Farmers Meeting News: ਕੇਂਦਰ ਅਤੇ ਕਿਸਾਨਾਂ ਵਿਚਾਲੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਅਤੇ ਹੋਰ ਮੰਗਾਂ 'ਤੇ ਅੱਜ ਚੰਡੀਗੜ੍ਹ ਵਿੱਚ ਸੱਤਵੇਂ ਦੌਰ ਦੀ ਗੱਲਬਾਤ ਹੋਈ। ਫਿਲਹਾਲ ਅੱਜ ਦੀ ਮੀਟਿੰਗ ਵਿੱਚ ਕੁੱਝ ਵੀ ਖਾਸ ਨਿੱਕਲਕੇ ਸਹਾਮਣੇ ਨਹੀਂ ਆਇਆ। ਜਾਣਕਾਰੀ ਮੁਤਾਬਿਕ ਅਗਲੀ ਮੀਟਿੰਗ 4 ਮਈ ਨੂੰ ਅਗਲੀ ਮੀਟਿੰਗ ਹੋਵੇਗੀ।
ਮੀਟਿੰਗ ਤੋਂ ਬਾਅਦ ਕਿਸਾਨਾਂ ਨੇ ਸਪੱਸ਼ਟ ਤੌਰ 'ਤੇ ਕਿਹਾ ਹੈ ਕਿ ਦੋਵੇਂ ਮੋਰਚੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਨਹੀਂ ਹੁੰਦੀ ਅਤੇ ਇਹ ਕਾਨੂੰਨ ਨਹੀਂ ਬਣਦਾ। ਇਸ ਦੇ ਨਾਲ ਹੀ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕੀਤਾ ਜਾ ਰਿਹਾ ਮਰਨ ਵਰਤ ਵੀ ਜਾਰੀ ਰਹੇਗਾ।
ਇਸ ਮੀਟਿੰਗ ਵਿੱਚ 3 ਕੇਂਦਰੀ ਮੰਤਰੀਆਂ ਪਿਊਸ਼ ਗੋਇਲ, ਪ੍ਰਹਿਲਾਦ ਜੋਸ਼ੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਇਲਾਵਾ, ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਸ਼ਾਮਲ ਹੋਏ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਕਿਹਾ ਕਿ ਅਗਲੀ ਮੀਟਿੰਗ 4 ਮਈ ਨੂੰ ਹੋਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਵੇਂ ਕੇਂਦਰੀ ਮੰਤਰੀਆਂ ਨਾਲ ਅੱਜ ਦੀ ਮੀਟਿੰਗ ਬੇਸਿੱਟਾ ਰਹੀ, ਪਰ ਇਸ ਸਮੇਂ ਦੌਰਾਨ ਕਿਸਾਨਾਂ ਅਤੇ ਸਰਕਾਰ ਵਿਚਕਾਰ ਗੱਲਬਾਤ ਅੱਗੇ ਵਧੀ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਕਿਹਾ ਹੈ ਕਿ ਜੇਕਰ ਐਮਐਸਪੀ 'ਤੇ ਕਾਨੂੰਨ ਬਣਾਇਆ ਜਾਂਦਾ ਹੈ, ਤਾਂ ਇਸ ਨਾਲ ਕੁਝ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਉਹ ਇਸ ਮਾਮਲੇ 'ਤੇ ਸਾਰੇ ਕੇਂਦਰੀ ਵਿਭਾਗਾਂ ਨਾਲ ਚਰਚਾ ਕਰਨਾ ਚਾਹੁੰਦਾ ਹੈ ਅਤੇ ਇਸਦਾ ਵਿਸਥਾਰ ਨਾਲ ਅਧਿਐਨ ਕਰਨਾ ਚਾਹੁੰਦਾ ਹੈ, ਇਸ ਲਈ ਉਸਨੂੰ ਸਮਾਂ ਚਾਹੀਦਾ ਹੈ। ਪੰਧੇਰ ਨੇ ਕਿਹਾ ਕਿ ਭਾਰਤ ਸਰਕਾਰ ਨੇ ਕਿਹਾ ਕਿ ਅਸੀਂ ਗੱਲਬਾਤ ਜਾਰੀ ਰੱਖਣਾ ਚਾਹੁੰਦੇ ਹਾਂ, ਇਹ ਮਸਲਾ ਗੱਲਬਾਤ ਰਾਹੀਂ ਹੀ ਹੱਲ ਹੋਵੇਗਾ। ਹੁਣ ਦੇਖਦੇ ਹਾਂ ਕਿ ਸਰਕਾਰ 2 ਮਹੀਨਿਆਂ ਲਈ MSP ਦੀ ਗਰੰਟੀ ਦੇਣ ਲਈ ਕੀ ਕਰਦੀ ਹੈ।