁਝ ਦਿਨ ਪਹਿਲਾਂ ਪਰਿਵਾਰ ਨੂੰ ਮਿਲਣ ਲਈ ਪਟਿਆਲਾ ਐਸਐਸਪੀ ਅਤੇ ਪਟਿਆਲਾ ਡੀਸੀ ਮਿਲਣ ਲਈ ਪਹੁੰਚੇ ਸਨ ਪਰ ਮ੍ਰਿਤਕ ਬੱਚਿਆ ਦੇ ਮਾਤਾ-ਪਿਤਾ ਦੇ ਮਨਾਂ ਵਿੱਚ ਕਾਫੀ ਨਾਰਾਜ਼ਗੀ ਹੈ ਤੇ ਉਹ ਆਪਣੇ ਬੱਚਿਆਂ ਨੂੰ ਇਨਸਾਫ ਦਿਵਾਉਣ ਲਈ ਸੰਘਰਸ਼ ਕਰਦੇ ਰਹਿਣਗੇ।
ਦੂਜੇ ਪਾਸੇ ਪੁਲਿਸ ਵੱਲੋਂ ਇੱਕ ਐਫਆਈਆਰ ਦੀ ਕਾਪੀ ਵੀ ਜਾਰੀ ਕੀਤੀ ਗਈ ਸੀ ਜਿਸ ਵਿੱਚ ਟਿੱਪਰ ਦੇ ਡਰਾਈਵਰ ਅਤੇ ਹੋਰ ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜੇਕਰ ਇਨ੍ਹਾਂ ਪਰਿਵਾਰਕ ਮੈਂਬਰਾਂ ਦੀ ਮੰਨੀਏ ਤਾਂ ਪੁਲਿਸ ਦੀ ਕਾਰਜਸ਼ੈਲੀ ਉਤੇ ਇੱਕ ਵਾਰ ਫਿਰ ਸਵਾਲ ਖੜ੍ਹੇ ਹੋ ਰਹੇ ਹਨ। ਕਾਬਿਲੇਗੌਰ ਹੈ ਕਿ ਬੀਤੇ ਕੱਲ੍ਹ ਤਹਿਸੀਲ ਕੰਪਲੈਕਸ ਕੋਲ ਚੱਲ ਰਹੇ ਧਰਨੇ ਵਿੱਚ ਪੁੱਜੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਆਰਤੀ ਉਤਾਰੀ ਗਈ ਤੇ ਗਲ਼ ਵਿੱਚ ਫੁੱਲਾਂ ਦਾ ਹਾਰ ਪਾ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਸੀ।
ਨਮੋਸ਼ੀ ਦੇ ਮਾਹੌਲ ਵਿੱਚ ਡਿਪਟੀ ਕਮਿਸ਼ਨਰ ਵੱਲੋਂ ਪੀੜਤ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਾ ਚਾਹਿਆ ਪਰ ਲੋਕਾਂ ਨੇ ਕੋਈ ਗੱਲ ਨਹੀਂ ਸੁਣੀ। ਪੀੜਤ ਪਰਿਵਾਰਾਂ ਅਨੁਸਾਰ ਡਿਪਟੀ ਕਮਿਸ਼ਨਰ ਵੱਲੋਂ ਇਸ ਹਾਦਸੇ ਤੋਂ ਪਰਿਵਾਰਾਂ ਦੀ ਕੋਈ ਸਾਰ ਨਹੀਂ ਲਈ ਗਈ ਹੈ ਤੇ ਧਰਨਾ ਲੱਗਣ ਤੋਂ ਸੱਤ ਦਿਨ ਬਾਅਦ ਇੱਥੇ ਪੁੱਜ ਰਹੇ ਹਨ। ਇਸ ਦੌਰਾਨ ਪੀੜਤਾਂ ਨਾਲ ਗੱਲ ਕਰਨ ਪੁੱਜੇ ਵਿਧਾਇਕ ਨੂੰ ਵੀ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।
ਵਿਧਾਇਕ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਟਿੱਪਰਾਂ ਨਾਲ ਕੋਈ ਸਬੰਧ ਨਹੀਂ ਹੈ ਤੇ ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰਾਂ ਨੇ ਡਿਪਟੀ ਕਮਿਸ਼ਨਰ ਤੇ ਵਿਧਾਇਕ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਤੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀ ਕੀਤਾ ਜਾਂਦਾ, ਉਦੋਂ ਤੱਕ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਕੀਤੇ ਗਏ ਐਲਾਨ ਅਨੁਸਾਰ ਸੱਤ ਜੂਨ ਨੂੰ ਸਮਾਣਾ-ਪਟਿਆਲਾ ਮਾਰਗ ਉਤੇ ਸਥਿਤ ਭਾਖੜਾ ਨਹਿਰ ਪੁਲ ਉਤੇ ਪੱਕਾ ਧਰਨਾ ਦਿੱਤਾ ਜਾਵੇਗਾ।