Sukhbir Badal: ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ। ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਵਾਰ-ਵਾਰ ਸਮਾਂ ਦਿੱਤਾ ਗਿਆ ਸੀ।
ਹਰਜਿੰਦਰ ਸਿੰਘ ਧਾਮੀ ਦੇ ਕਹਿਣ ਉਤੇ ਵੀ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਨੇ ਸੁਖਬੀਰ ਬਾਦਲ ਦਾ 10 ਦਿਨ ਦਾ ਹੋਰ ਸਮਾਂ ਵਧਾਇਆ ਸੀ। ਇਸ ਦੇ ਬਾਵਜੂਦ ਵੀ ਸੁਖਬੀਰ ਬਾਦਲ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਪੇਸ਼ ਨਹੀਂ ਹੋਏ। ਜਿਸ ਮਗਰੋਂ ਸੁਖਬੀਰ ਬਾਦਲ ਨੂੰ ਅੱਜ ਤਖਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ।
ਪੰਜ ਪਿਆਰਿਆਂ ਨੇ ਦੱਸਿਆ ਕਿ 21 ਮਈ ਨੂੰ ਸ੍ਰੀ ਅਕਾਲ ਤਖਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੱਲੋਂ ਕੀਤੇ ਗਏ ਇੱਕ ਫੈਸਲੇ ਤਹਿਤ ਤਖਤ ਸ੍ਰੀ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ ਨਿਯਮਾਂ ਨੂੰ ਚੁਣੌਤੀ ਦਿੱਤੀ ਗਈ ਸੀ। ਇਹ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਕਮੇਟੀ ਦੇ ਅਧਿਕਾਰ ਅਤੇ ਸ਼ਕਤੀਆਂ ਵਿੱਚ ਦਖਲਅੰਦਾਜ਼ੀ ਸੀ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਿਆਸੀ ਹਿੱਤਾਂ ਨਾਲ ਪ੍ਰੇਰਿਤ ਸੀ ਅਤੇ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਸਮੁੱਚੇ ਘਟਨਾਕ੍ਰਮ ਪਿੱਛੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਜ਼ਿਸ਼-ਘਾੜੇ ਵਜੋਂ ਸ਼ਮੂਲੀਅਤ ਹੈ। ਇਸ ਸਬੰਧ ਵਿੱਚ ਉਨ੍ਹਾਂ ਨੂੰ ਸਪੱਸ਼ਟੀਕਰਨ ਦੇਣ ਲਈ ਸੱਦਿਆ ਗਿਆ ਸੀ।
ਉਨ੍ਹਾਂ ਨੂੰ ਦੋ ਵਾਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਮੌਕਾ ਦਿੱਤਾ ਗਿਆ ਪਰ ਉਹ ਪੇਸ਼ ਨਹੀਂ ਹੋਏ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਪੀਲ ’ਤੇ ਉਨ੍ਹਾਂ ਨੂੰ ਆਖਰੀ ਵਾਰ ਮੁੜ 20 ਦਿਨ ਦਾ ਸਮਾਂ ਦਿੱਤਾ ਗਿਆ ਸੀ ਪਰ ਉਹ ਤੀਜੀ ਵਾਰ ਵੀ ਪੇਸ਼ ਨਹੀਂ ਹੋਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸੁਖਬੀਰ ਸਿੰਘ ਬਾਦਲ ਵਾਪਰੇ ਸਮੁੱਚੇ ਘਟਨਾਕ੍ਰਮ ਦੇ ਵਿਚ ਸ਼ਾਮਿਲ ਸਨ। ਉਨ੍ਹਾਂ ਕਿਹਾ ਕਿ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਕੀਤੇ ਗਏ ਆਦੇਸ਼ ਦੀ ਅਣਦੇਖੀ ਕਰਨ ਦਾ ਦੋਸ਼ੀ ਮੰਨਦੇ ਹੋਏ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਦੱਸਣ ਯੋਗ ਹੈ ਕਿ ਇਸ ਮਾਮਲੇ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਹੋਇਆ ਹੈ।