Hardeep Singh Mundian: ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਦੇਣ ਲਈ ਵਚਨਬੱਧ ਹੈ। ਮਾਲ ਵਿਭਾਗ ਦੇ ਦਫਤਰਾਂ ਵਿੱਚ ਲੋਕਾਂ ਦੀ ਖੱਜਲ ਖੁਆਰੀ ਕਤਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੁੰਡੀਆਂ ਨੇ ਕਿਹਾ ਕਿ ਮਾਲ ਵਿਭਾਗ ਵਿੱਚ ਚੱਲ ਰਹੇ ਸੁਧਾਰਾਂ ਦੇ ਚੱਲਦਿਆਂ ਕੱਲ੍ਹ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ ਪ੍ਰੰਤੂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀਆਂ ਨੇ ਹਾਲੇ ਆਪਣੀ ਡਿਊਟੀ ਜੁਆਇਨ ਨਹੀਂ ਕੀਤੀ। ਉਨ੍ਹਾਂ ਤਬਾਦਲਿਆਂ ਵਾਲੇ ਸਾਰੇ ਤਹਿਸੀਲਦਾਰਾਂ/ਨਾਇਬ ਤਹਿਸੀਲਦਾਰਾਂ ਨੂੰ ਤੁਰੰਤ ਨਵੀਂ ਤਾਇਨਾਤੀ ਉੱਤੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਹਨ।
ਮਾਲ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਭਲਕ ਤੋਂ ਕਿਸੇ ਵੀ ਮਾਲ ਦਫ਼ਤਰ ਦੀ ਚੈਕਿੰਗ ਕਰ ਸਕਦੇ ਹਨ ਅਤੇ ਜੇਕਰ ਇਸ ਅਚਨਚੇਤ ਚੈਕਿੰਗ ਦੌਰਾਨ ਕੋਈ ਵੀ ਡਿਊਟੀ ’ਤੇ ਗੈਰ ਹਾਜ਼ਰ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਨੁਸਾਸ਼ਣਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।