Gurdaspur News: ਗੁਰਦਾਸਪੁਰ ਵਿੱਚ ਜ਼ਮੀਨ ਦਾ ਕਬਜ਼ਾ ਲੈਣ ਆਈ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਨੂੰ ਮੁਆਵਜ਼ਾ ਦਿੱਤੇ ਬਿਨਾਂ ਕਿਸਾਨਾਂ ਨੂੰ ਧੱਕੇ ਨਾਲ ਹਟਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਭ ਕੇਂਦਰ ਦੇ ਇਸ਼ਾਰੇ ਉਤੇ ਕੀਤੇ ਜਾ ਰਿਹਾ ਹੈ। ਇਸ ਦੌਰਾਨ ਮਾਹੌਲ ਤਣਾਅਪੂਰਨ ਬਣ ਗਿਆ। ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
ਜ਼ਿਲ੍ਹਾ ਪ੍ਰਸ਼ਾਸਨ ਨੇ ਗੁਰਦਾਸਪੁਰ ਦੇ ਸ੍ਰੀ ਹਰਗੋਬਿੰਦਪੁਰ ਕਸਬੇ ਦੇ ਪਿੰਡ ਚੀਮਾ ਖੁੱਡੀ ਵਿੱਚ ਦਿੱਲੀ-ਕੱਟੜਾ ਰਾਸ਼ਟਰੀ ਰਾਜਮਾਰਗ ਲਈ ਜ਼ਮੀਨ ਦਾ ਕਬਜ਼ਾ ਲੈਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਦੌਰਾਨ ਕਈ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਕਿਸਾਨਾਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਘੱਟ ਮੁਆਵਜ਼ਾ ਦੇ ਕੇ ਉਨ੍ਹਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਵਿਵਾਦ ਪਿੰਡ ਬਹੀਆਂ ਵਿੱਚ 37 ਕਨਾਲ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਹੈ। ਕਿਸਾਨਾਂ ਨੇ ਸੂਬਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਢੁਕਵਾਂ ਮੁਆਵਜ਼ਾ ਨਹੀਂ ਮਿਲਦਾ, ਉਹ ਜ਼ਮੀਨ 'ਤੇ ਕਬਜ਼ਾ ਨਹੀਂ ਹੋਣ ਦੇਣਗੇ।
ਇਹ ਵੀ ਪੜ੍ਹੋ : BBMB Meeting: ਬੀਬੀਐਮਬੀ ਦੇ ਅਧਿਕਾਰੀਆਂ ਦੀ ਸਪੈਸ਼ਲ ਮੀਟਿੰਗ ਅੱਜ; ਪਾਣੀ ਦੇ ਭਖਦੇ ਮੁੱਦੇ ਨੂੰ ਲੈ ਕੇ ਲਿਆ ਫ਼ੈਸਲਾ
ਏਡੀਸੀ ਨੇ ਦਫ਼ਤਰ ਆਉਣ ਬਾਰੇ ਕਿਹਾ
ਏਡੀਸੀ ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਸਾਰੇ ਕਿਸਾਨਾਂ ਨੂੰ ਮੁਆਵਜ਼ਾ ਦੇ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਉਨ੍ਹਾਂ ਜ਼ਮੀਨਾਂ 'ਤੇ ਹੀ ਕਬਜ਼ਾ ਕੀਤਾ ਜਾ ਰਿਹਾ ਹੈ ਜਿਨ੍ਹਾਂ ਲਈ ਮੁਆਵਜ਼ਾ ਦਿੱਤਾ ਗਿਆ ਹੈ। ਜੇਕਰ ਕਿਸੇ ਕਿਸਾਨ ਨੂੰ ਲੱਗਦਾ ਹੈ ਕਿ ਮੁਆਵਜ਼ਾ ਘੱਟ ਹੈ, ਤਾਂ ਉਹ ਉਨ੍ਹਾਂ ਦੇ ਦਫ਼ਤਰ ਆ ਕੇ ਗੱਲ ਕਰ ਸਕਦਾ ਹੈ। ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ, ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਕੀਤੇ ਗਏ ਸਨ। ਪ੍ਰਸ਼ਾਸਨ ਨੇ ਭਰੋਸਾ ਦਿੱਤਾ ਕਿ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ ਅਤੇ ਇਕੱਠੇ ਬੈਠ ਕੇ ਮਾਮਲਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਵਿੱਚ ਆੜ੍ਹਤੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ; ਦੁਕਾਨ ਵਿੱਚ ਵੜ੍ਹ ਕੇ ਕੀਤੀ ਫਾਇਰਿੰਗ