Home >>Punjab

Punjab News: ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; RDF ਅਤੇ MDF ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ

Punjab News: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ।

Advertisement
Punjab News: ਪੰਜਾਬ ਦੇ ਉਚ-ਪੱਧਰੀ ਵਫ਼ਦ ਵੱਲੋਂ ਕੇਂਦਰੀ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ; RDF ਅਤੇ MDF ਮੁੱਦੇ ਨੂੰ ਤੁਰੰਤ ਹੱਲ ਕਰਨ ਦੀ ਕੀਤੀ ਅਪੀਲ
Manpreet Singh|Updated: Dec 24, 2024, 08:34 PM IST
Share

Punjab News: ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ ਨਾਜ਼ੁਕ ਮੁੱਦੇ ਨੂੰ ਹੱਲ ਕਰਨ ਲਈ ਇੱਕ ਠੋਸ ਯਤਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਵਫ਼ਦ ਨੇ 7000 ਕਰੋੜ ਰੁਪਏ ਦੀਆਂ ਆਰ.ਡੀ.ਐਫ ਅਤੇ ਐਮ.ਡੀ.ਐਫ ਅਦਾਇਗੀਆਂ, ਜੋ ਕਿ ਪੰਜਾਬ ਦੇ ਵਿਆਪਕ ਖੇਤੀਬਾੜੀ ਮਾਰਕੀਟਿੰਗ ਬੁਨਿਆਦੀ ਢਾਂਚੇ ਨੂੰ ਬਣਾਈ ਰੱਖਣ ਲਈ ਮਹੱਤਵਪੂਰਨ ਹਨ, ਨੂੰ ਤੁਰੰਤ ਜਾਰੀ ਕਰਨ ਦੀ ਫੌਰੀ ਲੋੜ 'ਤੇ ਜ਼ੋਰ ਦਿੱਤਾ।

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੀਟਿੰਗ ਦੇ ਵੇਰਵਿਆਂ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਵਫ਼ਦ ਨੇ ਆਰ.ਡੀ.ਐਫ ਅਤੇ ਐਮ.ਡੀ.ਐਫ ਦੇ ਭੁਗਤਾਨ ਵਿੱਚ ਹੋ ਰਹੀ ਦੇਰੀ ਕਾਰਨ ਪੰਜਾਬ ਨੂੰ ਦਰਪੇਸ਼ ਵਿਲੱਖਣ ਚੁਣੌਤੀਆਂ 'ਤੇ ਜ਼ੋਰ ਦਿੰਦਿਆਂ ਇਸ ਮੀਟਿੰਗ ਵਿੱਚ ਉਸਾਰੂ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀ ਬੋਰਡ, ਮੰਡੀਆਂ, ਮੰਡੀਆਂ ਨੂੰ ਜੋੜਨ ਵਾਲੀਆਂ ਸੜਕਾਂ ਅਤੇ ਖੇਤੀਬਾੜੀ ਮੰਡੀਕਰਨ ਨਾਲ ਸਬੰਧਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਇਹਨਾਂ ਫੰਡਾਂ ਦੀ ਮਹੱਤਵਪੂਰਨ ਭੂਮਿਕਾ ਬਾਰੇ ਕੇਂਦਰੀ ਵਿੱਤ ਮੰਤਰੀ ਨੂੰ ਜਾਣੂ ਕਰਵਾਉਣ ਲਈ ਰਾਜ ਸਰਕਾਰ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਜੋ ਕਿ ਇੱਕ ਵਿਕੇਂਦਰੀਕ੍ਰਿਤ ਖਰੀਦ (ਡੀ.ਸੀ.ਪੀ) ਰਾਜ ਹੈ, ਦੇ ਮਾਮਲੇ ਵਿੱਚ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਤੁਲਨਾ ਹੋਰ ਗੈਰ-ਡੀਸੀਪੀ ਰਾਜਾਂ ਨਾਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਮੰਡੀ ਬੁਨਿਆਦੀ ਢਾਂਚਾ ਦਹਾਕਿਆਂ ਦੌਰਾਨ ਵਿਕਸਤ ਹੋਇਆ ਹੈ ਅਤੇ ਖਰੀਦ ਪ੍ਰਕਿਰਿਆਵਾਂ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨੂੰ ਇਸ ਦੇ ਵਿਸ਼ਾਲ ਅਤੇ ਲੰਬੇ ਸਮੇਂ ਲਈ ਪਰਖੇ ਜਾ ਚੁੱਕੇ ਬੁਨਿਆਦੀ ਢਾਂਚੇ, ਜੋ ਕਿਸੇ ਹੋਰ ਰਾਜ ਕੋਲ ਨਹੀਂ ਹੈ, ਦੇ ਕਾਰਨ ਇੱਕ ਵਧੇਰੇ ਆਰ.ਡੀ.ਐਫ/ਐਮ.ਡੀ.ਐਫ ਚਾਰਜ ਕਰਨਾ ਪੈਂਦਾ ਹੈ । ਉਨ੍ਹਾਂ ਕਿਹਾ ਕਿ ਇਹ ਆਰ.ਡੀ.ਐਫ ਅਤੇ ਐਮ.ਡੀ.ਐਫ ਦੀ ਬਦੌਲਤ ਹੈ ਕਿ ਪੰਜਾਬ ਆਪਣੇ ਦੂਰ-ਦੁਰਾਡੇ ਦੇ ਪਿੰਡਾਂ ਨੂੰ ਮੰਡੀਆਂ ਨਾਲ ਜੋੜਨ ਵਾਲੀਆਂ ਸੜਕਾਂ ਦਾ ਇੱਕ ਵਿਸ਼ਾਲ ਨੈੱਟਵਰਕ ਵਿਕਸਿਤ ਕਰਨ ਵਿੱਚ ਕਾਮਯਾਬ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਹੁਣ ਰੱਖ-ਰਖਾਅ ਅਤੇ ਰੀਕਾਰਪੇਟਿੰਗ ਦੀ ਮੰਗ ਕਰਦੀਆਂ ਹਨ, ਜੋ ਕਿ ਲੋੜੀਂਦੇ ਆਰ.ਡੀ.ਐਫ/ਐਮ.ਡੀ.ਐਫ ਫੰਡਾਂ ਤੋਂ ਬਿਨਾਂ ਸੰਭਵ ਨਹੀਂ ਹੋਵੇਗਾ।

