Faridkot News(ਨਰੇਸ਼ ਸੇਠੀ): ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਪ੍ਰਸ਼ਾਸ਼ਨ ਵੱਲੋਂ ਡਰੱਗ ਹੋਟ ਸਪਾਟ ਇਲਾਕਿਆ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਮਿਲ ਕੇ ਜਿਲ੍ਹੇ ਦੇ ਅਣ-ਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਸੇ ਮੁਹਿੰਮ ਤਹਿਤ ਜਿਲ੍ਹਾ ਪ੍ਰਸ਼ਾਸ਼ਨ, ਸਿਹਤ ਵਿਭਾਗ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦਿਆਂ ਗੁਪਤ ਸੂਚਨਾ ਦੇ ਅਧਾਰ ਤੇ ਜਿਲ੍ਹੇ ਵਿੱਚ ਅਣਅਧਿਕਾਰਤ ਸੈਂਟਰ ਸੀਲ ਕੀਤੇ ਗਏ ਅਤੇ ਮਰੀਜਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਤਬਦੀਲ ਕੀਤਾ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਸੇ ਤਹਿਤ ਕਾਰਵਾਈ ਕਰਦੇ ਹੋਏ ਇੱਕ ਸੂਚਨਾ ਪ੍ਰਾਪਤ ਹੋਈ ਕਿ ਪਿੰਡ ਭਾਣਾ, ਫਰੀਦਕੋਟ ਵਿਖੇ ਇੱਕ ਅਣ-ਅਧਿਕਾਰਿਤ ਨਸ਼ਾ ਛੁਡਾਊ ਸੈਟਰ ਚਲਾਇਆ ਜਾ ਰਿਹਾ ਹੈ।
ਜਿਸ ਤੇ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਮੌਕਾ ਪਰ ਪੁੱਜੀਆਂ ਜਿਨ੍ਹਾਂ ਨਾਲ ਸਿਹਤ ਵਿਭਾਗ ਦੀ ਟੀਮ ਵੀ ਸ਼ਾਮਲ ਸੀ ਜਿੱਥੇ ਪਹੁੰਚ ਕੇ ਹੈਲਥ ਡਿਪਾਰਟਮੈਂਟ ਦੀਆਂ ਟੀਮਾਂ ਨਾਲ ਮਿਲ ਕੇ ਇਸ ਸੈਟਰ ਦੀ ਚੈਕਿੰਗ ਕੀਤੀ ਗਈ ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਇਹ ਸੈਟਰ ਫਰੀ ਟੂ ਫਲਾਈ ਨਾਮ ਦੀ ਸੰਸਥਾ ਵੱਲੋਂ ਚਲਾਇਆ ਜਾ ਰਿਹਾ ਸੀ, ਜਿਸ ਨੂੰ ਕਿ ਮੋਹਿਤ ਕੁਮਾਰ ਵਾਸੀ ਮੁਕਤਸਰ ਵੱਲੋਂ ਬਿਨਾਂ ਕਿਸੇ ਲਾਇਸੰਸ ਦੇ ਚਲਾਇਆ ਜਾ ਰਿਹਾ ਸੀ। ਜਿਸ ਨੂੰ ਡਿਊਟੀ ਮੈਜਿਸਟ੍ਰੇਟ ਸ਼੍ਰੀ ਹਰਸ਼ਵੀਰ ਗੋਇਲ (ਨਾਇਬ ਤਹਿਸੀਲਦਾਰ) ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਸ ਸੈਟਰ ਨੂੰ ਸੀਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫਸਰ, ਡਾ. ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਚੈਕਿੰਗ ਦੌਰਾਨ ਉਨ੍ਹਾਂ ਨੂੰ ਕੁੱਝ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ ਜਿਹਨਾਂ ਵਿੱਚ ਡੋਪ ਟੈਸਟ ਦੀਆ ਕਿੱਟਾ ਵੀ ਬਰਾਮਦ ਹੋਈਆਂ ਹਨ ਇਸ ਅਣ-ਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰ ਨੂੰ ਸੀਲ ਕਰਨ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਇਸ ਸਬੰਧੀ ਸ਼੍ਰੀ ਤਰਲੋਚਨ ਸਿੰਘ ਡੀ.ਐਸ.ਪੀ(ਸਬ-ਡਵੀਜਨ) ਫਰੀਦਕੋਟ ਨੇ ਦੱਸਿਆ ਕਿ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਅਣਅਧਿਕਾਰਿਤ ਤੌਰ ਤੇ ਚੱਲ ਰਹੇ ਨਸ਼ਾ ਛੁਡਾਊ ਸੈਟਰਾਂ ਦੀ ਚੈਕਿੰਗ ਲਈ ਸਿਹਤ ਵਿਭਾਗ ਅਤੇ ਸਿਵਲ ਵਿਭਾਗ ਨਾਲ ਮਿਲ ਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੌਰਾਨ ਉਹਨਾਂ ਅਪੀਲ ਕੀਤੀ ਕਿ ਨਸ਼ੇ ਤੋਂ ਪੀੜਤ ਵਿਅਕਤੀਆਂ ਨੂੰ ਸਿਰਫ ਸਰਕਾਰੀ ਨਸ਼ਾ ਛੁਡਾਊ ਕੇਂਦਰ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਇਲਾਜ ਕਰਵਾਉਣਾ ਚਾਹੀਦਾ ਹੈ।