Guru Nanak Dev Ji Parkash Purab: ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2025 ਵਿੱਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਸ਼ਰਧਾਲੂਆਂ ਤੋਂ ਅਪੀਲ ਕੀਤੀ ਹੈ ਕਿ ਉਹ ਆਪਣੇ ਪਾਸਪੋਰਟ 4 ਅਗਸਤ 2025 ਤੱਕ ਸ਼੍ਰੋਮਣੀ ਕਮੇਟੀ ਨੂੰ ਜਮ੍ਹਾਂ ਕਰਵਾਉਣ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਚ 4 ਅਗਸਤ ਤੱਕ ਜਮ੍ਹਾਂ ਕਰਵਾ ਦੇਣ।
ਪਾਸਪੋਰਟ ਦੇ ਨਾਲ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਲਾਜ਼ਮੀ ਹੋਵੇਗੀ। ਪ੍ਰਤਾਪ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ ਤਾਂ ਜੋ ਵੀਜ਼ਾ ਪ੍ਰਕਿਰਿਆ ਸਮੇਂ ਸਿਰ ਪੂਰੀ ਹੋ ਸਕੇ।
ਦੱਸਣਯੋਗ ਹੈ ਕਿ ਭਾਰਤ-ਪਾਕਿਸਤਾਨ ਵਿਚ ਪਹਲਗਾਮ ਹਮਲੇ ਤੋਂ ਬਾਅਦ ਦੋਹਾਂ ਦੇਸ਼ਾਂ ਵਿਚਕਾਰ ਸਬੰਧ ਪੂਰੀ ਤਰ੍ਹਾਂ ਤੋਂ ਤਣਾਅਪੂਰਨ ਹਨ। ਇਸ ਕਾਰਨ ਹੀ ਇਸ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵੀ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਹੀਂ ਜਾ ਸਕਿਆ ਸੀ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਭਾਰਤ ਸਰਕਾਰ ਇਸ ਵਾਰ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੰਦੀ ਹੈ ਜਾਂ ਨਹੀਂ।