Home >>Punjab

ਰੱਖੜੀ ਦੇ ਤਿਉਹਾਰ ਮੌਕੇ 435 ਆਂਗਣਵਾੜੀ ਹੈਲਪਰਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ

Punjab News: ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਭਰਤੀ ਪ੍ਰਕਿਰਿਆ 1 ਸਤੰਬਰ 2025 ਤੋਂ ਸ਼ੁਰੂ ਕੀਤੀ ਜਾਵੇਗੀ, ਜੋ ਕਿ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ। 

Advertisement
ਰੱਖੜੀ ਦੇ ਤਿਉਹਾਰ ਮੌਕੇ 435 ਆਂਗਣਵਾੜੀ ਹੈਲਪਰਾਂ ਨੂੰ ਪੰਜਾਬ ਸਰਕਾਰ ਦਾ ਤੋਹਫਾ
Manpreet Singh|Updated: Aug 09, 2025, 06:26 PM IST
Share

Punjab News: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰਾਣੇ ਪੈਂਡਿੰਗ ਆਸ਼ਰਿਤ ਕੇਸਾਂ ਅਤੇ ਬਦਲੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਭਰਤੀ ਪ੍ਰਕਿਰਿਆ 1 ਸਤੰਬਰ 2025 ਤੋਂ ਸ਼ੁਰੂ ਕੀਤੀ ਜਾਵੇਗੀ, ਜੋ ਕਿ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਸਾਰੇ ਜ਼ਿਲਾ ਅਧਿਕਾਰੀਆਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ਿਕਾਇਤ ਮਿਲਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਰਤੀ ਪ੍ਰਕਿਰਿਆ 30 ਸਤੰਬਰ ਤੋਂ ਪਹਿਲਾਂ ਮੁਕੰਮਲ ਕਰ ਲਈ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣਾ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਹ ਤਰੱਕੀਆਂ ਇਸ ਦਿਸ਼ਾ ਵਿੱਚ ਇੱਕ ਹੋਰ ਮਹੱਤਵਪੂਰਨ ਕਦਮ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਲਗਾਤਾਰ ਉਪਰਾਲਿਆਂ ਨਾਲ ਮਹਿਲਾਵਾਂ ਨੂੰ ਆਰਥਿਕ ਤੇ ਸਮਾਜਿਕ ਮਜ਼ਬੂਤੀ ਮਿਲ ਰਹੀ ਹੈ, ਜਿਸ ਨਾਲ ਉਹ ਆਪਣੇ ਪਰਿਵਾਰ ਅਤੇ ਸਮਾਜ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾ ਰਹੀਆਂ ਹਨ।

Read More
{}{}