Punjab Budget 2025: ਪੰਜਾਬ ਦਾ ਬਜਟ ਪੇਸ਼ ਕਰਨ ਵੇਲੇ ਪੰਜਾਬ ਦੇ ਵਿੱਤ ਮੰਤਰੀ ਚੀਮਾ ਨੇ ਐਲਾਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿੱਚ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਘੋਸ਼ਣਾ ਦੇ ਨਾਲ ਇਸ ਦਿਸ਼ਾ ਵਿੱਚ ਵੱਡਾ ਕਦਮ ਚੁੱਕ ਰਹੇ ਹਾਂ ਜੋ ਉਸ ਜ਼ਿਲ੍ਹੇ ਦੇ ਲੋਕਾਂ ਦੀਆਂ ਸਭ ਤੋਂ ਮਹੱਤਵਪੂਰਨ ਸਥਾਨਕ ਰੋਜ਼ਾਨਾ ਵਿਕਾਸ ਜ਼ਰੂਰਤਾਂ 'ਤੇ ਖਰਚ ਕੀਤਾ ਜਾਵੇਗਾ। ਇਸ ਸਕੀਮ ਦਾ ਪ੍ਰਬੰਧਨ ਡਿਪਟੀ ਕਮਿਸ਼ਨਰਾਂ (ਡੀ.ਸੀ.) ਦੁਆਰਾ ਕੀਤਾ ਜਾਵੇਗਾ ਅਤੇ ਇਸ ਨੂੰ ਵਿਧਾਇਕਾਂ, ਜਨ ਸਭਾਵਾਂ, ਨਾਗਰਿਕ ਸਮੂਹਾਂ ਅਤੇ ਲੋਕਪੱਖੀ ਭਾਵਨਾਵਾਂ ਵਾਲੇ ਨਾਗਰਿਕਾਂ ਦੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਖਰਚ ਕੀਤਾ ਜਾਵੇਗਾ। ਇਹ ਫੰਡ ਸਾਡੇ ਸਾਰੇ ਜ਼ਿਲ੍ਹਿਆਂ ਦੇ ਸਾਰੇ ਖੇਤਰਾਂ ਜਿਵੇਂ ਕਿ ਸੜਕਾਂ ਅਤੇ ਪੁਲਾਂ ਦੀ ਉਸਾਰੀ ਅਤੇ ਮੁਰੰਮਤ, ਸਟਰੀਟ ਲਾਈਟਾਂ, ਕਲੀਨਿਕਾਂ, ਹਸਪਤਾਲਾਂ, ਸਕੂਲਾਂ, ਪਾਣੀ, ਸੈਨੀਟੇਸ਼ਨ ਆਦਿ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਵਿੱਚ ਵੱਡੀ ਸਹਾਇਤਾ ਕਰੇਗਾ। ਬਜਟ ਵਿੱਚ 'ਰੰਗਲਾ ਪੰਜਾਬ ਵਿਕਾਸ ਸਕੀਮ' ਲਈ 585 ਕਰੋੜ ਰੁਪਏ (ਪ੍ਰਤੀ ਹਲਕਾ 5 ਕਰੋੜ ਰੁਪਏ) ਰੱਖੇ ਗਏ ਹਨ।