Ludhiana By Election News: ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਲੁਧਿਆਣਾ ਪੱਛਮੀ 'ਤੇ ਹੋਣ ਜਾ ਰਹੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਇਸ ਮੌਕੇ ਕਾਂਗਰਸ ਪੰਜਾਬ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਰਹੇ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਅੱਜ ਭਾਰਤ ਭੂਸ਼ਨ ਆਸ਼ੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਲਈ ਪਹੁੰਚੇ ਹਨ। ਉਹਨਾਂ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰਨਗੇ। ਇਸ ਤੋਂ ਇਲਾਵਾ ਉਹਨਾਂ ਸੂਬਾ ਸਰਕਾਰ 'ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਸੂਬੇ ਵਿੱਚ ਤਿੰਨ ਸਾਲ ਹੋ ਗਏ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪਰ ਸਰਕਾਰ ਨੇ ਲੋਕਾਂ ਲਈ ਕੋਈ ਵੀ ਕੰਮ ਨਹੀਂ ਕੀਤਾ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਜੋ ਕੰਮ ਆਪਣੀ ਸਰਕਾਰ ਵੇਲੇ ਕੀਤੇ ਸਨ। ਉਹਨਾਂ ਕੰਮਾਂ ਦੇ ਆਧਾਰ ਉੱਤੇ ਉਹਨਾਂ ਕੋਲੋਂ ਵੋਟ ਮੰਗੀ ਜਾਵੇਗੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਇੱਕਜੁਟਤਾ ਦੇ ਨਾਲ ਇਸ ਸੀਟ ਉੱਤੇ ਜਿੱਤ ਹਾਸਿਲ ਕਰੇਗੀ। ਉਹਨਾਂ ਕਿਹਾ ਕਿ ਭਾਰਤ ਭੂਸ਼ਨ ਆਸ਼ੂ ਦੇ ਹੱਕ ਵਿੱਚ ਸਾਰੀ ਲੀਡਰਸ਼ਿਪ ਪਹੁੰਚੀ ਹੈ ਉਹਨਾਂ ਕਿਹਾ ਕਿ ਆਉਣ ਵਾਲੇ ਨਤੀਜਿਆਂ ਵਿੱਚ ਕਾਂਗਰਸ ਵੱਡੇ ਫਰਕ ਉੱਤੇ ਜਿੱਤ ਹਾਸਲ ਕਰੇਗੀ। ਉਹਨਾਂ ਨੇ ਕਿਹਾ ਕਿ ਭਾਰਤ ਭੂਸ਼ਨ ਸਾਡੇ ਜਰਨੈਲ ਹਨ।
ਇਸ ਦੇ ਨਾਲ ਹੀ ਭਾਰਤ ਭੂਸ਼ਨ ਆਸ਼ੂ ਨੇ ਵੀ ਕਿਹਾ ਕਿ ਅੱਜ ਸਮੁੱਚੀ ਕਾਂਗਰਸ ਦੀ ਲੀਡਰਸ਼ਿਪ ਉਹਨਾਂ ਦੇ ਨਾਲ ਹੈ। ਉਹਨਾਂ ਕਿਹਾ ਕਿ ਪ੍ਰਧਾਨ ਸਾਹਿਬ ਦੇ ਨਾਲ ਮਿਲ ਕੇ ਉਹ ਆਪਣੀ ਚੋਣ ਨੂੰ ਨੇਪਰੇ ਚਾੜਨਗੇ ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਉਹ ਕਿਸੇ ਨਾਲ ਵੀ ਆਪਣਾ ਮੁਕਾਬਲਾ ਨਹੀਂ ਸਮਝਦੇ।