Home >>Punjab

ਭਾਜਪਾ ਦੀ ਕੇਂਦਰ ਸਰਕਾਰ ਵਲੋਂ ਬਿਸ਼ਨੋਈ ਨੂੰ ਜੇਲ੍ਹ ’ਚ ਦਿੱਤਾ ਜਾ ਰਿਹੈ VIP ਟ੍ਰੀਟਮੈਂਟ- ਮਹਿੰਦਰ ਭਗਤ

Manoranjan Kalia Grenade attack: ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦੇਰ ਰਾਤ ਇਕ – ਡੇਢ ਵਜੇ ਦੇ ਕਰੀਬ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ।

Advertisement
ਭਾਜਪਾ ਦੀ ਕੇਂਦਰ ਸਰਕਾਰ ਵਲੋਂ ਬਿਸ਼ਨੋਈ ਨੂੰ ਜੇਲ੍ਹ ’ਚ ਦਿੱਤਾ ਜਾ ਰਿਹੈ VIP ਟ੍ਰੀਟਮੈਂਟ- ਮਹਿੰਦਰ ਭਗਤ
Manpreet Singh|Updated: Apr 08, 2025, 03:52 PM IST
Share

Manoranjan Kalia Grenade attack: ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਪਿੱਛੇ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਪਾਕਿਸਤਾਨੀ ਆਕਾਵਾਂ ਦਾ ਹੱਥ ਹੈ। ਕੈਬਨਿਟ ਮੰਤਰੀ ਨੇ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਵਿੱਚ ਬਿਸ਼ਨੋਈ ਨੂੰ ਕਥਿਤ ਤੌਰ 'ਤੇ ਵੀ.ਆਈ.ਪੀ. ਸੁਰੱਖਿਆ ਪ੍ਰਦਾਨ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਵੀ ਕੀਤੀ।

ਭਗਤ ਨੇ ਇਹ ਟਿੱਪਣੀਆਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਦੌਰਾ ਕਰਨ ਦੌਰਾਨ ਕੀਤੀਆਂ। ਉਨ੍ਹਾਂ ਦੀ ਇਕ ਚੰਗੇ ਮਾਹੌਲ ਵਿੱਚ ਮਨੋਰੰਜਨ ਕਾਲੀਆ ਨਾਲ ਗੱਲਬਾਤ ਹੋਈ, ਜਿਸ ਦੌਰਾਨ ਭਗਤ ਨੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਲਾਰੈਂਸ ਬਿਸ਼ਨੋਈ ਦੀ ਭੂਮਿਕਾ 'ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਦਾਅਵਾ ਕੀਤਾ ਕਿ ਉਹ ਪਾਕਿਸਤਾਨੀ ਆਕਾਵਾਂ ਦੀ ਮਦਦ ਨਾਲ ਪੰਜਾਬ ਵਿੱਚ ਅਜਿਹੇ ਹਮਲਿਆਂ ਨੂੰ ਅੰਜਾਮ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਤੋਂ ਲੁਕਿਆ ਛੁਪਿਆ ਨਹੀਂ ਕਿ ਲਾਰੈਂਸ ਬਿਸ਼ਨੋਈ ਦੇ ਪਾਕਿਸਤਾਨ ਨਾਲ ਸਬੰਧ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨੀ ਡੌਨ ਸ਼ਹਿਜ਼ਾਦ ਭੱਟੀ ਦੇ ਇਸ਼ਾਰੇ 'ਤੇ ਇੱਕ ਯੂਟਿਊਬਰ ਦੇ ਘਰ 'ਤੇ ਬੀਤੇ ਸਮੇਂ ਦੌਰਾਨ ਹੋਏ ਹਮਲੇ ਨੇ ਇਨ੍ਹਾਂ ਅੰਤਰਰਾਸ਼ਟਰੀ ਸਬੰਧਾਂ ਨੂੰ ਪਹਿਲਾਂ ਹੀ ਬੇਨਕਾਬ ਕਰ ਦਿੱਤਾ ਹੈ।

ਭਗਤ ਨੇ ਕੇਂਦਰ ਸਰਕਾਰ 'ਤੇ ਬਿਸ਼ਨੋਈ ਨੂੰ ਜੇਲ੍ਹ ਵਿੱਚ ਉੱਚ ਪੱਧਰੀ ਸੁਰੱਖਿਆ ਮੁਹੱਈਆ ਕਰਵਾਉਣ ਦਾ ਦੋਸ਼ ਲਗਾਇਆ ਅਤੇ ਕੇਂਦਰ ਦੀ ਮਨਸ਼ਾ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬਿਸ਼ਨੋਈ ਵਰਗੇ ਗੈਂਗਸਟਰ ਨੂੰ ਪੂਰੀ ਸੁਰੱਖਿਆ ਮੁਹੱਈਆ ਕਰਨਾ ਕੇਂਦਰ ਦੀ ਭੂਮਿਕਾ 'ਤੇ ਸਵਾਲੀਆ ਨਿਸ਼ਾਨ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਸਮਾਜ ਵਿਰੋਧੀ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦਾ ਤੇਜ਼ ਵਿਕਾਸ, ਖਾਸ ਕਰ ਸਰਕਾਰ ਦੀ ਨਸ਼ਿਆਂ ਵਿਰੁੱਧ ਹਮਲਾਵਰ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਹਜ਼ਮ ਨਹੀਂ ਹੋ ਰਹੀ।

ਭਗਤ ਨੇ ਕਿਹਾ ਕਿ ਪੰਜਾਬ ਪੁਲਿਸ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਸਰਕਾਰ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।

ਇਸ ਦੌਰਾਨ, ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਜੋ ਕੈਬਨਿਟ ਮੰਤਰੀ ਦੇ ਨਾਲ ਸਨ, ਨੇ ਵੀ ਪੰਜਾਬ ਵਿੱਚ ਅਜਿਹੇ ਹਮਲਿਆਂ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਉਸਦੇ ਪਾਕਿਸਤਾਨ ਸਥਿਤ ਆਕਾਵਾਂ ਦਾ ਹੱਥ ਹੋਣ 'ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਪਾਕਿਸਤਾਨ ਦੇ ਇਸ਼ਾਰੇ 'ਤੇ ਲਾਰੈਂਸ ਦੇ ਨਾਪਾਕ ਨੈੱਟਵਰਕ ਨੂੰ ਉਜਾਗਰ ਕੀਤਾ, ਜੋ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲਾਰੈਂਸ ਬਿਸ਼ਨੋਈ ਅਹਿਮਦਾਬਾਦ ਦੀ ਸਾਬਰਮਤੀ ਜੇਲ੍ਹ ਤੋਂ ਸਾਰੇ ਨੈੱਟਵਰਕ ਨੂੰ ਸੰਭਾਲ ਰਿਹਾ ਹੈ, ਜਿੱਥੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਉਸ ਨੂੰ ਵਿਸ਼ੇਸ਼ ਟ੍ਰੀਟਮੈਂਟ ਦਿੱਤਾ ਜਾ ਰਿਹਾ ਹੈ।

Read More
{}{}