Amritpal Singh NSA News: ਪੰਜਾਬ ਸਰਕਾਰ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ (NSA) ਅਧੀਨ ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਹੈ। ਹਿਰਾਸਤ ਵਿੱਚ ਇੱਕ ਸਾਲ ਦਾ ਵਾਧਾ ਰਾਜ ਦੇ ਗ੍ਰਹਿ ਵਿਭਾਗ ਨੇ ਅੰਮ੍ਰਿਤਸਰ ਜ਼ਿਲ੍ਹਾ ਮੈਜਿਸਟ੍ਰੇਟ ਦੀ ਸਿਫ਼ਾਰਸ਼ ਤਹਿਤ ਕੀਤਾ ਹੈ। ਜਿਸ ਸਬੰਧੀ ਅਧਿਕਾਰਕ ਪੁਸ਼ਟੀ ਇੱਕ ਪੱਤਰ ਰਾਹੀ ਕੀਤੀ ਗਈ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲੱਗੇ ਨੈਸ਼ਨਲ ਸਿਕਿਓਰਿਟੀ ਐਕਟ (NSA) ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋਣੀ ਸੀ। ਅੰਮ੍ਰਿਤਪਾਲ ਸਿੰਘ ਨੂੰ ਹੁਣ 1 ਸਾਲ ਲਈ ਹੋਰ ਡਿਬਰੂਗੜ੍ਹ ਦੀ ਜੇਲ੍ਹ ਵਿਚ ਰਹਿਣਾ ਪਵੇਗਾ।
ਹਾਲਾਂਕਿ ਪਹਿਲਾਂ ਖ਼ਬਰਾਂ ਆ ਰਹੀਆਂ ਸੀ ਕਿ ਪੰਜਾਬ ਪੁਲਿਸ ਸਾਂਸਦ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਅਦਾਲਤ ਤੋਂ ਟ੍ਰਾਂਜ਼ਿਟ ਰਿਮਾਂਡ ਹਾਸਲ ਕਰਕੇ ਪੰਜਾਬ ਦੇ ਅੰਮ੍ਰਿਤਸਰ ਲਿਆ ਸਕਦੀ ਹੈ, ਜਿਸ ਦੌਰਾਨ 23 ਫਰਵਰੀ 2023 ਨੂੰ ਅਜਨਾਲਾ ਥਾਣੇ ‘ਤੇ ਹਮਲੇ ਦੇ ਮਾਮਲੇ ‘ਚ ਦਰਜ FIR ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਜਾਵੇਗਾ। ਉਪਰੰਤ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ 24 ਅਪ੍ਰੈਲ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ, ਜਿੱਥੋਂ ਉਸ ਦਾ ਰਿਮਾਂਡ ਲੈ ਕੇ ਅਜਨਾਲਾ ਥਾਣੇ “ਤੇ ਹੋਏ ਹਮਲੇ ਦੇ ਮਾਮਲੇ ਵਿਚ ਪੁੱਛਗਿੱਛ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸਦੇ 9 ਸਾਥੀਆਂ ਨੂੰ 2023 ਵਿੱਚ NSA ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਹੁਣ ਤੱਕ ਪਪਲਪ੍ਰੀਤ ਸਿੰਘ ਸਮੇਤ ਅੰਮ੍ਰਿਤਪਾਲ ਦੇ 9 ਸਾਥੀਆਂ ਨੂੰ ਪੰਜਾਬ ਲਿਆਂਦਾ ਜਾ ਚੁੱਕਾ ਹੈ। ਹੁਣ ਸਿਰਫ਼ ਅੰਮ੍ਰਿਤਪਾਲ ਸਿੰਘ ਹੀ NSA ਅਧੀਨ ਜੇਲ੍ਹ ਵਿੱਚ ਰਹਿ ਗਿਆ ਹੈ।