Pastor Bajinder Singh: ਪਾਸਟਰ ਬਜਿੰਦਰ ਸਿੰਘ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ ਹਨ। ਉਸ ਨੂੰ ਬੀਤੇ ਕੱਲ੍ਹ ਮੋਹਾਲੀ ਦੀ ਅਦਾਲਤ ਵਿੱਚ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਸੀ ਪਰ ਉਥੇ ਹੀ ਦੂਜੇ ਪਾਸੇ ਉਸ ਖਿਲਾਫ਼ ਮੋਹਾਲੀ ਤੇ ਚੰਡੀਗੜ੍ਹ ਦੇ ਚਾਰ ਲੋਕਾਂ ਨੇ ਹਾਈ ਕੋਰਟ ਵਿੱਟ ਪਟੀਸ਼ਨ ਦਾਖ਼ਲ ਕਰਦੇ ਹੋਏ ਪਾਸਟਰ ਬਜਿੰਦਰ ਸਿੰਘ ਤੇ ਉਸ ਦੇ ਸਮਰਥਕਾਂ ਤੋਂ ਜਾਨ ਨੂੰ ਖ਼ਤਰਾ ਦੱਸਦੇ ਹੋਏ ਸੁਰੱਖਿਆ ਦੀ ਗੁਹਾਰ ਲਗਾ ਦਿੱਤੀ ਹੈ। ਰਣਜੀਤ ਕੌਰ, ਰੁਪਿੰਦਰ ਕੌਰ, ਅਸ਼ੋਕ ਕੁਮਾਰ ਤੇ ਹਰਿੰਦਰ ਸਿੰਘ ਨੇ ਪਾਸਟਰ ਤੇ ਉਸ ਦੇ ਕਰੀਬੀਆਂ ਤੋਂ ਆਪਣੀ ਜਾਨ ਨੂੰ ਖ਼ਤਰਾ ਦੱਸਦੇ ਹੋਏ ਸੁਰੱਖਿਆ ਮੰਗੀ ਹੈ।
ਪਟੀਸ਼ਨਰਾਂ ਦਾ ਦੋਸ਼ ਹੈ ਕਿ ਉਹ ਸਾਰੇ ਪਹਿਲਾਂ ਬਜਿੰਦਰ ਸਿੰਘ ਨਾਲ ਕੰਮ ਕਰਦੇ ਸਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਧਰਮ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰ ਰਿਹਾ ਹੈ ਤਾਂ ਉਨ੍ਹਾਂ ਨੇ ਵਿਰੋਧ ਕੀਤਾ ਅਤੇ ਉਸ ਨੂੰ ਛੱਡਣ ਦਾ ਫੈਸਲਾ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। 13 ਅਤੇ 14 ਫਰਵਰੀ 2025 ਦੀ ਰਾਤ ਨੂੰ ਬਜਿੰਦਰ ਸਿੰਘ ਨੇ ਚਰਚ ਦੇ ਪ੍ਰੋਗਰਾਮ ਤੋਂ ਬਾਅਦ ਰਣਜੀਤ ਕੌਰ 'ਤੇ ਹਮਲਾ ਕਰ ਦਿੱਤਾ, ਉਨ੍ਹਾਂ ਨੂੰ ਥੱਪੜ ਮਾਰੇ ਅਤੇ ਗਲਾ ਘੁੱਟਣ ਦੀ ਕੋਸ਼ਿਸ਼ ਕੀਤੀ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਰਿਕਾਰਡ ਹੋ ਗਈ ਅਤੇ ਬਾਅਦ ਵਿੱਚ ਇਸਦੀ ਵੀਡੀਓ ਇੰਟਰਨੈੱਟ ਮੀਡੀਆ ਉੱਤੇ ਵਾਇਰਲ ਹੋ ਗਈ।
ਵੀਡੀਓ ਵਾਇਰਲ ਹੋਣ ਤੋਂ ਬਾਅਦ 18 ਫਰਵਰੀ ਨੂੰ ਪਟੀਸ਼ਨਰਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਬਜਿੰਦਰ ਸਿੰਘ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਇਸ ਤੋਂ ਬਾਅਦ ਉਸ ਨੂੰ ਲਗਾਤਾਰ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ ਕਿ ਜੇਕਰ ਉਸ ਨੇ ਮਾਮਲਾ ਅੱਗੇ ਵਧਾਇਆ ਤਾਂ ਉਸ ਨੂੰ ਝੂਠੇ ਕੇਸ ਵਿੱਚ ਫਸਾਇਆ ਜਾਵੇਗਾ। ਇਸ ਸਬੰਧੀ 25 ਫਰਵਰੀ ਨੂੰ ਮੁਹਾਲੀ ਦੇ ਐਸਐਸਪੀ ਨੂੰ ਸ਼ਿਕਾਇਤ ਦਿੱਤੀ ਗਈ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਸਬੰਧੀ ਪੁਲਿਸ ਨੂੰ ਈਮੇਲ ਰਾਹੀਂ ਸ਼ਿਕਾਇਤ ਵੀ ਭੇਜੀ ਗਈ ਸੀ ਪਰ ਕੋਈ ਜਵਾਬ ਨਹੀਂ ਮਿਲਿਆ।
ਜਦੋਂ ਇਹ ਵੀਡੀਓ ਇੰਟਰਨੈੱਟ ਮੀਡੀਆ 'ਤੇ ਵਾਇਰਲ ਹੋਈ ਅਤੇ ਲੋਕਾਂ ਦਾ ਦਬਾਅ ਵਧ ਗਿਆ ਤਾਂ 25 ਮਾਰਚ ਨੂੰ ਥਾਣਾ ਬਲਾਕ ਮਜਾਰੀ, ਐਸ.ਏ.ਐਸ ਨਗਰ, ਮੋਹਾਲੀ ਵਿਖੇ ਐਫ.ਆਈ.ਆਰ. ਦਰਜ ਕੀਤੀ ਗਈ। ਆਪਣੀ ਸੁਰੱਖਿਆ ਦੇ ਨਾਲ-ਨਾਲ ਪਟੀਸ਼ਨਰਾਂ ਨੇ ਇਹ ਵੀ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਮੁਹਾਲੀ ਤੋਂ ਬਾਹਰ ਕਿਸੇ ਸੀਨੀਅਰ ਪੁਲਿਸ ਅਧਿਕਾਰੀ ਜਾਂ ਐਸ.ਆਈ.ਟੀ. ਤੋਂ ਕਰਵਾਈ ਜਾਵੇ।
ਦੋ ਬੀਬੀਆਂ ਨੇ ਜਥੇਦਾਰ ਨਾਲ ਕੀਤੀ ਮੁਲਾਕਾਤ
ਅਖੌਤੀ ਪਾਸਟਰ ਬਜਿੰਦਰ ਵੱਲੋਂ ਪੀੜਤ ਦੋ ਬੀਬੀਆਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜ ਕੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਦੱਸਿਆ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਸਰਕਾਰ ਨੂੰ ਤਾੜਨਾ ਕੀਤੀ ਗਈ ਕਿ ਦੋਸ਼ੀ ਬਜਿੰਦਰ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।