ਆਰ.ਡੀ.ਐਫ ਅਤੇ ਐਮ.ਡੀ.ਐਫ ਮੁੱਦੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਫੰਡ ਜਾਰੀ ਕਰਨ 'ਚ ਹੋਰ ਦੇਰੀ ਸੂਬੇ ਦੀ ਆਪਣੇ ਬੁਨਿਆਦੀ ਢਾਂਚੇ ਨੂੰ ਕਾਇਮ ਰੱਖਣ ਦੀ ਸਮਰੱਥਾ ਨੂੰ ਗੰਭੀਰਤਾ ਨਾਲ ਸੀਮਤ ਕਰਨ ਦੇ ਨਾਲ-ਨਾਲ ਅਤੇ ਫਸਲਾਂ ਦੀ ਖਰੀਦ ਪ੍ਰਕ੍ਰਿਆ ਵਿੱਚ ਔਕੜਾਂ ਖੜ੍ਹੀਆਂ  ਕਰੇਗੀ ਜੋ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਕਦੇ ਨਹੀਂ ਚਾਹੇਗੀ। ਉਨ੍ਹਾਂ ਆਸ ਪ੍ਰਗਟਾਈ ਕਿ ਜਲਦੀ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਪੰਜਾਬ ਦੇ ਖੇਤੀਬਾੜੀ ਬੁਨਿਆਦੀ ਢਾਂਚੇ ਦੇ ਨਿਰੰਤਰ ਵਿਕਾਸ ਅਤੇ ਰੱਖ-ਰਖਾਅ ਲਈ ਅਤਿ ਲੋੜੀਂਦੀ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਵੱਲੋਂ ਆਰ.ਡੀ.ਐਫ ਅਤੇ ਐਮ.ਡੀ.ਐਫ ਦੀਆਂ ਅਦਾਇਗੀਆਂ ਜਲਦੀ ਹੀ ਜਾਰੀ ਕਰ ਦਿੱਤੀਆਂ ਜਾਣਗੀਆਂ।

Read More
{}{}