Nangal News (ਬਿਮਲ ਸ਼ਰਮਾ): ਨੰਗਲ ਪੁਲਿਸ ਨੇ ਡਾਲਰ ਦਾ ਲਾਲਚ ਦੇ ਕੇ ਕੈਨੇਡਾ ਭੇਜਣ ਦੇ ਨਾਮ 'ਤੇ ਠੱਗੀ ਮਾਰਨ ਵਾਲੇ ਦੋ ਟ੍ਰੈਵਲ ਏਜੰਟਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਇਹ ਏਜੰਟ ਲੋਕਾਂ ਨੂੰ ਡਾਲਰ ਦਾ ਲਾਲਚ ਦੇ ਕੇ ਵਿਦੇਸ਼ ਭੇਜਣ ਦੇ ਨਾਮ 'ਤੇ ਠੱਗੀ ਮਾਰਦੇ ਸਨ। ਹਾਲਾਂਕਿ ਉਨ੍ਹਾਂ ਦਾ ਇੱਕ ਸਾਥੀ ਅਜੇ ਵੀ ਫਰਾਰ ਹੈ। ਇਸ ਗੱਲ ਦੀ ਪੁਸ਼ਟੀ ਐਸਐਚਓ ਇੰਸਪੈਕਟਰ ਰਾਹੁਲ ਸ਼ਰਮਾ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕੀਤੀ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਨੰਗਲ ਦੇ ਮੁਹੱਲਾ ਰਾਜਨਗਰ ਦੇ ਵਸਨੀਕ ਜਸਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸਾਲ 2019 ਵਿੱਚ ਉਸਨੇ ਆਪਣੇ ਤਿੰਨ ਦੋਸਤਾਂ ਨਾਲ ਮਿਲ ਕੇ ਫਿਲੌਰ ਦੇ ਰਹਿਣ ਵਾਲੇ ਸਤਵਿੰਦਰ ਸਿੰਘ ਦੇ ਕਹਿਣ 'ਤੇ ਦਿੱਲੀ ਦੇ ਰਹਿਣ ਵਾਲੇ ਟਰੈਵਲ ਏਜੰਟ ਸਤਨਾਮ ਸਿੰਘ ਨੂੰ ਕੁੱਲ 18 ਲੱਖ 75 ਹਜ਼ਾਰ ਰੁਪਏ ਦਿੱਤੇ ਸਨ ਪਰ ਉਸ ਤੋਂ ਬਾਅਦ ਇਹ ਲੋਕ ਲਾਪਤਾ ਹੋ ਗਏ।
ਇਹ ਵੀ ਪੜ੍ਹੋ : ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਨੇ ਖੇਡੀ ਹੋਲੀ, ਯੂਨੀਵਰਸਿਟੀ ਪ੍ਰਸ਼ਾਸਨ ਨੇ ਐਫਆਈਆਰ ਕਰਵਾਈ ਦਰਜ
ਇਸ ਤੋਂ ਬਾਅਦ ਹੀ ਜਸਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਨੰਗਲ ਪੁਲਿਸ ਨੇ 13 ਅਗਸਤ 2024 ਨੂੰ ਮਾਮਲਾ ਦਰਜ ਕੀਤਾ ਸੀ ਅਤੇ ਪੁਲਿਸ ਨੇ ਹੁਣ ਫਿਲੌਰ ਤੋਂ ਸਤਵਿੰਦਰ ਸਿੰਘ ਅਤੇ ਦਿੱਲੀ ਤੋਂ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਹੈ। ਇੱਥੇ ਮਾਣਯੋਗ ਜੱਜ ਨੇ ਦੋਵਾਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਸ ਦੌਰਾਨ ਕੀਤੀ ਗਈ ਪੁੱਛਗਿੱਛ ਦੌਰਾਨ ਇਨ੍ਹਾਂ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਇਹ ਪੈਸੇ ਜੰਮੂ-ਕਸ਼ਮੀਰ ਦੇ ਰਹਿਣ ਵਾਲੇ ਸੁਨੀਲ ਕੁਮਾਰ ਨੂੰ ਦਿੱਤੇ ਹਨ ਅਤੇ ਇਸੇ ਆਧਾਰ 'ਤੇ ਸੁਨੀਲ ਕੁਮਾਰ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਕਾਬਿਲੇਗੌਰ ਹੈ ਕਿ ਅਮਰੀਕਾ ਤੋਂ ਡਿਪੋਰਟ ਹੋਏ ਪੰਜਾਬੀ ਨੌਜਵਾਨਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਜਾਅਲੀ ਟਰੈਵਲ ਏਜੰਟਾਂ ਖਿਲਾਫ਼ ਮੁਹਿੰਮ ਵਿੱਢ ਦਿੱਤੀ ਹੈ।
ਇਹ ਵੀ ਪੜ੍ਹੋ : Amritsar News: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਲਏ ਫ਼ੈਸਲੇ ਇੰਨ-ਬਿਨ ਲਾਗੂ ਰਹਿਣਗੇ-ਪੰਜ ਮੈਂਬਰੀ ਕਮੇਟੀ