Jathedar Giani Raghbir Singh: ਸ਼੍ਰੋਮਣੀ ਕਮੇਟੀ ਦੀ ਅੱਜ ਹੋਈ ਅੰਤ੍ਰਿੰਗ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਲਏ ਫੈਸਲਿਆਂ ਅਨੁਸਾਰ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨਾਲ ਹੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਵੀ ਅਹੁਦੇ ਤੋਂ ਸੇਵਾਮੁਕਤ ਕੀਤਾ ਗਿਆ ਹੈ।
ਮੀਟਿੰਗ ਉਪੰਰਤ ਪੱਤਰਕਾਰਾਂ ਨੂੰ SGPC ਮੈਂਬਰ ਕੁਲਵੰਤ ਸਿੰਘ ਪੁੜੈਣ ਨੇ ਦੱਸਿਆ ਕਿ ਅੱਜ ਬੈਠਕ ਦੌਰਾਨ ਗਿਆਨੀ ਰਘਬੀਰ ਸਿੰਘ ਦੀਆਂ ਜਥੇਦਾਰ ਵਜੋਂ ਸੇਵਾਵਾਂ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹਾਲਾਂਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੇ ਨਾਲ ਹੀ ਕੇਸ ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ। ਉਹ ਵੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਬਣੇ ਰਹਿਣਗੇ। ਇੱਥੇ ਦੱਸ ਦੇਈਏ ਕਿ ਅੱਜ ਦੀ ਇਕੱਤਰਤਾ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਅਜੇ ਤੱਕ ਕੋਈ ਵਿਚਾਰ ਚਰਚਾ ਨਹੀਂ ਕੀਤੀ ਗਈ। ਹਾਲਾਂਕਿ ਇਸ ਤੋਂ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੱਜੋਂ ਗਿਆਨੀ ਕੁਲਦੀਪ ਸਿੰਘ ਗੜਗਜ ਸੇਵਾਵਾਂ ਨਿਭਾਉਣਗੇ। ਇਸਦੇ ਨਾਲ ਹੀ ਉਨ੍ਹਾਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਵੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕਮੇਟੀ ਵੱਲੋਂ ਬਾਬਾ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਵੱਲੋਂ ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੀ ਤਰੀਕ ਦਾ ਵੀ ਐਲਾਨ ਕੀਤਾ ਗਿਆ ਹੈ, ਜੋ ਕਿ 28 ਮਾਰਚ ਨੂੰ ਹੋਵੇਗਾ।