Farmer Meeting Postponed: ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ 4 ਮਈ ਨੂੰ ਨਿਰਧਾਰਤ ਕੀਤੀ ਗਈ ਬੈਠਕ ਹੁਣ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਉਸ ਵੇਲੇ ਲਿਆ ਗਿਆ ਹੈ ਜਦੋਂ ਕਿਸਾਨਾਂ ਵੱਲੋਂ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਦੀ ਮੌਜੂਦਗੀ 'ਤੇ ਸਵਾਲ ਚੁੱਕੇ ਸਨ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਇਸ ਮੀਟਿੰਗ ਵਿੱਚ ਆਪਣੇ ਨੁਮਾਇੰਦਾ ਭੇਜਣ ਦੀ ਇਜਾਜ਼ਤ ਦੇਣ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਬਿਨਾ ਇਹ ਗੱਲਬਾਤ ਅਧੂਰੀ ਰਹੇਗੀ।
ਸਰਕਾਰ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਇਨਕਾਰ ਸਬੰਧੀ ਫੈਸਲੇ ‘ਤੇ ਮੁੜ ਵਿਚਾਰ ਕਰਨ, ਤਾਂ ਜੋ ਸੰਵਾਦ ਦੀ ਪ੍ਰਕਿਰਿਆ ਅੱਗੇ ਵਧ ਸਕੇ। ਕੇਂਦਰ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਜਦ ਤੱਕ ਪੰਜਾਬ ਸਰਕਾਰ ਦੇ ਨੁਮਾਇੰਦੇ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਸਹਿਮਤ ਨਹੀਂ ਹੁੰਦੇ, ਅਗਲੀ ਤਰੀਕ ਫਾਈਨਲ ਨਹੀਂ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਹੋਰ ਕਿਸਾਨ ਸੰਗਠਨਾਂ ਨੇ ਪਹਿਲਾਂ ਹੀ ਸਪੱਸ਼ਟ ਕਰ ਦਿੱਤਾ ਸੀ ਕਿ ਉਹ ਕੇਵਲ ਤਦ ਹੀ ਗੱਲਬਾਤ ਲਈ ਮੀਟਿੰਗ ਵਿੱਚ ਸ਼ਾਮਿਲ ਹੋਣਗੇ ਜਦੋਂ ਪੰਜਾਬ ਸਰਕਾਰ ਨੂੰ ਇਸ ਮੀਟਿੰਗ ਚੋਂ ਬਾਹਰ ਰੱਖਿਆ ਜਾਂਦਾ ਹੈ।